ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 3 ਅਕਤੂਬਰ
ਇੱਥੇ ਮੰਗਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰ ਕੇ ਮੁਜ਼ਾਹਰਾ ਕੀਤਾ ਗਿਆ। ਰੋਹ ਵਿੱਚ ਆਏ ਕਿਸਾਨਾਂ ਨੇ ਡੀਸੀ ਦਫ਼ਤਰ ਮੂਹਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਧਰਨਾ ਖ਼ਤਮ ਕਰਨ ਤੋਂ ਪਹਿਲਾਂ ਕਿਸਾਨਾਂ ਨੇ ਦੋ ਮਿੰਟ ਮੋਨ ਰੱਖ ਕੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਕਿਸਾਨ ਆਗੂ ਜਸਪਾਲ ਸਿੰਘ ਨਿਆਮੀਆਂ, ਗੁਰਨਾਮ ਸਿੰਘ ਦਾਊ, ਰਣਬੀਰ ਸਿੰਘ ਗਰੇਵਾਲ, ਕਿਰਪਾਲ ਸਿੰਘ ਸਿਆਊ ਤੇ ਲਖਵਿੰਦਰ ਸਿੰਘ ਕਰਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਤਿੰਨੋਂ ਖੇਤੀ ਕਾਲੇ ਕਾਨੂੰਨ ਵਾਪਸ ਲੈਣ ਸਮੇਂ ਕਿਸਾਨਾਂ ਦੀਆਂ ਬਾਕੀ ਮੰਗਾਂ ਵੀ ਜਲਦੀ ਮੰਨਣ ਦਾ ਭਰੋਸਾ ਦਿੱਤਾ ਸੀ ਲੇਕਿਨ ਹੁਣ ਤੱਕ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਕੋਈ ਮੰਗ ਪੂਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਲਖੀਮਪੁਰੀ ਦੇ ਘਟਨਾ ਨੂੰ ਇਕ ਸਾਲ ਹੋ ਗਿਆ ਹੈ ਪਰ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ।
ਪੰਜਾਬ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਕਿ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਸਾੜਨ ਤੋਂ ਬਿਨਾਂ ਕਿਸਾਨਾਂ ਕੋਲ ਹੋਰ ਕੋਈ ਚਾਰਾ ਨਹੀਂ ਹੈ। ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਸਾੜਨ ਲਈ ਮਜਬੂਰ ਹਨ ਕਿਉਂਕਿ ਸਰਕਾਰ ਕਿਸਾਨਾਂ ਨੂੰ ਕੋਈ ਮਸ਼ੀਨਰੀ ਅਤੇ ਹੋਰ ਸੰਦ ਸਬਸਿਡੀ ’ਤੇ ਮੁਹੱਈਆ ਨਹੀਂ ਕਰਵਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਉਹ ਪੁਲੀਸ ਕੇਸਾਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਐਤਕੀਂ ਵੀ ਪਰਾਲੀ ਸਾੜੀ ਜਾਵੇਗੀ। ਬੁਲਾਰਿਆਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਦੇ ਝੂਠੇ ਲਾਰਿਆਂ ਤੋਂ ਅੱਕੇ ਲੋਕਾਂ ਨੇ ਇਸ ਵਾਰ ਬਦਲਾਅ ਲਿਆਉਣ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸਰਕਾਰ ਬਣਾਈ ਸੀ ਪਰ ਹੁਣ ਆਪ ਸਰਕਾਰ ਵੀ ਕਿਸਾਨਾਂ ਦੀ ਸੰਘੀ ਘੁੱਟਣ ਦੇ ਰਾਹ ਪੈ ਗਈ ਹੈ।
ਆਲ ਇੰਡੀਆ ਲਾਇਰਜ਼ ਯੂਨੀਅਨ ਦੇ ਆਗੂ ਜਸਪਾਲ ਸਿੰਘ ਦੱਪਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ ਅਤੇ ਅਜੈ ਟੈਨੀ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਨਾਲ ਝੋਨੇ ਦੀ ਫ਼ਸਲ ਅਤੇ ਸਬਜ਼ੀਆਂ ਨੁਕਸਾਨੀਆਂ ਗਈਆਂ ਹਨ। ਲਿਹਾਜ਼ਾ ਕਿਸਾਨਾਂ ਨੂੰ ਝੋਨੇ ਦੀ ਖ਼ਰਾਬ ਹੋਈ ਫ਼ਸਲ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਐੱਮਐੱਸਪੀ ਕਾਨੂੰਨ ਲਾਗੂ ਕੀਤਾ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਵਕੀਲਾਂ ਦੀ ਜਥੇਬੰਦੀ ਕਿਸਾਨਾਂ ’ਤੇ ਦਰਜ ਸਾਰੇ ਕੇਸ ਮੁਫ਼ਤ ਲੜੇਗੀ।