ਆਤਿਸ਼ ਗੁਪਤਾ
ਚੰਡੀਗੜ੍ਹ, 18 ਨਵੰਬਰ
ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਸ਼ਹਿਰ ਵਾਸੀਆਂ ਨਾਲ ਮਿਲ ਕੇ ਚੋਣ ਏਜੰਡਾ ਤਿਆਰ ਕਰਨ ਲਈ ਵਾਰਡ ਨੰਬਰ 32 ਅਧੀਨ ਪੈਂਦੇ ਸੈਕਟਰ 44 ’ਚ ਪਹੁੰਚੇ ਯੂਟੀ ਦੇ ਭਾਜਪਾ ਪ੍ਰਧਾਨ ਅਰੁਣ ਸੂਦ ਦਾ ਕਿਸਾਨਾਂ ਨੇ ਵਿਰੋਧ ਕੀਤਾ। ਪੁਲੀਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਅਤੇ ਬੈਰੀਕੇਡ ਲਗਾਏ ਹੋਏ ਸਨ। ਪੁਲੀਸ ਨੇ ਕਿਸਾਨਾਂ ਨੂੰ ਭਾਜਪਾ ਦੇ ਸਮਾਗਮ ਤੋਂ ਦੂਰ ਰੱਖਿਆ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਵੀ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ।
ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਭਾਜਪਾ ਨੇ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਹਨ। ਇਸੇ ਦੇ ਆਧਾਰ ’ਤੇ ਲੋਕਾਂ ਤੋਂ ਵੋਟਾਂ ਮੰਗੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਨੇ 50 ਕੰਮਾਂ ਦਾ ਬੁੱਕਲੇਟ ਤਿਆਰ ਕੀਤਾ ਹੈ ਜਿਸ ਨੂੰ ਲੋਕਾਂ ਵਿੱਚ ਵੰਡਿਆ ਜਾਵੇਗਾ। ਸੂਦ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਕੋਈ ਏਜੰਡਾ ਨਹੀਂ ਹੈ, ਇਸ ਕਰਕੇ ਉਹ ਲੋਕਾਂ ਨੂੰ ਝੂਠ ਦੇ ਨਾਮ ’ਤੇ ਵਰਗਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ 24 ਘੰਟੇ ਪਾਣੀ ਸਪਲਾਈ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰ ਦਿੱਤੀ ਹੈ।
ਸ਼ਹਿਰ ਦੀਆਂ ਸੜਕਾਂ ਨਵੀਆਂ ਬਣੀਆਂ ਹੋਈਆਂ, ਸਟਰੀਟ ਲਾਈਟਾਂ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਥਾਂ-ਥਾਂ ’ਤੇ ਸੀਸੀਟੀਵੀ ਕੈਮਰੇ ਲਗਾਏ ਗਏ ਸਨ। ਇਸ ਤੋਂ ਇਲਾਵਾ ਡੱਡੂਮਾਜਰਾ ਡੰਪਿੰਗ ਗਰਾਊਂਡ ਦੇ ਨਿਪਟਾਰੇ ਲਈ ਬਣਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਪਜਾ ਵੱਲੋਂ ਕੀਤੇ ਗਏ ਕੰਮਾਂ ਸਦਕਾ ਲੋਕ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਭਾਜਪਾ ਦੇ ਉਮੀਦਵਾਰਾਂ ਨੂੰ ਕਾਮਯਾਬ ਕਰਨਗੇ। ਇਸ ਮੌਕੇ ਕੌਂਸਲਰ ਚੰਦਰਾਵਤੀ ਸ਼ੁਕਲਾ, ਭਾਜਪਾ ਆਗੂ ਰਮੇਸ਼ ਨਿੱਕੂ, ਗੋਪਾਲ ਸ਼ੁਕਲਾ, ਡਾ. ਅਨੀਸ਼ ਗਰਗ, ਭੁਪਿੰਦਰ ਸ਼ਰਮਾ, ਮੁਕੇਸ਼ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।