ਕਰਮਜੀਤ ਸਿੰਘ ਚਿੱਲਾ
ਬਨੂੜ, 23 ਅਕਤੂਬਰ
ਇੱਥੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਉੱਤੇ ਪਿੰਡ ਅਜ਼ੀਜਪੁਰ ਦੇ ਟੌਲ ਪਲਾਜ਼ੇ ’ਤੇ ਅੱਜ 13ਵੇਂ ਦਿਨ ਵੀ ਕਿਸਾਨਾਂ ਦਾ ਕਬਜ਼ਾ ਰਿਹਾ। ਸਮੁੱਚੇ ਵਾਹਨ ਬਿਨਾਂ ਕਿਸੇ ਟੌਲ ਤੋਂ ਲੰਘਦੇ ਰਹੇ। ਧਰਨੇ ਦੀ ਅਗਵਾਈ ਕਰ ਰਹੇ ਆਗੂਆਂ ਹਰਜੀਤ ਸਿੰਘ ਟਹਿਲਪੁਰਾ, ਗੁਰਦਰਸ਼ਨ ਸਿੰਘ ਖਾਸਪੁਰ, ਜਸਵੰਤ ਸਿੰਘ ਨੰਡਿਆਲੀ, ਮੋਹਨ ਸਿੰਘ ਸੋਢੀ, ਤਰਲੋਚਨ ਸਿੰਘ ਨੰਡਿਆਲੀ, ਬਲਵੰਤ ਸਿੰਘ, ਦਰਸ਼ਨ ਸਿੰਘ ਬੜ੍ਹੀ ਨੇ ਦੱਸਿਆ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਿਸ ਨਹੀਂ ਲਏ ਜਾਂਦੇ, ਉਦੋਂ ਤੱਕ ਧਰਨੇ ਜਾਰੀ ਰਹਿਣਗੇ। ਕਿਸਾਨਾਂ ਨੇ ਦੱਸਿਆ ਕਿ ਇੱਥੇ ਦਸਹਿਰੇ ਨੂੰ ਮੋਦੀ ਦੇ ਪੁਤਲੇ ਵੀ ਸਾੜੇ ਜਾਣਗੇ। ਇਸ ਮੌਕੇ ਧਰਨਾਕਾਰੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਦਿਲਬਾਗ ਸਿੰਘ ਬਾਗਾ ਵੱਲੋਂ ਧਰਨਾਕਾਰੀਆਂ ਲਈ ਲੰਗਰ ਦੀ ਸੇਵਾ ਨਿਰੰਤਰ ਜਾਰੀ ਹੈ। ਇਸੇ ਤਰ੍ਹਾਂ ਇੱਥੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ’ਤੇ ਪਿੰਡ ਜਲਾਲਪੁਰ ਦੇ ਰਿਲਾਇੰਸ ਪੈਟਰੋਲ ਪੰਪ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ। ਪਿੰਡ ਖਾਨਪੁਰ ਬੰਗਰ ਦੇ ਸਰਪੰਚ ਗੁਰਪ੍ਰੀਤ ਸਿੰਘ, ਜਲਾਲਪੁਰ ਦੇ ਸਰਪੰਚ ਸਤਨਾਮ ਸਿੰਘ ਦੀ ਅਗਵਾਈ ਹੇਠ ਨੌਜਵਾਨ ਪੰਪ ਉੱਤੇ ਦਿਨ-ਰਾਤ ਧਰਨਾ ਦੇ ਰਹੇ ਹਨ। ਧਰਨਾਕਾਰੀਆਂ ਵੱਲੋਂ ਇੱਥੇ ਅੰਬਾਨੀ-ਅੰਡਾਨੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਲਾਲੜੂ (ਸਰਬਜੀਤ ਸਿੰਘ ਭੱਟੀ): ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਟੌਲ ਪਲਾਜ਼ਾ ਦੱਪਰ ’ਚ ਦਿੱਤਾ ਜਾ ਰਿਹਾ ਧਰਨਾ 11ਵੇਂ ਦਿਨ ਤੇ ਰੇਲਵੇ ਪਲੇਟਫਾਰਮ ਲਾਲੜੂ ’ਤੇ 23ਵੇਂ ਦਿਨ ਵੀ ਜਾਰੀ ਰਿਹਾ, ਜਿਸ ਵਿੱਚ ਕਿਸਾਨਾ ਦੇ ਨਾਲ ਇਲਾਕੇ ਦੇ ਨੌਜਵਾਨਾਂ ਵੱਲੋਂ ਵੀ ਭਰਵੀਂ ਹਮਾਇਤ ਦਿੱਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਦੇ ਆਗੂ ਮਨਪ੍ਰੀਤ ਸਿੰਘ ਅਮਲਾਲਾ, ਕਰਮ ਸਿੰਘ ਬਰੋਲੀ, ਜਸਵੰਤ ਸਿੰਘ ਕੁਰਲੀ ਨੇ ਦੱਸਿਆ ਕਿ ਕੇਂਦਰ ਸਰਕਾਰ ਸੱਤਾ ਦੇ ਨਸ਼ੇ ’ਚ ਸੁੱਤੀ ਪਈ ਹੈ, ਜਦਕਿ ਕਿਸਾਨ ਸੜਕਾਂ ਤੇ ਰੇਲਵੇ ਸਟੇਸ਼ਨਾਂ ’ਤੇ ਰਾਤਾਂ ਕੱਟਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 115 ਵਿਧਾਇਕਾਂ ਨੇ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਵੀ ਮੰਗ ਪੱਤਰ ਦਿੱਤਾ ਕਿ ਉਹ ਕੇਂਦਰੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨ ਵਾਪਸ ਲਵੇ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਜਥੇਬੰਦੀਆਂ ਤੇ ਆਗੂ ਦਿੱਲੀ ਜਾ ਕੇ ਸੰਘਰਸ਼ ਕਰਨ ਲਈ ਵਿਉਂਤਾ ਘੜ ਰਹੇ ਹਨ। ਪੰਜਾਬ ਵਿੱਚ ਕਿਸਾਨਾ ਨੇ ਮਾਲ ਰੇਲ ਗੱਡੀਆਂ ਨੂੰ ਚੱਲਣ ਦੀ ਇਜਾਜਤ ਦੇ ਦਿੱਤੀ ਹੈ, ਜਦ ਕਿ ਟੌਲ ਪਲਾਜ਼ਿਆਂ ਤੇ ਵਾਹਨਾਂ ਨੂੰ ਬਿਨਾਂ ਟੋਲ ਟੈਕਸ ਦਿੱਤੇ ਹੀ ਕੱਢਿਆ ਜਾ ਰਿਹਾ ਹੈ।