ਆਤਿਸ਼ ਗੁਪਤਾ
ਚੰਡੀਗੜ੍ਹ, 8 ਜੁਲਾਈ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਦੇਸ਼ ਭਰ ਦੇ ਕਿਸਾਨਾਂ ਨੇ ਸੜਕਾਂ ’ਤੇ ਪ੍ਰਦਰਸ਼ਨ ਕੀਤਾ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਕਿਸਾਨ ਵੱਧ ਰਹੀ ਮਹਿੰਗਾਈ ਖ਼ਿਲਾਫ਼ ਟਰੈਕਟਰਾਂ, ਸਕੂਟਰਾਂ, ਮੋਟਰਾਈਕਲਾਂ, ਕਾਰਾਂ ਤੇ ਵੱਖ-ਵੱਖ ਵਾਹਨਾਂ ਤੇ ਖਾਲੀ ਗੈਸ ਸਿਲੰਡਰਾਂ ਨਾਲ ਸੜਕਾਂ ਦੇ ਕੰਢੇ ਪ੍ਰਦਰਸ਼ਨ ਕੀਤੇ। ਇਸ ਪ੍ਰਦਰਸ਼ਨ ਦੀ ਸਲਾਹੁਣਯੋਗ ਗੱਲ ਇਹ ਰਹੀ ਕਿ ਕਿਸਾਨਾਂ ਨੂੰ ਜਿਥੇ ਆਮ ਲੋਕਾਂ ਦਾ ਸਮਰਥਨ ਮਿਲਿਆ ਉਥੇ ਟਰੈਫਿਕ ਵਿੱਚ ਰੁਕਾਵਟ ਨਹੀਂ ਪਾਈ ਗਈ।
ਉਨ੍ਹਾਂ ਨੇ ਸੜਕ ਕੰਢੇ ਖੜੇ ਹੋ ਕੇ ਅਤੇ ਧਰਨਿਆਂ ਵਿੱਚ ਸ਼ਾਂਤਮਈ ਢੰਗ ਨਾਲ ਮਹਿੰਗਾਈ ਖ਼ਿਲਾਫ਼ ਵਿਰੋਧ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਤਿੰਨ ਖੇਤੀ ਕਾਨੂੰਨ ਲਿਆ ਕੇ ਕਿਸਾਨੀ ਨੂੰ ਤਬਾਹ ਕਰਨ ਲੱਗੀ ਹੋਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਹਨ ਪਰ ਭਾਰਤ ਵਿੱਚ ਤੇਲ ਦੀਆਂ ਕੀਮਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ।
ਚੰਡੀਗੜ੍ਹ(ਕੁਲਦੀਪ ਸਿੰਘ): ਪਿੰਡ ਧਨਾਸ ਵਿੱਚ ਕੇਸਰ ਸਿੰਘ, ਜਸਵੰਤ ਸਿੰਘ, ਮਾਨ ਸਿੰਘ, ਦਿਆਲ ਸਿੰਘ, ਅਵਤਾਰ ਸਿੰਘ, ਕਾਕਾ ਸਿੰਘ, ਪਿੰਡ ਵੱਲੋਂ ਮਹਿੰਗਾਈ, ਤੇਲ ਅਤੇ ਰਸੋਈ ਗੈਸ ਕੀਮਤਾਂ ਸਮੇਤ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ। ਇਸ ਤੋਂ ਇਲਾਵਾ ਹੱਲੋਮਾਜਰਾ, ਬਹਿਲਾਣਾ, ਖੁੱਡਾ ਅਲੀਸ਼ੇਰ, ਪਲਸੌਰਾ ਸਮੇਤ ਹੋਰ ਵੀ ਕਈ ਪਿੰਡਾਂ ਵਿੱਚ ਵੀ ਪ੍ਰਦਰਸ਼ਨ ਕੀਤੇ ਗਏ। ਲੋਕਾਂ ਨੇ ਕਿਸਾਨ-ਮਜਦੂਰ ਏਕਤਾ ਜ਼ਿੰਦਾਬਾਦ ਅਤੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ।
ਦੂਜੇ ਪਾਸੇ ਗੈਸ ਸਿਲੰਡਰਾਂ ਦੀ ਕੀਮਤ ਵੱਧ ਰਹੀ ਹੈ। ਇਸ ਮੌਕੇ ਕਿਸਾਨ ਮਜ਼ਦੂਰ, ਨੌਜਵਾਨ, ਵਿਦਿਆਰਥੀ, ਔਰਤਾਂ, ਕਰਮਚਾਰੀ, ਦੁਕਾਨਦਾਰ, ਟਰਾਂਸਪੋਰਟਰ, ਵਪਾਰੀ ਅਤੇ ਹਰ ਵਰਗ ਦੇ ਲੋਕ ਸ਼ਾਮਲ ਸਨ।
ਮੁਹਾਲੀ(ਦਰਸ਼ਨ ਸਿੰਘ ਸੋਢੀ): ਮੁਹਾਲੀ, ਖਰੜ ਸਮੇਤ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਾਰੋਬਾਰੀ, ਨੌਕਰੀਪੇਸ਼ਾ ਲੋਕ, ਔਰਤਾਂ ਅਤੇ ਛੋਟੇ ਬੱਚੇ ਵੀ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਬਣੇ। ਕਿਸਾਨਾਂ ਨੇ ਮੁਹਾਲੀ ਏਅਰਪੋਰਟ ਸੜਕ, ਖਰੜ-ਮੁਹਾਲੀ ਨੈਸ਼ਨਲ ਹਾਈਵੇਅ 21 ’ਤੇ ਬੱਸ ਅੱਡੇ ਨੇੜੇ, ਭਾਗੋਮਾਜਰਾ ਟੌਲ ਪਲਾਜ਼ਾ ਅਤੇ ਅਜੀਜ਼ਪੁਰ ਟੌਲ ਪਲਾਜ਼ਾ ’ਤੇ ਜ਼ਬਰਦਸਤ ਵਿਰੋਧ ਕੀਤੇ ਗਏ।
ਪ੍ਰਦਰਸ਼ਨ ਵਿੱਚ ਆਪਣੇ ਪਰਿਵਾਰ ਸਮੇਤ ਪਹੁੰਚੀ ਮਹਿਲਾ ਡਾਕਟਰ ਨੇ ਕਿਹਾ ਕਿ ਇਹ ਕੇਵਲ ਕਿਸਾਨਾਂ ਦੀ ਲੜਾਈ ਨਹੀਂ ਹੈ। ਆਮ ਲੋਕਾਂ ਨੇ ਦੇਸ਼ ਦੇ ਹੁਕਮਰਾਨਾਂ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਸੜਕ ਕਿਨਾਰੇ ਆਪਣੇ ਵਾਹਨ ਖੜੇ ਕਰਕੇ ਪ੍ਰੈਸ਼ਰ ਹਾਰਨ ਵਜਾਏ ਗਏ। ਕਈ ਥਾਵਾਂ ’ਤੇ ਆਵਾਜਾਈ ਵਿੱਚ ਵਿਘਨ ਪਿਆ। ਮੁਹਾਲੀ ਅਤੇ ਖਰੜ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਮੇਹਰ ਸਿੰਘ ਥੇੜੀ, ਕਿਰਪਾਲ ਸਿੰਘ ਸਿਆਊ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਪਰਦੀਪ ਸਿੰਘ ਜਨਰਲ ਸਕੱਤਰ ਕਾਦੀਆ ਗਰੁੱਪ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ ਤ੍ਰਿਪੜੀ, ਗੁਰਨਾਮ ਸਿੰਘ ਦਾਊ, ਮਨਿੰਦਰ ਸਿੰਘ ਚਿੱਲਾ, ਰਵਿੰਦਰ ਸਿੰਘ, ਗੁਰਮੀਤ ਸਿੰਘ, ਐਡਵੋਕੇਟ ਗੁਰਨਾਮ ਸਿੰਘ, ਪਰਮਪ੍ਰੀਤ ਸਿੰਘ ਖਾਨਪੁਰ, ਰਣਜੀਤ ਸਿੰਘ ਹੰਸ, ਬ੍ਰਿਜ ਮੋਹਨ ਸ਼ਰਮਾ, ਸ਼ਿਵ ਕੁਮਾਰ ਰੰਗੀਆਂ, ਹਰਮਿੰਦਰ ਸਿੰਘ ਮੱਕੜਾ, ਮਹਾਵੀਰ ਸਿੰਘ, ਰਜਿੰਦਰ ਸੋਹਲ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ। ਉੁਧਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਅਤੇ ਪਿੰਡ ਵਾਸੀਆਂ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ, ਨੇ ਅੱਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਥਾਂ ਸੰਯੁਕਤ ਕਿਸਾਨ ਮੋਰਚਾ ਦੇ ਸਮਰਥਨ ਵਿੱਚ ਲੜੀਵਾਰ ਭੁੱਖ ਹੜਤਾਲ ਚੱਲ ਰਹੀ ਹੈ।
ਭਵਾਨੀਗੜ੍ਹ(ਮੇਜਰ ਸਿੰਘ ਮੱਟਰਾਂ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਇੱਥੇ ਪੁਰਾਣੇ ਬੱਸ ਅੱਡੇ ਨੇੜੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਦੇ ਕਿਨਾਰੇ ਤੇ ਕਿਸਾਨਾਂ ਵੱਲੋਂ ਟਰੈਕਟਰ ਖੜੇ ਕਰਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਅਥਾਹ ਵਾਧਾ ਹੋ ਰਿਹਾ ਹੈ। ਇਸ ਮੌਕੇ ਦਰਬਾਰਾ ਸਿੰਘ ਨਾਗਰਾ, ਰਣਧੀਰ ਸਿੰਘ ਭੱਟੀਵਾਲ, ਬਲਜੀਤ ਕੌਰ ਛੰਨਾ, ਬਲਵਿੰਦਰ ਕੌਰ, ਜਸਮੇਲ ਕੌਰ, ਰਣਜੀਤ ਕੌਰ ਅਤੇ ਸਿਮਰਨਜੀਤ ਕੌਰ ਨਕਟੇ ਹਾਜ਼ਰ ਸਨ।
ਟੱਲੇਵਾਲ(ਬਰਨਾਲ)(ਲਖਵੀਰ ਸਿੰਘ ਚੀਮਾ):ਮਹਿੰਗਾਈ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਰੁੱਧ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ। ਸੜਕਾਂ ਕਿਨਾਰੇ ਵਾਹਨ ਖੜੇ ਕਰਕੇ ਕੇਂਦਰ ਸਰਕਾਰ ਵਿਰੁੱਧ ਪ੍ਰੈਸ਼ਰ ਹਾਰਨ ਵਜਾਏ।
ਸਿਰਸਾ(ਪ੍ਰਭੂ ਦਿਆਲ):ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕਿਸਾਨਾਂ ਨੇ ਆਪਣੇ ਟਰੈਕਟਰ ਤੇ ਹੋਰ ਵਾਹਨ ਸੜਕ ਕੰਢੇ ਖੜ੍ਹੇ ਕਰਕ ਪ੍ਰਦਰਸ਼ਨ ਕੀਤਾ। ਕਿਸਾਨ ਏਕਤਾ ਨਾਲ ਸ਼ੁਰੂ ਹੋਇਆ ਇਹ ਵਿਰੋਧ ਪ੍ਰਦਰਸ਼ਨ ਵਾਹਨਾਂ ਨੇ ਹੌਰਨ ਵਜਾ ਕੇ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਨਾਲ ਸਮਾਪਤ ਹੋਇਆ। ਕਿਸਾਨ ਤੇ ਲੋਕ ਸਵੇਰੇ ਦਸ ਤੋਂ ਦੁਪਹਿਰ ਬਾਰਾਂ ਵਜੇ ਤੱਕ ਆਪਣੇ ਵਾਹਨਾਂ ਨੂੰ ਸੜਕ ਕੰਢੇ ਖੜਾ ਕਰਕੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕਰਦੇ ਰਹੇ।
ਕਿਸਾਨ ਸਭਾ ਨਾਲ ਜੁੜੇ ਕਿਸਾਨਾਂ ਨੇ ਬਰਨਾਲਾ ਰੋਡ ’ਤੇ ਡਿਪਟੀ ਕਮਿਸ਼ਨਰ ਦੇ ਘਰ ਦੇ ਸਾਹਮਣੇ ਮਨੁੱਖੀ ਚੇਨ ਬਣਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੇ ਨਾਲ ਨਾਲ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਘੱਟ ਕਰਨ ਦੀ ਮੰਗ ਕੀਤੀ।
ਖੰਨਾ(ਜੋਗਿੰਦਰ ਸਿੰਘ ਓਬਰਾਏ): ਅੱਜ ਵੱਖ ਵੱਖ ਕਿਸਾਨ, ਧਾਰਮਿਕ, ਰਾਜਨੀਤਕ, ਸਮਾਜਿਕ ਜੱਥੇਬੰਦੀਆਂ ਤੋਂ ਇਲਾਵਾ ਆਮ ਲੋਕਾਂ ਨੇ ਇਥੋਂ ਦੇ ਜੀਟੀ ਰੋਡ ’ਤੇ ਆਪਣੇ ਵਾਹਨ ਖੜ੍ਹੇ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਮੌਕੇ ਇੱਕਠ ਨੇ ਬਿਨ੍ਹਾਂ ਟੈ੍ਫ਼ਿਕ ਵਿੱਚ ਵਿਘਨ ਪਾਇਆ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖਿਲਾਫ਼ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਸਹਿਯੋਗ ਲਈ ਹਰ ਵਰਗ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਇਸ ਸੰਘਰਸ਼ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿਚ ਇਸ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਗਜੀਤ ਸਿੰਘ, ਗੁਰਦਿਆਲ ਸਿੰਘ, ਅਵਤਾਰ ਸਿੰਘ, ਪਰਵਿੰਦਰ ਸਿੰਘ, ਦਵਿੰਦਰ ਸਿੰਘ, ਗੁਰਮੇਲ ਸਿੰਘ, ਸਾਧੂ ਸਿੰਘ, ਨੰਦ ਲਾਲ ਮਾਜਰੀ, ਦਰਸ਼ਨ ਸਿੰਘ, ਸਿਮਰਨਜੀਤ ਸਿੰਘ, ਨਿਰਮਲ ਸਿੰਘ, ਸਵਰਨ ਸਿੰਘ, ਅੰਮ੍ਰਿਤਪਾਲ ਸਿੰਘ, ਹਵਾ ਸਿੰਘ, ਦੀਦਾਰ ਸਿੰਘ, ਮੁਖਤਿਆਰ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ, ਅਮਰਜੀਤ ਸਿੰਘ, ਗੁਰਦੇਵ ਸਿੰਘ, ਹਰਮੇਸ਼ ਸਿੰਘ, ਵਰਿੰਦਰ ਸਿੰਘ, ਬਲਵੰਤ ਸਿੰਘ, ਰਛਪਾਲ ਸਿੰਘ, ਮੋਹਨ ਸਿੰਘ, ਜਸਵੀਰ ਸਿੰਘ, ਮਹਿਕਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਜਤਿੰਦਰ ਸਿੰਘ ਹਾਜ਼ਰ ਸਨ।
ਅੰਮ੍ਰਿਤਸਰ(ਜਗਤਾਰ ਸਿੰਘ ਲਾਂਬਾ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦੇਸ਼ ਭਰ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਵਧ ਰਹੀ ਮਹਿੰਗਾਈ ਦੇ ਖ਼ਿਲਾਫ਼ ਸੜਕਾਂ ਦੇ ਕਿਨਾਰੇ ਟਰੈਕਟਰ, ਮੋਟਰਸਾਈਕਲ ਤੇ ਹੋਰ ਸਾਧਨ ਖੜੇ ਕਰਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਜ਼ਿਲ੍ਹਾ ਆਗੂ ਸਕੱਤਰ ਸਿੰਘ ਕੋਟਲਾ ਨੇ ਕਿਹਾ ਕਿ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਕੇਂਦਰ ਸਰਕਾਰ ਵੱਲੋਂ ਤੇਲ ਪਦਾਰਥ ਸਰਕਾਰੀ ਕੰਟਰੋਲ ਤੋਂ ਬਾਹਰ ਕਰਕੇ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਦਿੱਤੇ ਗਏ ਹਨ।
ਅਟਾਰੀ(ਦਿਲਬਾਗ ਸਿੰਘ ਗਿੱਲ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਖਾਲੀ ਟਰੈਕਟਰਾਂ ’ਤੇ ਗੈਸ ਸਿਲੰਡਰ ਰੱਖ ਕੇ ਮੋਦੀ ਸਰਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਕਿਸਾਨਾਂ ਨੇ ਸੜਕ ਦੇ ਕਿਨਾਰੇ ਟਰੈਕਟਰਾਂ ਦੀਆਂ ਲੰਮੀਆਂ ਲਾਈਨਾਂ ਲਾ ਕੇ ਕੇਂਦਰ ਸਰਕਾਰ ਖ਼ਿਲਾਫ਼ ਇਨਕਲਾਬੀ ਨਾਅਰੇ ਲਗਾਏ।
ਕਿਸਾਨ ਆਗੂਆਂ ਰਤਨ ਸਿੰਘ ਰੰਧਾਵਾ, ਬਾਬਾ ਨਿਰਮਲ ਸਿੰਘ ਮੋਦੇ, ਮੁਖਤਾਰ ਸਿੰਘ ਮੁਹਾਵਾ, ਬਲਦੇਵ ਸਿੰਘ ਧਾਰੀਵਾਲ, ਵਿਰਸਾ ਸਿੰਘ ਟਪਿਆਲਾ, ਸੁਖਰਾਮਬੀਰ ਸਿੰਘ ਲੋਹਾਰਕਾ ਨੇ ਅਟਾਰੀ, ਚੋਗਾਵਾਂ ਅਤੇ ਇੰਡੀਆ ਗੇਟ (ਨਰਾਇਣਗੜ੍ਹ) ਵਿਖੇ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੇਵ ਸਿੰਘ, ਜਰਨੈਲ ਸਿੰਘ ਕਾਉਂਕੇ, ਬੂਟਾ ਸਿੰਘ ਰੋੜਾਂਵਾਲਾ, ਜੱਸ ਨੇਸ਼ਟਾ, ਗੁਰਨਾਮ ਸਿੰਘ ਦਾਉਕੇ, ਬਲਜੀਤ ਸਿੰਘ ਮੋਦੇ, ਸੁਖਵਿੰਦਰ ਸਿੰਘ ਲਾਹੌਰੀਮੱਲ, ਸੁਖਦੇਵ ਸਿੰਘ ਪੱਧਰੀ, ਨੰਬਰਦਾਰ ਮਨਿੰਦਰ ਸਿੰਘ ਸ਼ਹੂਰਾ, ਮਨਜੀਤ ਸਿੰਘ ਸਰਪੰਚ ਖਾਸਾ ਨੇ ਇਸ ਰੋਸ ਮੁਜ਼ਾਹਰੇ ਨੂੰ ਸੰਬੋਧਨ ਕੀਤਾ।