ਪੱਤਰ ਪ੍ਰੇਰਕ
ਰੂਪਨਗਰ, 30 ਅਗਸਤ
ਰੂਪਨਗਰ ਵਿਧਾਨ ਸਭਾ ਹਲਕੇ ਵਿੱਚ ਪੈਂਦੀ ਅੰਬੂਜਾ ਸੀਮਿੰਟ ਫ਼ੈਕਟਰੀ ਨਾਲ ਸਬੰਧਤ ਲੋਕਾ ਦੇ ਰੁਜ਼ਗਾਰ ਅਤੇ ਨਜ਼ਦੀਕੀ ਪਿੰਡਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵੱਲੋਂ ਪ੍ਰਭਾਵਿਤ ਪਿੰਡਾਂ ਦੇ ਸਰਪੰਚਾਂ ਅਤੇ ਨੁਮਾਇੰਦਿਆ ਨੂੰ ਨਾਲ ਲੈ ਕੇ ਰੂਪਨਗਰ ਵਿਚ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੋਰਾਨ ਬਰਿੰਦਰ ਸਿੰਘ ਢਿੱਲੋਂ ਅਤੇ ਇਲਾਕੇ ਦੇ ਮੋਹਤਵਰ ਵਿਅਕਤੀਆਂ ਨੇ ਮਨੀਸ਼ ਤਿਵਾੜੀ ਨੂੰ ਅੰਬੂਜਾ ਸੀਮਿੰਟ ਫ਼ੈਕਟਰੀ ਕਾਰਨ ਆ ਸਾਰੀਆਂ ਸਮੱਸਿਆਵਾਂ ਦੱਸਦੇ ਹੋਏ ਇਨ੍ਹਾਂ ਦਾ ਹੱਲ ਕਰਵਾਉਣ ਦੀ ਅਪੀਲ ਕੀਤੀ। ਬਰਿੰਦਰ ਢਿੱਲੋਂ ਨੇ ਕਿਹਾ ਕਿ ਸਥਾਨਕ ਲੋਕਾ ਨੂੰ ਇਸ ਫ਼ੈਕਟਰੀ ਵਿੱਚ ਸਿੱਧੇ ਤੇ ਅਸਿੱਧੇ ਤੌਰ ’ਤੇ ਰੁਜ਼ਗਾਰ ਦੇਣ ਵਿੱਚ ਤਰਜੀਹ ਦਿੱਤੀ ਜਾਵੇ ਕਿਉਂਕਿ ਫ਼ੈਕਟਰੀ ਦੀਆਂ ਸਮੱਸਿਆਵਾਂ ਨਾਲ ਇਲਾਕੇ ਦੇ ਲੋਕਾਂ ਦਾ ਜੀਵਨ ਪ੍ਰਭਾਵਿਤ ਹੁੰਦਾ ਹੈ ਇਸ ਕਾਰਨ ਇਲਾਕੇ ਦੇ ਲੋਕਾਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਢਿੱਲੋਂ ਨੇ ਮਨੀਸ਼ ਤਿਵਾੜੀ ਨੂੰ ਵੀ ਐੱਮਪੀ ਲੈਡ ਫੰਡ ਵਿੱਚੋਂ ਇਸ ਇਲਾਕੇ ਦਾ ਵਿਕਾਸ ਕਰਵਾਉਣ ਦੀ ਅਪੀਲ ਕੀਤੀ।