ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 31 ਜਨਵਰੀ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਸੋਮਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਜਸਪਾਲ ਸਿੰਘ ਨਿਆਮੀਆਂ, ਦਵਿੰਦਰ ਸਿੰਘ ਦੇਹਕਲਾਂ, ਕਿਰਪਾਲ ਸਿੰਘ ਸਿਆਊ, ਗੁਰਿੰਦਰ ਸਿੰਘ ਭੰਗੂ, ਲਖਵਿੰਦਰ ਸਿੰਘ ਕਰਾਲਾ ਅਤੇ ਜਗਜੀਤ ਸਿੰਘ ਨੇ ਕਿਹਾ ਕਿ 31 ਦਸੰਬਰ ਨੂੰ ਕੇਂਦਰ ਸਰਕਾਰ ਨੇ ਦਿੱਲੀ ਦੀਆਂ ਬਰੂਹਾਂ ਤੋਂ ਕਿਸਾਨਾਂ ਦੇ ਧਰਨੇ ਖ਼ਤਮ ਕਰਵਾ ਕੇ ਉਨ੍ਹਾਂ ਦੀਆਂ ਬਾਕੀ ਜਾਇਜ਼ ਮੰਗਾਂ ਤੁਰੰਤ ਮੰਨਣ ਦਾ ਭਰੋਸਾ ਦਿੱਤਾ ਸੀ। ਮਹੀਨਾ ਬੀਤਣ ਦੇ ਬਾਵਜੂਦ ਇਕ ਵੀ ਮੰਗ ਪੂਰੀ ਨਹੀਂ ਕੀਤੀ ਗਈ। ਕਿਸਾਨਾਂ ਨੇ ਸਰਕਾਰ ਨੂੰ ਮੁੜ ਜਨ ਅੰਦੋਲਨ ਵਿੱਢਣ ਦੀ ਚਿਤਾਵਨੀ ਦਿੱਤੀ ਹੈ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਾਂਝੇ ਤੌਰ ’ਤੇ ਡਿਪਟੀ ਕਮਿਸ਼ਨਰ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ।
ਬਨੂੜ (ਕਰਮਜੀਤ ਸਿੰਘ ਚਿੱਲਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸਬ-ਤਹਿਸੀਲ ਬਨੂੜ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। ਉਨ੍ਹਾਂ ਵਿਸ਼ਵਾਸ਼ਘਾਤ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨਾਇਬ ਤਹਿਸੀਲਦਾਰ ਬਨੂੜ ਗੁਰਪ੍ਰੀਤ ਸਿੰਘ ਢਿੱਲੋਂ ਨੂੰ ਪ੍ਰਧਾਨ ਮੰਤਰੀ ਦੇ ਨਾਂ ਦਾ ਮੰਗ ਪੱਤਰ ਸੌਂਪ ਕੇ ਕਿਸਾਨੀ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਅਪੀਲ ਕੀਤੀ।
ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਖਾਸਪੁਰ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸਕੱਤਰ ਤਰਲੋਚਨ ਸਿੰਘ ਨੰਡਿਆਲੀ, ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸਤਪਾਲ ਸਿੰਘ ਰਾਜੋਮਾਜਰਾ, ਮੋਹਨ ਸਿੰਘ ਸੋਢੀ, ਅਵਤਾਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ, ਹਰਿਆਣਾ, ਦਿੱਲੀ, ਯੂਪੀ ਆਦਿ ਵਿਚ ਕਿਸਾਨਾਂ ਉੱਤੇ ਦਰਜ ਬਹੁਤੇ ਕੇਸ ਹਾਲੇ ਤੱਕ ਰੱਦ ਨਹੀਂ ਕੀਤੇ ਗਏ। ਐਮਐਸਪੀ ਦੇਣ ਸਬੰਧੀ ਵੀ ਕੋਈ ਕਾਰਗਰ ਕਦਮ ਨਹੀਂ ਚੁੱਕਿਆ ਗਿਆ।
ਫ਼ਤਹਿਗੜ੍ਹ ਸਾਹਿਬ (ਅਜੇ ਮਲਹੋਤਰਾ): ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਅੱਜ ਗੁਰਦੀਪ ਸਿੰਘ ਕੋਟਲਾ, ਇਕਬਾਲ ਸਿੰਘ ਗੁਪਾਲੋਂ, ਗੁਰਮੀਤ ਸਿੰਘ ਰੁੜਕੀ ਅਤੇ ਯੂਥ ਆਗੂ ਗੁਰਜਿੰਦਰ ਸਿੰਘ, ਹਰਨੇਕ ਸਿੰਘ ਭੱਲਮਾਜਰਾ ਅਤੇ ਹਰਨੇਕ ਸਿੰਘ ਸ਼ਹੀਦਗੜ੍ਹ ਦੀ ਅਗਵਾਈ ’ਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਅਤੇ ਐਸ.ਡੀ.ਐਮ. ਦਫ਼ਤਰ ਬਸੀ ਪਠਾਣਾਂ ਦੇ ਬਾਹਰ ਕੇਂਦਰ ਸਰਕਾਰ ਵਿਰੁੱਧ ਧਰਨਾ ਦੇ ਕੇ ਵਿਸ਼ਵਾਸ਼ਘਾਤ ਦਿਵਸ ਮਨਾਉਂਦੇ ਹੋਏ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ।
ਬਸੀ ਪਠਾਣਾਂ ਵਿਚ ਕਿਸਾਨ ਆਗੂ ਗੁਰਦੀਪ ਸਿੰਘ ਕੋਟਲਾ, ਇਕਬਾਲ ਸਿੰਘ ਗੁਪਾਲੋਂ ਅਤੇ ਵਰਿੰਦਰਪਾਲ ਸਿੰਘ ਸ਼ਾਹੀ ਆਦਿ ਨੇ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਦਾ ਪਿਤਾ ਹਾਲੇ ਤੱਕ ਕੇਂਦਰੀ ਮੰਤਰੀ ਮੰਡਲ ਵਿੱਚ ਹੈ ਤੇ ਐੱਮਐੱਸਪੀ ਬਾਰੇ ਵੀ ਕੇਂਦਰ ਸਰਕਾਰ ਕੋਈ ਠੋਸ ਪਹਿਲ ਕਰਦੀ ਨਜ਼ਰ ਨਹੀਂ ਆ ਰਹੀ। ਆਗੂਆਂ ਨੇ ਦੁਬਾਰਾ ਸੰਘਰਸ਼ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ।
ਰੂਪਨਗਰ (ਜਗਮੋਹਨ ਸਿੰਘ): ਅੱਜ ਇੱਥੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਫ਼ਤਰ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਵਾਅਦਾ ਖ਼ਿਲਾਫ਼ੀ ਦਿਵਸ ਮੌਕੇ ਪ੍ਰਦਰਸ਼ਨ ਕੀਤਾ ਗਿਆ ਤੇ ਬਾਅਦ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਲਦੀ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਵੋਟਾਂ ਲਈ ਏਕਤਾ ਕਮਜ਼ੋਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਿਦਿਅਕ ਅਦਾਰੇ ਖੋਲ੍ਹਣ ਦੀ ਮੰਗ ਵੀ ਕੀਤੀ।
ਪੰਚਕੂਲਾ (ਪੀ.ਪੀ. ਵਰਮਾ): ਭਾਰਤੀ ਕਿਸਾਨ ਯੂਨੀਅਨ ਵੱਲੋਂ ਪਿੰਜੌਰ ਬਲਾਕ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਵਾਧਾਖ਼ਿਲਾਫ਼ੀ ਵਿਰੁੱਧ ਪੁਤਲਾ ਫੂਕਿਆ। ਕਿਸਾਨਾਂ ਨੇ ਮੰਗ ਕੀਤੀ ਕਿ ਕਿਸਾਨਾਂ ਉੱਤੇ ਕੀਤੇ ਪਰਚੇ ਰੱਦ ਹੋਣ, ਐੱਮਐੱਸਪੀ ਗਾਰੰਟੀ ਕਾਨੂੰਨ ਬਣਾਉਣ ਦਾ ਕੀਤਾ ਵਾਅਦਾ ਪੂਰਾ ਕੀਤਾ ਜਾਵੇ। ਬਲਾਕ ਪ੍ਰਧਾਨ ਕਰਮ ਸਿੰਘ ਤੇ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਅਨੁਰਾਗ ਅਠਵਾਲ ਨੇ ਦੱਸਿਆ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਅੰਦੋਲਨ ਦੁਬਾਰਾ ਸ਼ੁਰੂ ਕਰਨਗੇ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਡੀਸੀ ਦਫ਼ਤਰ ਅੰਬਾਲਾ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਵਿਸ਼ਵਾਸ਼ਘਾਤ ਦਿਵਸ ਮਨਾਇਆ। ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ। ਦੁਪਹਿਰ ਵੇਲੇ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂ ਡੀਸੀ ਨੂੰ ਮੰਗ ਪੱਤਰ ਸੌਂਪਿਆ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਖ਼ਤਰਨਾਕ ਬਿਮਾਰੀ ਹੈ। ਇਸ ਨੂੰ ਦੇਸ਼ ਵਿੱਚੋਂ ਜੜ੍ਹੋਂ ਖ਼ਤਮ ਕਰਨ ਲਈ ਪਹਿਲੀ ਡੋਜ਼ 2022 ਵਿਚ ਤੇ ਦੂਜੀ 2024 ਲਾਉਣ ਦੀ ਲੋੜ ਹੈ।
ਮੋਰਿੰਡਾ (ਸੰਜੀਵ ਤੇਜਪਾਲ): ਇਲਾਕੇ ਦੇ ਕਿਸਾਨਾਂ ਵੱਲੋਂ ਐੱਸਡੀਐੱਮ ਮੋਰਿੰਡਾ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂ ਦਲਜੀਤ ਸਿੰਘ ਚਲਾਕੀ, ਮਲਕੀਤ ਸਿੰਘ ਰੌਣੀ ਤੇ ਕੁਲਵਿੰਦਰ ਸਿੰਘ ਉੱਧਮਪੁਰ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਸ੍ਰੀ ਚਲਾਕੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ ਢੋਲਣਮਾਜਰਾ, ਬਹਾਦਰ ਸਿੰਘ, ਸੱਜਣ ਸਿੰਘ, ਹਰਚੰਦ ਸਿੰਘ ਕਜੌਲੀ, ਕਰਨੈਲ ਸਿੰਘ ਡੂਮਛੇੜੀ ਆਦਿ ਮੌਜੂਦ ਸਨ।
ਮੰਗਾਂ ਪੂਰੀਆਂ ਹੋਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਕੁਰਾਲੀ (ਮਿਹਰ ਸਿੰਘ): ਲੋਕ ਹਿੱਤ ਮਿਸ਼ਨ ਵੱਲੋਂ ਮਾਜਰੀ ਬਲਾਕ ਵਿਚ ਪ੍ਰਦਰਸ਼ਨ ਕੀਤਾ ਗਿਆ ਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਤਹਿਸੀਲ ਕੰਪਲੈਕਸ ਅੱਗੇ ਪ੍ਰਦਰਸ਼ਨ ਦੌਰਾਨ ਬੋਲਦਿਆਂ ਗੁਰਮੀਤ ਸਿੰਘ ਸਾਂਟੂ, ਸੁਖਦੇਵ ਸਿੰਘ ਸੁੱਖਾ ਕੰਸਾਲਾ, ਰਵਿੰਦਰ ਸਿੰਘ ਵਜੀਦਪੁਰ, ਮਨਦੀਪ ਸਿੰਘ ਖਿਜਰਾਬਾਦ, ਬਲਕਾਰ ਸਿੰਘ ਭੰਗੂ, ਹਰਜੀਤ ਸਿੰਘ ਢਕੋਰਾਂ, ਦਰਸ਼ਨ ਸਿੰਘ ਖੇੜਾ ਆਦਿ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਐੱਮਐੱਸਪੀ ਲਾਗੂ ਕਰਨ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ’ਤੇ ਕਾਰਵਾਈ ਕਰਨ, ਕਿਸਾਨਾਂ ’ਤੇ ਦਰਜ ਕੇਸ ਰੱਦ ਕਰਨ ਆਦਿ ਫ਼ੈਸਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਕਿਸਾਨਾਂ-ਮਜ਼ਦੂਰਾਂ ਨੇ ਨਾਇਬ ਤਹਿਸੀਲਦਾਰ ਦੀਪਕ ਭਾਰਦਵਾਜ ਨੂੰ ਪ੍ਰਧਾਨ ਮੰਤਰੀ ਦੇ ਨਾਂ ’ਤੇ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ।