ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਅਕਤੂਬਰ
ਪਿਛਲੇ ਦਿਨੀਂ ਲਗਾਤਾਰ ਮੀਂਹ ਪੈਣ ਕਾਰਨ ਮੁਹਾਲੀ ਜ਼ਿਲ੍ਹੇ ਦੇ ਕਾਫ਼ੀ ਪਿੰਡਾਂ ਵਿੱਚ ਝੋਨੇ ਦੀ ਫ਼ਸਲ ਅਤੇ ਹੋਰ ਸਬਜ਼ੀਆਂ ਨੁਕਸਾਨੀਆਂ ਗਈਆਂ ਹਨ। ਇਸੇ ਤਰ੍ਹਾਂ ਕਈ ਇਲਾਕਿਆਂ ’ਚ ਚੀਨੀ ਵਾਇਰਸ ਦੀ ਲਪੇਟ ਵਿੱਚ ਆਉਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵਾਹੁਣੀ ਪਈ ਹੈ। ਇਸ ਸਬੰਧੀ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਕੰਵਲਜੀਤ ਸਿੰਘ ਅਤੇ ਜ਼ਿਲ੍ਹਾ ਆਗੂ ਸਰਬਜੀਤ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ ਜ਼ਿਲ੍ਹਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ। ਝੋਨੇ ਦੀ ਫ਼ਸਲ ਦੇ ਵਾਇਰਸ ਨਾਲ ਹੋਏ ਖ਼ਰਾਬੇ ਸਬੰਧੀ ਕਿਸਾਨ ਆਗੂ ਕੰਵਲਜੀਤ ਸਿੰਘ ਨੇ ਦੱਸਿਆ ਕਿ ਇਸ ਕੁਦਰਤੀ ਆਫ਼ਤ ਕਾਰਨ ਕਿਸਾਨਾਂ ਨੂੰ ਵਿੱਤੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਵਾਇਰਸ ਨਾਲ ਪ੍ਰਭਾਵਿਤ ਫ਼ਸਲਾਂ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਇਸ ਨੂੰ 100 ਫੀਸਦੀ ਖ਼ਰਾਬਾ ਮੰਨ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਅਨੁਸਾਰ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜਾਇਜ਼ ਮੰਗਾਂ ’ਤੇ ਛੇਤੀ ਕਾਰਵਾਈ ਦਾ ਭਰੋਸਾ ਦਿੱਤਾ।