ਪੱਤਰ ਪ੍ਰੇਰਕ
ਪਾਇਲ, 24 ਜੂਨ
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਮਗਰੋਂ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਅਸਥਾਨ ਦੇ ਹਜ਼ੂਰੀ ਜਥੇ ਦੇ ਸਿੰਘ ਭਾਈ ਭੁਪਿੰਦਰ ਸਿੰਘ, ਭਾਈ ਬਲਦੇਵ ਸਿੰਘ ਅਤੇ ਭਾਈ ਮਨਵੀਰ ਸਿੰਘ ਮਨੀ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਭਾਈ ਮਨਵੀਰ ਸਿੰਘ ਮਨੀ ਨੇ ਇਕੱਤਰ ਹੋਈਆਂ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਪੁੱਜੀਆਂ ਸਮੂਹ ਸ਼ਖ਼ਸੀਅਤਾਂ ਦਾ ਸਨਮਾਨ ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ ਨੇ ਕੀਤਾ। ਇਸ ਮੌਕੇ ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਅਮਰ ਸਿੰਘ ਮੁੱਖ ਕਥਾਵਾਚਕ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਬਾਬਾ ਮੋਹਣ ਸਿੰਘ ਮਹੋਲੀ, ਡਾ. ਗੁਰਨਾਮ ਕੌਰ ਗਰੇਵਾਲ ਚੰਡੀਗੜ੍ਹ, ਮਲਕੀਤ ਸਿੰਘ ਪਨੇਸ਼ਰ, ਭਾਈ ਗੁਰਨਾਮ ਸਿੰਘ ਅੜੈਚਾਂ, ਭਾਈ ਮਨਿੰਦਰਜੀਤ ਸਿੰਘ ਬੈਨੀਪਾਲ, ਭਾਈ ਬਾਵਾ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਪਰਮਜੀਤ ਸਿੰਘ ਪੰਮਾ ਤੇ ਭਾਈ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।