ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਨਵੰਬਰ
ਕਰੋਨਾਵਾਇਰਸ ਦੇ ਚੱਲਦਿਆਂ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਕਲੱਬਾਂ ਅਤੇ ਹੁੱਕਾ ਬਾਰਾਂ ’ਤੇ ਲਗਾਈ ਗਈ ਪਾਬੰਦੀ ਦੇ ਬਾਵਜੂਦ ਹੁੱਕਾ ਸਪਲਾਈ ਕਰਨ ਸਬੰਧੀ ਚੰਡੀਗੜ੍ਹ ਪੁਲੀਸ ਨੇ ਇਕ ਹੁੱਕਾ ਬਾਰ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਵਿਅਕਤੀ ਦੀ ਪਛਾਣ ਨੀਰਜ ਖਰਾਬ ਵਾਸੀ ਸੈਕਟਰ-44 ਏ ਵਜੋਂ ਹੋਈ ਹੈ ਜੋ ਕਿ ਸੈਕਟਰ-26 ’ਚ ਸਥਿਤ ਬਾਰ ਐਕਸਚੇਂਜ ਦਾ ਮਾਲਕ ਹੈ। ਇਹ ਕਾਰਵਾਈ ਥਾਣਾ ਸੈਕਟਰ-26 ਦੀ ਪੁਲੀਸ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੈਕਟਰ-26 ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੈਕਟਰ-26 ’ਚ ਸਥਿਤ ਹੁੱਕਾ ਬਾਰਾਂ ’ਤੇ ਚੈਕਿੰਗ ਕੀਤੀ। ਇਸ ਦੌਰਾਨ ਇਕ ਹੁੱਕਾ ਬਾਰ ਵਿੱਚ ਪਾਬੰਦੀ ਦੇ ਬਾਵਜੂਦ ਹੁੱਕਾ ਸਪਲਾਈ ਕੀਤਾ ਜਾ ਰਿਹਾ ਸੀ ਤਾਂ ਪੁਲੀਸ ਨੇ ਨੀਰਜ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।