ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 7 ਅਪਰੈਲ
‘ਵਾਤਾਵਰਨ ਵਿੱਚ ਆ ਰਹੇ ਵਿਗਾੜ ਕਾਰਨ ਦਿਨੋਂ ਦਿਨ ਬਿਮਾਰੀਆਂ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ, ਜਿਸ ਨੂੰ ਠੱਲ੍ਹ ਪਾਉਣ ਲਈ ਵਾਤਾਵਰਨ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ।’ ਇਹ ਗੱਲ ਅੱਜ ਇੱਥੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਡਾ. ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿੱਚ ਵਿਸ਼ਵ ਸਿਹਤ ਦਿਵਸ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਨੂੰ ਸ਼ੁੱਧ ਬਣਾਉਣ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਮੰਤਰੀ ਨੇ ਇਹ ਵੀ ਅਪੀਲ ਕੀਤੀ ਕਿ ਦਫ਼ਤਰੀ ਜਾਂ ਹੋਰ ਕੰਮਕਾਜੀ ਵਿਅਕਤੀ ਹਫ਼ਤੇ ਵਿੱਚ ਘੱਟੋ-ਘੱਟ ਇੱਕ ਦਿਨ ਸਾਈਕਲ ਜਾਂ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ। ਸਿਹਤ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਮੁਹੱਲਾ ਕਲੀਨਿਕ ਸ਼ੁਰੂ ਕਰਨ ਬਾਰੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਸਾਰੇ ਹਸਪਤਾਲਾਂ ਨੂੰ ਲੋੜ ਅਨੁਸਾਰ ਅਪਗਰੇਡ ਕਰਨ ਸਮੇਤ ਮੈਡੀਕਲ ਕਾਲਜਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈੱਸ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਵਾਸੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਹਿੱਤ ਤਿਆਰ ਕਰਵਾਈਆਂ ਗਈਆਂ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਸਿਹਤ ਨਿਗਮ ਦੇ ਐਮਡੀ ਭੁਪਿੰਦਰ ਸਿੰਘ, ਡਾਇਰੈਕਟਰ ਡਾ. ਜੀ.ਬੀ. ਸਿੰਘ, ਡਾ. ਅਵਨੀਸ਼ ਕੁਮਾਰ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਸਿਹਤ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਣਕ-ਝੋਨੇ ਦੇ ਫਸਲੀ ਚੱਕਰ ’ਚੋਂ ਬਾਹਰ ਨਿਕਲਣ ਦਾ ਯਤਨ ਕਰਨ ਕਿਉਂਕਿ ਮੌਜੂਦਾ ਸਮੇਂ ਵਿੱਚ ਝੋਨੇ ਦੀ ਖੇਤੀ ਕਾਰਨ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਡੂੰਘਾ ਹੁੰਦਾ ਜਾ ਰਿਹਾ ਹੈ, ਜਦਕਿ ਕਣਕ ਦੀ ਪੈਦਾਵਾਰ ਨੂੰ ਵਧਾਉਣ ਲਈ ਕੈਮੀਕਲ ਖਾਦਾਂ ਅਤੇ ਸਪਰੇਆਂ ਦੀ ਵਰਤੋਂ ਕਾਰਨ ਸੂਬੇ ਦੇ ਲੋਕ ਮੱਧ ਪ੍ਰਦੇਸ਼ ਤੋਂ ਮਹਿੰਗੀ ਕਣਕ ਮੰਗਾ ਕੇ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ’ਚੋਂ ਹੋ ਰਹੇ ਪ੍ਰਵਾਸ ਬਾਰੇ ਵੀ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਇਸ ਲਈ ਉਚੇਰੀ ਸਿੱਖਿਆ, ਵਧੀਆ ਰਹਿਣ ਸਹਿਣ ਅਤੇ ਸਾਫ਼ ਸੁਥਰਾ ਵਾਤਾਵਰਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਮੁਹੱਈਆ ਕਰਵਾਉਣ ਦੀ ਲੋੜ ਹੈ।