ਕਰਮਜੀਤ ਸਿੰਘ ਚਿੱਲਾ
ਬਨੂੜ, 8 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਬਨੂੜ ਖੇਤਰ ਵਿੱਚ ਕਿਸਾਨ ਜਥੇਬੰਦੀਆਂ ਨੇ ਬਨੂੜ ਬੈਰੀਅਰ ਅਤੇ ਅਜ਼ੀਜ਼ਪੁਰ ਟੌਲ ਪਲਾਜ਼ਾ ’ਤੇ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਟਰੈਕਟਰ, ਕਾਰਾਂ, ਟਰੱਕ ਅਤੇ ਹੋਰ ਵਾਹਨ ਸੜਕਾਂ ਦੇ ਕਿਨਾਰੇ ਖੜ੍ਹੇ ਕਰਕੇ ਕੇਂਦਰ ਸਰਕਾਰ ਅਤੇ ਮਹਿੰਗਾਈ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਨ੍ਹਾਂ ਆਪਣੇ ਸਿਰਾਂ ਅਤੇ ਹੱਥਾਂ ਵਿੱਚ ਖਾਲੀ ਗੈਸ ਸਿਲੰਡਰ ਚੁੱਕ ਕੇ ਰਸੋਈ ਗੈਸ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਵੀ ਰੋਸ ਪ੍ਰਗਟਾਇਆ। ਬਨੂੜ ਬੈਰੀਅਰ ’ਤੇ ਹੋਏ ਇਕੱਠ ਵਿੱਚ ਇਲਾਕੇ ਦੇ ਪੰਚਾਂ-ਸਰਪੰਚਾਂ ਤੋਂ ਇਲਾਵਾ ਟਰੱਕ ਯੂਨੀਅਨਾਂ, ਟੈਂਪੂ ਯੂਨੀਅਨ, ਜੀਪ ਯੂਨੀਅਨ, ਆਟੋ ਯੂਨੀਅਨ ਦੇ ਵੱਡੀ ਗਿਣਤੀ ਵਿੱਚ ਅਪਰੇਟਰਾਂ ਸਮੇਤ ਟਰਾਂਸਪੋਰਟਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਸਭਾ ਦੇ ਆਗੂ ਗੁਰਦਰਸ਼ਨ ਸਿੰਘ ਖਾਸਪੁਰ, ਮੋਹਨ ਸਿੰਘ ਸੋਢੀ, ਸੱਤਪਾਲ ਸਿੰਘ ਸਰਪੰਚ ਰਾਜੋਮਾਜਰਾ, ਆਲ ਇੰਡੀਆ ਟਰਾਂਸਪੋਰਟ ਕਾਂਗਰਸ ਵੱਲੋਂ ਪ੍ਰੇਮ ਸਿੰਘ ਘੜਾਮਾਂ ਤੇ ਕਾਰ ਸੇਵਾ ਵਾਲੇ ਮਹਾਪੁਰਸ਼ ਬਾਬਾ ਦਿਲਬਾਗ ਸਿੰਘ ਬਾਗਾ ਆਦਿ ਨੇ ਕੇਂਦਰ ਸਰਕਾਰ ਦੀ ਨੁਕਤਾਚੀਨੀ ਕੀਤੀ। ਧਰਨੇ ਦੀ ਸਮਾਪਤੀ ਉਪਰੰਤ ਲਗਾਤਾਰ ਪੰਜ ਮਿੰਟ ਵਾਹਨਾਂ ਦੇ ਹਾਰਨ ਵਜਾ ਕੇ ਵੀ ਪ੍ਰਦਰਸ਼ਨ ਕੀਤਾ ਗਿਆ।
ਇਸੇ ਤਰ੍ਹਾਂ ਅਜ਼ੀਜ਼ਪੁਰ ਟੌਲ ਪਲਾਜ਼ਾ ਉੱਤੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਕਰਾਲਾ ਅਤੇ ਡਕੌਂਦਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਇਕੱਤਰ ਇਲਾਕਾ ਵਾਸੀਆਂ ਨੇ ਦਸ ਤੋਂ ਬਾਰਾਂ ਵਜੇ ਤੱਕ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕੀਤਾ।