ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਪਰੈਲ
ਕਰ ਅਤੇ ਆਬਕਾਰੀ ਵਿਭਾਗ ਵੱਲੋਂ ਲੰਘੇ ਦਿਨ ਪੁਸਤਕ ਅਤੇ ਸਟੇਸ਼ਨਰੀ ਵੇਚਣ ਵਾਲੀਆਂ ਦੁਕਾਨਾਂ ’ਤੇ ਮਾਰੇ ਗਏ ਛਾਪੇ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ-ਕਮ-ਕਰ ਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਪੁਸਤਕ ਅਤੇ ਵਰਦੀਆਂ ਦਾ ਕਾਰੋਬਾਰ ਕਰਨ ਵਾਲਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਕਰ ਅਤੇ ਆਬਕਾਰੀ ਕਮਿਸ਼ਨਰ ਨੇ ਸਮੂਹ ਦੁਕਾਨਦਾਰਾਂ ਨੂੰ ਕਿਤਾਬਾਂ ਅਤੇ ਵਰਦੀਆਂ ਦੇ ਸਹੀ ਬਿੱਲ ਜਾਰੀ ਕਰਨ ਦੇ ਹੁੱਕਮ ਦਿੱਤੇ ਗਏ। ਉਨ੍ਹਾਂ ਕਿਹਾ ਕਿ ਕਿਤਾਬਾਂ ਅਤੇ ਵਰਦੀਆਂ ਦੇ ਸਹੀ ਬਿੱਲ ਜਾਰੀ ਨਾ ਕਰਨ ਵਾਲੇ ਦੁਕਾਨਦਾਰਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਸਕੱਤਰ ਸਿੱਖਿਆ ਪੂਰਵਾ ਗਰਗ ਨੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਕਿ ਕਿਤਾਬਾਂ ਅਤੇ ਵਰਦੀਆਂ ਲਈ ਕਿਸੇ ਇਕ ਦੁਕਾਨ ਦਾ ਪਤਾ ਨਾ ਦਿੱਤਾ ਜਾਵੇ। ਕਿਤਾਬਾਂ ਅਤੇ ਵਰਦੀਆਂ ਦੀ ਖਰੀਦ ਲਈ ਮਾਪਿਆਂ ਨੂੰ ਛੋਟ ਹੋਣੀ ਚਾਹੀਦੀ ਹੈ, ਉਹ ਆਪਣੀ ਮਰਜ਼ੀ ਅਨੁਸਾਰ ਖਰੀਦਦਾਰੀ ਕਰਨ। ਉਨ੍ਹਾਂ ਕਿਹਾ ਕਿ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਪ੍ਰਬੰਧਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਾਇਰੈਕਟਰ ਸਕੂਲ ਸਿੱਖਿਆ ਪਾਲਿਕਾ ਅਰੋੜਾ, ਉੱਚੇਰੀ ਸਿੱਖਿਆ ਵਿਭਾਗ ਅਤੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।