ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 26 ਅਗਸਤ
ਮੌਜੂਦਾ ਸਮੇਂ ਵਿੱਚ ਮੁਹਾਲੀ ਧਰਨਿਆਂ ਦੀ ਰਾਜਧਾਨੀ ਬਣ ਗਿਆ ਹੈ। ਸ਼ਹਿਰ ਦੇ ਕਿਸੇ ਨਾ ਕਿਸੇ ਕੋਨੇ ਵਿੱਚ ਪੀੜਤਾਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਇਹ ਲੜੀਵਾਰ ਧਰਨਾ ਅੱਜ 72ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਸਿੱਖਿਆ ਭਵਨ ਦੇ ਬਾਹਰ ਹੀ 17 ਜੂਨ ਤੋਂ ਲੜੀਵਾਰ ਧਰਨੇ ’ਤੇ ਬੈਠੇ ਗਏ ਰਿਵਾਈਜ਼ ਟੈੱਟ-2011 ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ ਅੱਜ 71ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਕੱਚੇ ਅਧਿਆਪਕ ਅੱਜ ਸਿੱਖਿਆ ਸਕੱਤਰ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠ ਗਏ। ਇੱਥੋਂ ਦੇ ਸੈਕਟਰ-68 ਸਥਿਤ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਬਾਹਰ ਬੇਰੁਜ਼ਗਾਰ ਸਟੈਨੋ ਟਾਈਪਿਸਟ ਲੜੀਵਾਰ ਧਰਨੇ ’ਤੇ ਬੈਠੇ ਹਨ। ਅੱਜ 2016 ਤੋਂ ਫਾਈਨਲ ਸੂਚੀ ਵਾਲੇ ਡਰਾਈਵਰਾਂ ਨੇ ਵੀ ਇਸੇ ਥਾਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਪੁੱਡਾ ਗਰਾਊਂਡ ਵਿੱਚ ਪੰਜਾਬ ਹੋਮ ਗਾਰਡ ਦੇ ਆਸ਼ਰਿਤ ਪਰਿਵਾਰ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਹਨ। ਇਸੇ ਤਰ੍ਹਾਂ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਮੈਂਬਰ ਮੰਗਾਂ ਨੂੰ ਲੈ ਕੇ ਵਿਕਾਸ ਭਵਨ ਦੇ ਬਾਹਰ ਧਰਨੇ ’ਤੇ ਬੈਠੇ ਹਨ। ਉਧਰ, ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ ਮੁਹਾਲੀ ਦੇ ਕਿਸਾਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਲੜੀਵਾਰ ਭੁੱਖ-ਹੜਤਾਲ ’ਤੇ ਬੈਠੇ ਹਨ।
ਮੰਤਰੀ ਮੰਡਲ ਦੇ ਫ਼ੈਸਲੇ ਦੀ ਨਿਖੇਧੀ
ਚੰਡੀਗੜ੍ਹ (ਪੱਤਰ ਪ੍ਰੇਰਕ): ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰਾਂ ਸਤੀਸ਼ ਰਾਣਾ, ਜਗਦੀਸ਼ ਸਿੰਘ ਚਾਹਲ, ਜਰਮਨਜੀਤ ਸਿੰਘ ਨੇ ਅੱਜ ਮੰਤਰੀ ਮੰਡਲ ਦੇ ਕੀਤੇ ਫ਼ੈਸਲੇ ਨੂੰ ਸਰਕਾਰੀ ਧੱਕੇਸ਼ਾਹੀ ਗਰਦਾਨਿਆ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਖਿਲਾਫ਼ ਸੰਘਰਸ਼ ਦੇ ਅਗਲੇ ਐਕਸ਼ਨਾਂ ਸਬੰਧੀ 27 ਅਗਸਤ ਨੂੰ ਮੀਟਿੰਗ ਰੱਖੀ ਗਈ ਹੈ ਜਿਸ ਵਿੱਚ ਰੂਪਰੇਖਾ ਉਲੀਕੀ ਜਾਵੇਗੀ।