ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 7 ਦਸੰਬਰ
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਸਾਹਿਬ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜਥੇ ਨੇ ਬਾਬਾ ਜੁਝਾਰ ਸਿੰਘ ਜੀ ਦੇ ਜੀਵਨ ਬਿਰਤਾਂਤ ਬਾਰੇ ਸੰਗਤਾਂ ਨੂੰ ਜਾਣੂ ਕਰਾਇਆ। ਭਾਈ ਮਹਿੰਦਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ।
ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਆਨੰਦਪੁਰ ਸਾਹਿਬ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਪ੍ਰਸੰਗ ਸੁਣਾਇਆ। ਇਸ ਮੌਕੇ ਭਾਈ ਬਹਾਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰ ਏ ਪੰਜਾਬ ਕਵੀਸ਼ਰੀ ਜਥਾ, ਭਾਈ ਰਵਿੰਦਰ ਸਿੰਘ ਜੀ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 19 ਦਸਬੰਰ ਨੂੰ ਹਿੰਦ ਦੀ ਚਾਦਰ ਨੌਵੇ ਗੁਰੂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।