ਕੁਲਦੀਪ ਸਿੰਘ
ਚੰਡੀਗੜ੍ਹ, 22 ਜੂਨ
ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਸਖ਼ਤ ਨਾਰਾਜ਼ਗੀ ’ਤੇ ਚੱਲ ਰਹੇ ਪੰਜਾਬ ਸਰਕਾਰ ਦੇ ਮੁਲਾਜ਼ਮ ਭਲਕੇ 23 ਜੂਨ ਤੋਂ ਸ਼ੁਰੂ ਹੋ ਰਹੀ ਪੰਜ ਰੋਜ਼ਾ ਕਲਮ ਛੱਡੋ ਹੜਤਾਲ ਸਬੰਧੀ ਅੱਜ ਦਫ਼ਤਰਾਂ ਵਿੱਚੋਂ ਵਾਕਆਊਟ ਕਰ ਕੇ ਬਾਹਰ ਆ ਗਏ। ਪੰਜਾਬ ਅਤੇ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਦਫ਼ਤਰਾਂ ਦੇ ਬਾਹਰ ਇਕੱਠੇ ਹੋਏ ਮੁਲਾਜ਼ਮਾਂ ਵੱਲੋਂ ਗੇਟ ਰੈਲੀਆਂ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟ ਕੀਤਾ ਗਿਆ।
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਥੇਬੰਦੀ ਦੇ ਸੱਦੇ ’ਤੇ ਕੀਤੀ ਜਾ ਰਹੀ ਹੜਤਾਲ ਦੇ ਮੱਦੇਨਜ਼ਰ ਅੱਜ ਜਿੱਥੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਗਟਾਇਆ ਗਿਆ। ਚੰਡੀਗੜ੍ਹ ਦੇ ਸੈਕਟਰ 17 ਸਥਿਤ ਡਾਇਰੈਕਟੋਰੇਟ ਦਫ਼ਤਰਾਂ ਵਿੱਚ ਟਰਾਂਸਪੋਰਟ ਵਿਭਾਗ ਪੰਜਾਬ, ਸਹਿਕਾਰਤਾ ਵਿਭਾਗ ਤੇ ਉਦਯੋਗ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੇ ਯੂਨੀਅਨ ਆਗੂਆਂ ਰੰਜੀਵ ਸ਼ਰਮਾ, ਅਮਰਜੀਤ ਸਿੰਘ, ਸੈਮੂਅਲ ਮਸੀਹ, ਜਸਵਿੰਦਰ ਸਿੰਘ, ਸੁਖਚੈਨ ਸਿੰਘ, ਸ਼ੁਭਮ ਵਾਲੀਆ ਦੀ ਅਗਵਾਈ ਹੇਠ ਸਾਂਝੀ ਰੋਸ ਰੈਲੀ ਕੀਤੀ। ਵਿੱਤ ਤੇ ਯੋਜਨਾ ਭਵਨ ਸੈਕਟਰ-33 ਵਿੱਚ ਪ੍ਰਧਾਨ ਕੰਵਲਜੀਤ ਕੌਰ, ਜਨਰਲ ਸਕੱਤਰ ਗੋਪਾਲ, ਮਨਜੀਤ ਕੌਰ ਤੇ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਰੋਸ ਰੈਲੀ ਕਰਦਿਆਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮ ਆਗੂ ਗੁਰਮੇਲ ਸਿੰਘ ਸਿੱਧੂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰ ਕੇ ਰੈਲੀ ਨੂੰ ਸੰਬੋਧਨ ਕੀਤਾ।
ਪੰਜਾਬ ਸਿਵਲ ਸਕੱਤਰੇਤ-2 ਵਿਚ ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ ਮੁਲਾਜ਼ਮਾਂ ਵੱਲੋਂ ਰੋਸ ਪ੍ਰਗਟਾਇਆ ਗਿਆ। ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ, ਸਾਂਝਾ ਮੁਲਾਜ਼ਮ ਮੰਚ ਤੋਂ ਪਰਵਿੰਦਰ ਸਿੰਘ ਖੰਘੂੜਾ, ਅਮਿਤ ਕਟੋਚ ਆਦਿ ਨੇ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਸਿਰੇ ਤੋਂ ਨਕਾਰਦਿਆਂ ਇਸ ਨੂੰ ਸੋਧ ਕੇ ਲਾਗੂ ਕਰਨ ਦੀ ਮੰਗ ਕੀਤੀ।