ਮਿਹਰ ਸਿੰਘ
ਕੁਰਾਲੀ, 24 ਜੁਲਾਈ
ਸਥਾਨਕ ਨਗਰ ਕੌਂਸਲ ਨੇ ਵਾਤਾਵਰਨ ਦੀ ਸੰਭਾਲ ਦੇ ਮੱਦੇਨਜ਼ਰ ਸ਼ਹਿਰ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਕਾਰਜਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਸ਼ੁਰੂ ਹੋਈ ਇਸ ਮੁਹਿੰਮ ਦਾ ਉਦਘਾਟਨ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ ਨੇ ਕੀਤਾ।
ਅਧਰੇੜਾ ਵਾਲੀ ਨਦੀ ਨੇੜੇ ਨਵਾਂ ਜੰਗਲ ਸਥਾਪਿਤ ਕਰਨ ਲਈ ਨਗਰ ਕੌਂਸਲ ਵਲੋਂ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜੋਧਾ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਕੌਂਸਲਰ ਬਹਾਦਰ ਸਿੰਘ ਓ ਕੇ, ਕੌਂਸਲਰ ਨੰਦੀ ਪਾਲ ਬਾਂਸਲ, ਡਾ. ਅਸ਼ਵਨੀ ਸ਼ਰਮਾ, ਚੇਅਰਮੈਨ ਹਰੀਸ਼ ਰਾਣਾ, ਖੁਸ਼ਵੀਰ ਸਿੰਘ ਹੈਪੀ ਤੇ ਹੋਰਨਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਸ੍ਰੀ ਭੱਟੀ ਨੇ ਦੱਸਿਆ ਕਿ ਸ਼ਹਿਰ ਦੀਆਂ ਖਾਲੀ ਥਾਵਾਂ ’ਤੇ ਕੌਂਸਲ ਵੱਲੋਂ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਇਸ ਮੁਹਿੰਮ ਵਿੱਚ ਹਰ ਸ਼ਹਿਰੀ ਨੂੰ ਹਿੱਸਾ ਬਣਨ ਅਤੇ ਖਾਲੀ ਥਾਵਾਂ ’ਤੇ ਬੂਟੇ ਲਗਾਉਣ ਦੀ ਅਪੀਲ ਕੀਤੀ। ਸ੍ਰੀ ਭੱਟੀ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਵਿੱਚ ਕੌਂਸਲ ਦਾ ਸਹਿਯੋਗ ਕਰਨ ਲਈ ਕਿਹਾ। ਇਸ ਦੌਰਾਨ ਵਾਤਾਵਰਨ ਸੰਭਾਲ ਵਿੱਚ ਯੋਗਦਾਨ ਪਾਉਣ ਵਾਲੇ ਕੌਂਸਲ ਕਰਮਚਾਰੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।