ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 9 ਅਕਤੂਬਰ
ਕੌਮੀ ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਨੇ ਮੁਹਾਲੀ ਅਤੇ ਆਸ-ਪਾਸ ਇਲਾਕਿਆਂ ਵਿੱਚ ਮਠਿਆਈ ਅਤੇ ਹੋਰ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਦੁਕਾਨਦਾਰਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।
ਇਸ ਦੌਰਾਨ ਸਿਹਤ ਵਿਭਾਗ ਨੇ ਕਈ ਦੁਕਾਨਾਂ ਤੋਂ ਸੈਂਪਲ ਵੀ ਲਏ। ਅੱਜ ਇੱਥੇ ਇਹ ਜਾਣਕਾਰੀ ਸਿਵਲ ਸਰਜਨ ਡਾ. ਆਦਰਸ਼ ਪਾਲ ਕੌਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਦਿੱਤੀ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਫੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ ਦਾ ਪਾਠ ਪੜ੍ਹਾਉਂਦਿਆਂ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ, ਕਰਿਆਨਾ ਦੁਕਾਨਦਾਰਾਂ, ਫਲ/ ਸਬਜ਼ੀਆਂ, ਦੋਧੀਆਂ ਅਤੇ ਹੋਰ ਫੂਡ ਬਿਜ਼ਨੈੱਸ ਅਪਰੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਸ਼ੁੱਧ, ਮਿਆਰੀ ਤੇ ਸਾਫ਼-ਸੁਥਰੀਆਂ ਚੀਜ਼ਾਂ ਵੇਚਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਫੂਡ ਸੇਫ਼ਟੀ ਵਿੰਗ ਦੀਆਂ ਟੀਮਾਂ ਵੱਲੋਂ ਸਮੇਂ ਸਮੇਂ ’ਤੇ ਦੁਕਾਨਾਂ ਦੀ ਚੈਕਿੰਗ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਮੀਟਿੰਗ ਵਿੱਚ ਹਦਾਇਤਾਂ ਦਿੱਤੀਆਂ ਸਨ ਜਿਸ ’ਤੇ ਅਮਲ ਕਰਦਿਆਂ ਫੂਡ ਸੇਫ਼ਟੀ ਟੀਮ ਨੇ ਅੱਜ ਮੁਹਾਲੀ, ਮੁੱਲਾਂਪੁਰ ਗਰੀਬਦਾਸ, ਕੁਰਾਲੀ, ਨਵਾਂ ਗਾਉਂ ਅਤੇ ਨਿਊ ਚੰਡੀਗੜ੍ਹ ਵਿੱਚ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਵੱਖ-ਵੱਖ ਚੀਜ਼ਾਂ ਦੇ ਸੈਂਪਲ ਲਏ।
ਸਿਵਲ ਸਰਜਨ ਨੇ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਕਾਨੂੰਨ ਦੀ ਉਲੰਘਣਾ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤਹਿਤ ਸਬੰਧਤ ਦੁਕਾਨਦਾਰ ਦਾ ਵਿਕਰੀ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ। ਕਾਨੂੰਨ ਵਿੱਚ ਜੁਰਮਾਨਾ ਤੇ ਸਜ਼ਾ ਦਾ ਵੀ ਪ੍ਰਬੰਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁੱਧਤਾ ਨਾਲ ਸਮਝੌਤਾ ਨਾ ਕਰਨ।