ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 4 ਅਪਰੈਲ
ਇੱਥੇ ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ ਅੱਜ ਸਵੇਰੇ ਸੈਕਟਰ-19, 22, 23 ਤੇ ਹੋਰ ਸੈਕਟਰਾਂ ਵਿੱਚ ਪੁਸਤਕਾਂ ਤੇ ਸਟੇਸ਼ਨਰੀ ਵੇਚਣ ਵਾਲਿਆਂ ਦੀਆਂ ਦੁਕਾਨਾਂ ’ਤੇ ਛਾਪੇ ਮਾਰ ਕੇ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਨੇ ਦਸ ਦੁਕਾਨਦਾਰਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਕਈ ਪੁਸਤਕ ਵਿਕਰੇਤਾ ਮਾਪਿਆਂ ਦੀ ਭੀੜ ਦਾ ਫਾਇਦਾ ਚੁੱਕ ਕੇ ਬਿਨਾਂ ਬਿੱਲਾਂ ਤੋਂ ਕਿਤਾਬਾਂ ਵੇਚ ਰਹੇ ਹਨ। ਦੂਜੇ ਪਾਸੇ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿ ਇਹ ਉਨ੍ਹਾਂ ਦੀ ਆਮ ਕਾਰਵਾਈ ਹੈ ਪਰ ਸੂਤਰਾਂ ਨੇ ਦੱਸਿਆ ਕਿ ਇਹ ਕਾਰਵਾਈ ਭਲਕੇ ਵੀ ਜਾਰੀ ਰਹੇਗੀ। ਦੂਜੇ ਪਾਸੇ ਸੈਕਟਰ-23 ਦੇ ਪੁਸਤਕ ਵਿਕਰੇਤਾ ਨੇ ਦੱਸਿਆ ਕਿ ਟੀਮ ਨੇ ਜਿਹੜੇ ਦਸਤਾਵੇਜ਼ ਮੰਗੇ ਸਨ ਉਨ੍ਹਾਂ ਨੂੰ ਦੇ ਦਿੱਤੇ ਗਏ ਹਨ ਤੇ ਉਨ੍ਹਾਂ ਵੱਲੋਂ ਕਿਸੇ ਨੂੰ ਵੀ ਬਿਨਾਂ ਬਿੱਲ ਤੋਂ ਪੁਸਤਕਾਂ ਨਹੀਂ ਦਿੱਤੀਆਂ ਜਾ ਰਹੀਆਂ।
ਯੂਟੀ ਦੇ ਸਿੱਖਿਆ ਵਿਭਾਗ ਨੇ ਅੱਜ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਉਹ ਵਿਦਿਆਰਥੀਆਂ ਦੇ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਪੁਸਤਕਾਂ ਜਾਂ ਵਰਦੀਆਂ ਖਰੀਦਣ ਲਈ ਨਹੀਂ ਕਹਿਣਗੇ।
ਡੀਈਓ ਨੇ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕੁਝ ਸਕੂਲ ਮਾਪਿਆਂ ਨੂੰ ਖਾਸ ਦੁਕਾਨਾਂ ਤੋਂ ਪੁਸਤਕਾਂ ਖਰੀਦਣ ਲਈ ਦਬਾਅ ਪਾ ਰਹੇ ਹਨ। ਜਾਣਕਾਰੀ ਅਨੁਸਾਰ ਜ਼ਿਆਦਾਤਰ ਸਕੂਲ ਕਿਤਾਬਫਰੋਸ਼ਾਂ ਤੋਂ ਭਾਰੀ ਕਮਿਸ਼ਨਾਂ ਲੈ ਰਹੇ ਹਨ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਖਾਸ ਦੁਕਾਨਾਂ ਤੋਂ ਹੀ ਕਿਤਾਬਾਂ ਲਿਆਉਣ ਲਈ ਕਹਿ ਰਹੇ ਹਨ।