ਕਰਮਜੀਤ ਸਿੰਘ ਚਿੱਲਾ
ਐੱਸ.ਏ.ਐੱਸ.ਨਗਰ(ਮੁਹਾਲੀ), 25 ਅਕਤੂਬਰ
ਪੰਚਾਇਤ ਯੂਨੀਅਨ ਵੱਲੋਂ ਅੱਜ ਪਿੰਡ ਕੁੰਭੜਾ ’ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਮੁਜ਼ਾਹਰਾਕਾਰੀਆਂ ਨੇ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਅਤੇ ਜੰਮੂ ਕਸ਼ਮੀਰ ਵਿੱਚ ਧਾਰਾ 370 ਵਾਪਸ ਨਾ ਲੈਣ ਬਾਰੇ ਬਿਹਾਰ ਦੀ ਇੱਕ ਚੋਣ ਰੈਲੀ ਵਿੱਚ ਦਿੱਤੇ ਬਿਆਨ ਦੇ ਵਿਰੋਧ ’ਚ ਰੋਸ ਪ੍ਰਗਟਾਇਆ। ਉਨ੍ਹਾਂ ਇਸ ਮੌਕੇ ਪ੍ਰਧਾਨ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੋਦੀ ਨੂੰ ਰਾਵਣ ਦੇ ਬਰਾਬਰ ਦਾ ਹੰਕਾਰੀ ਰਾਜਾ ਆਖਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਫੂਕੇ ਗਏ ਪੁਤਲੇ ਮੌਕੇ ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਦੇਸ਼ ਦਾ ਅੰਨਦਾਤਾ ਸੜਕਾਂ ’ਤੇ ਰੁਲ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਆਪਣਾ ਅੜੀਅਲ ਰਵੱਈਆ ਨਰਮ ਨਹੀਂ ਕਰ ਰਹੇ।
ਖਰੜ (ਸ਼ਸ਼ੀ ਪਾਲ ਜੈਨ): ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਬਿੱਲਾਂ ਦੇ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਕਿਸਾਨ ਯੂਨੀਅਨਾਂ ਵੱਲੋਂ ਖਰੜ ਮੋਰਿੰਡਾ ਸੜਕ ’ਤੇ ਪਿੰਡ ਰੁੜਕੀ ਵਿੱਚ ਧਰਨਾ ਲਗਾਤਾਰ ਜਾਰੀ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ, ਰਣਜੀਤ ਸਿੰਘ ਜੀਤੀ ਪਟਿਆਲਾ, ਦਵਿੰਦਰ ਸਿੰਘ ਦੇਹਕਲਾ, ਜਸਪਾਲ ਸਿੰਘ ਨਿਆਮੀਆਂ, ਕਰਮਜੀਤ ਸਿੰਘ ਸਕਰੂਲਾਪੁਰ, ਅਮਰਿੰਦਰ ਸਿੰਘ ਬੱਤਾ, ਜਸਵੰਤ ਸਿੰਘ ਭੁਖੜੀ ਆਦਿ ਨੇ ਧਰਨੇ ਵਿੱਚ ਭਾਗ ਲਿਆ।
ਬਸਪਾ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ
ਕੁਰਾਲੀ (ਮਿਹਰ ਸਿੰਘ): ਖੇਤੀ ਕਾਨੂੰਨਾਂ ਖ਼ਿਲਾਫ਼ ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਨੇ ਕਿਸਾਨ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ ਨਨਹੇੜੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤਣ ਲਈ ਪੰਜਾਬ ਦੀ ਆਮ ਜਨਤਾ ਨੂੰ ਵਾਰੋ ਵਾਰੀ ਨਿਸ਼ਾਨਾ ਬਣਾ ਰਹੀ ਹੈ। ਰਾਜਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਅਤੇ ਬਹੁਜਨ ਸਮਾਜ ਪਾਰਟੀ ਇਨ੍ਹਾਂ ਕਾਨੂੰਨਾ ਨੂੰ ਕਿਸੇ ਵੀ ਸੂਰਤ ’ਚ ਸਵਿਕਾਰ ਨਹੀਂ ਕਰਨਗੇ।