ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਮਈ
ਇੱਥੇ ਹੱਲੋਮਾਜਰਾ ਲਾਈਟ ਪੁਆਇੰਟ ਨੇੜੇ ਮੋਟਰਸਾਈਕਲ ਤਿਲਕ ਗਿਆ ਜਿਸ ਕਾਰਨ ਪਿਉ-ਧੀ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੀੜਤਾਂ ਦੀ ਪਛਾਣ ਅੰਮ੍ਰਿਤਪਾਲ ਵਾਸੀ ਜ਼ੀਰਕਪੁਰ ਅਤੇ ਉਸ ਦੀ 21 ਸਾਲਾਂ ਦੀ ਧੀ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ 31 ਦੀ ਪੁਲੀਸ ਨੇ ਹਾਦਸੇ ਸਬੰਧੀ ਕੇਸ ਦਰਜ ਕਰ ਲਿਆ ਹੈ। ਇਹ ਕੇਸ ਰਣਜੀਤ ਸਿੰਘ ਵਾਸੀ ਪਿੰਡ ਦੜੂਆ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਚਲਾ ਰਿਹਾ ਸੀ। ਜਦੋਂ ਉਹ ਹੱਲੋਮਾਜਰਾ ਲਾਈਟ ਪੁਆਇੰਟ ’ਤੇ ਪਹੁੰਚੇ ਤਾਂ ਮੋਟਰਸਾਈਕਲ ਤਿਲਕ ਗਿਆ। ਥਾਣਾ ਸੈਕਟਰ-31 ਦੀ ਪੁਲੀਸ ਨੇ ਮੋਟਰਸਾਈਕਲ ਚਾਲਕ ਅੰਮ੍ਰਿਤਪਾਲ ਖ਼ਿਲਾਫ਼ ਪਰਚਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।