ਕਰਮਜੀਤ ਸਿੰਘ ਚਿੱਲਾ
ਬਨੂੜ, 15 ਨਵੰਬਰ
ਇੱਥੋਂ ਤੇਪਲਾ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਸਥਿਤ ਪਿੰਡ ਬਾਸਮਾਂ ਕਲੋਨੀ ਨੇੜੇ ਸਥਾਪਿਤ ਫਰਾਇਡਨਬਰਗ ਐੱਨਓਕੇ ਦੇ ਕਰਮਚਾਰੀਆਂ ਵੱਲੋਂ ਪਿਛਲੇ ਤਿੰਨ ਦਿਨ ਤੋਂ ਗੇਟ ਉੱਤੇ ਲਗਾਏ ਧਰਨੇ ਵਿੱਚ ਅੱਜ ਕਿਸਾਨ ਜਥੇਬੰਦੀਆਂ ਨੇ ਸ਼ਿਰਕਤ ਕੀਤੀ। ਚੜੂਨੀ ਯੂਨੀਅਨ ਦੇ ਪਟਿਆਲਾ ਦੇ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਸਰਕਲ ਬਨੂੜ ਦੇ ਪ੍ਰਧਾਨ ਨੰਬਰਦਾਰ ਸਤਨਾਮ ਸਿੰਘ ਸੱਤਾ ਖਲੌਰ, ਜ਼ਿਲ੍ਹਾ ਜਨਰਲ ਸਕੱਤਰ ਸਰਪੰਚ ਤੇਜਿੰਦਰ ਸਿੰਘ ਲੀਲਾ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿੱਕੀ ਘਨੌਰ ਤੇ ਕਈ ਸਰਪੰਚਾਂ ਨੇ ਫੈਕਟਰੀ ਪ੍ਰਬੰਧਕਾਂ ਵੱਲੋਂ ਤਾਲਾਬੰਦੀ ਕਰਨ ਅਤੇ ਡੇਢ ਸੌ ਤੋਂ ਵੱਧ ਕਰਮਚਾਰੀਆਂ ਨੂੰ ਜਬਰਦਸਤੀ ਨੌਕਰੀ ਤੋਂ ਹਟਾਉਣ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਮੁੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਤੁਰੰਤ ਬਹਾਲ ਨਾ ਕੀਤੀਆਂ ਤੇ ਤਾਲਾਬੰਦੀ ਖਤਮ ਨਾ ਕੀਤੀ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਤੋਂ ਗੁਰੇਜ਼ ਨਹੀਂ ਕਰਨਗੀਆਂ।
ਫੈਕਟਰੀ ਦੇ ਮੁਲਾਜ਼ਮਾਂ ਦੀ ਯੂਨੀਅਨ ਦੇ ਪ੍ਰਧਾਨ ਕਮਲਜੀਤ ਸਿੰਘ ਸੈਣੀ, ਪ੍ਰਿੰਸ ਸ਼ਰਮਾ, ਮਨਪ੍ਰੀਤ ਸਿੰਘ, ਪਰਮਿੰਦਰ ਸਿੰਘ, ਰਵਿੰਦਰ ਪੁਰੀ, ਜਸਵਿੰਦਰ ਸਿੰਘ, ਅਮਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਅਮਰੀਕ ਸਿੰਘ ਤੇ ਹੋਰ ਕਰਮਚਾਰੀਆਂ ਨੇ ਦੱਸਿਆ ਕਿ ਫੈਕਟਰੀ ਦੇ ਪ੍ਰਬੰਧਕਾਂ ਵੱਲੋਂ ਗੈਰਕਾਨੂੰਨੀ ਤਰੀਕੇ ਨਾਲ ਕੱਢੇ ਗਏ ਕਰਮਚਾਰੀਆਂ ਨੂੰ ਜਦੋਂ ਤਕ ਬਹਾਲ ਨਹੀਂ ਕੀਤਾ ਜਾਂਦਾ ਤੇ ਹੋਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਇਹ ਧਰਨਾ ਦਿਨ ਰਾਤ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਲੇਬਰ ਵਿਭਾਗ ਅਤੇ ਪੰਜਾਬ ਸਰਕਾਰ ਤੋਂ ਮਾਮਲੇ ਵਿੱਚ ਤੁਰੰਤ ਦਖਲ ਦੀ ਮੰਗ ਕੀਤੀ।
ਰਾਕੇਸ਼ ਟਿਕੈਤ ਤੇ ਦਰਸ਼ਨਪਾਲ ਧਰਨੇ ’ਚ ਸ਼ਾਮਲ ਹੋਏ
ਸਿਗਮਾ ਫੈਕਟਰੀ ਦੀ ਤਾਲਾਬੰਦੀ ਅਤੇ ਮੁਲਾਜ਼ਮਾਂ ਨੂੰ ਨੌਕਰੀਉਂ ਕੱਢਣ ਦੇ ਰੋਸ ਵਜੋਂ ਫੈਕਟਰੀ ਦੇ ਗੇਟ ਅੱਗੇ ਆਰੰਭੇ ਅਣਮਿੱਥੇ ਸਮੇਂ ਦੇ ਧਰਨੇ ਵਿੱਚ ਅੱਜ ਸ਼ਾਮੀਂ ਸਯੁੰਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਅਤੇ ਡਾ. ਦਰਸ਼ਨ ਪਾਲ ਨੇ ਵੀ ਸ਼ਿਰਕਤ ਕੀਤੀ। ਆਗੂਆਂ ਆਖਿਆ ਕਿ ਸਯੁੰਕਤ ਕਿਸਾਨ ਮੋਰਚਾ ਫੈਕਟਰੀ ਕਾਮਿਆਂ ਦੇ ਨਾਲ ਹੈ ਤੇ ਫੈਕਟਰੀ ਪ੍ਰਬੰਧਕਾਂ ਨੂੰ ਕਾਮਿਆਂ ਨਾਲ ਧੱਕਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਫੈਕਟਰੀ ਪ੍ਰਬੰਧਕਾਂ ਨੇ ਤਾਲਾਬੰਦੀ ਤੁਰੰਤ ਖਤਮ ਨਾ ਕੀਤੀ ਅਤੇ ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਬਹਾਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਨਿਰਮਲ ਸਿੰਘ ਧਾਲੀਵਾਲ, ਵਿਨੋਦ ਚੁੱਘ ਨੇ ਵੀ ਸੰਬੋਧਨ ਕੀਤਾ।