ਅਜੇ ਮਲਹੋਤਰਾ
ਫ਼ਤਹਿਗੜ੍ਹ ਸਾਹਿਬ, 30 ਅਪਰੈਲ
ਇਥੋਂ ਦੇ ਮਾਤਾ ਗੁਜਰੀ ਕਾਲਜ ਕਾਲਜ ਦੀ ਕਾਨਵੋਕੇਸ਼ਨ ਦੌਰਾਨ ਮੁੱਖ ਮਹਿਮਾਨ ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਨੇ ਸਮਾਗਮ ਦੌਰਾਨ ਡਿਗਰੀਆਂ ਅਤੇ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿੱਦਿਅਕ ਗਤੀਵਿਧੀਆਂ ਦੇ ਨਾਲ-ਨਾਲ ਸਾਹਿਤਕ, ਸੱਭਿਆਚਾਰਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਮਾਤਾ ਗੁਜਰੀ ਕਾਲਜ ਦੀਆਂ ਅਕਾਦਮਿਕ, ਧਾਰਮਿਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿੱਚ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਉੱਤੇ ਕੀਤੀਆਂ ਸ਼ਾਨਦਾਰ ਉਪਲਬੱਧੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਸ ਕਾਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ 1633 ਡਿਗਰੀਆਂ ਅਤੇ 40 ਗੋਲਡ ਮੈਡਲ ਪ੍ਰਦਾਨ ਕੀਤੇ ਗਏ। ਡਿਗਰੀਆਂ ਪ੍ਰਾਪਤ ਕਰਨ ਵਾਲਿਆਂ ਵਿੱਚ 573 ਪੋਸਟ ਗ੍ਰੈਜੂਏਟ ਅਤੇ 1060 ਗ੍ਰੈਜੂਏਟ ਸ਼ਾਮਲ ਹਨ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਚੰਗੇ ਇਨਸਾਨ ਅਤੇ ਚੰਗੇ ਨਾਗਰਿਕ ਬਣਕੇ ਆਪਣੇ ਕਾਲਜ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨਾ ਚਾਹੀਦਾ ਹੈ।