ਮੁਕੇਸ਼ ਕੁਮਾਰ
ਚੰਡੀਗੜ੍ਹ, 22 ਦਸੰਬਰ
ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਰੋਤ ਪੱਧਰ ਤੋਂ ਹੀ ਗਿੱਲਾ ਤੇ ਸੁੱਕਾ ਕੂੜਾ ਵੱਖੋ-ਵੱਖਰਾ ਇਕੱਠਾ ਕਰਨ ਦੀ ਯੋਜਨਾ ਬੁੱਧਵਾਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਪਹਿਲੇ ਗੇੜ ਵਿੱਚ ਇੱਥੋਂ ਦੇ ਸੈਕਟਰ 1 ਤੋਂ ਲੈ ਕੇ ਸੈਕਟਰ 30 ਵਿੱਚ ਇਹ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੇ ਪੰਜਾਬ ਰਾਜ ਭਵਨ ਤੋਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਹਰੀ ਝੰਡੀ ਦਿਖਾ ਕੇ ਵਾਹਨਾਂ ਨੂੰ ਰਵਾਨਾ ਕੀਤਾ। ਚੰਡੀਗੜ੍ਹ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਨਿਗਮ ਨੇ ਇਸ ਯੋਜਨਾ ਨੂੰ ਲੈ ਕੇ 34 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਇਸ ਲਈ ਲੋੜੀਂਦੇ 399 ਵਾਹਨਾਂ ਦਾ ਆਰਡਰ ਕੀਤਾ ਹੋਇਆ ਹੈ।
ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇਸ ਯੋਜਨਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਲਈ ਕਿਹਾ। ਨਗਰ ਨਿਗਮ ਵੱਲੋਂ ਹੁਣ ਘਰ ਘਰ ਤੋਂ ਹੀ ਵੱਖ ਵੱਖ ਕੂੜੇ ਦਾਨ ਵਿੱਚ ਗਿੱਲਾ ਤੇ ਸੁੱਕਾ ਕੂੜਾ ਨਾ ਦੇਣ ਵਾਲਿਆਂ ’ਤੇ ਜੁੁਰਮਾਨਾ ਵੀ ਲਗਾਇਆ ਜਾਵੇਗਾ। ਚੰਡੀਗੜ੍ਹ ਦੀ ਮੇਅਰ ਰਾਜ ਬਾਲਾ ਮਲਿਕ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਤੇ ਪੂਰੇ ਸ਼ਹਿਰ ਨੂੰ ਲਾਭ ਹੋਵੇਗਾ। ਉਧਰ ਇਸ ਯੋਜਨਾ ਦਾ ਸ਼ੁਰੂ ਤੋਂ ਵਿਰੋਧ ਕਰ ਰਹੇ ਸ਼ਹਿਰ ਦੇ ਡੋਰ ਟੂ ਡੋਰ ਗਾਰਬੇਜ ਕੁਲੈਕਟਰਜ਼ ਨੂੰ ਲੈਕੇ ਨਗਰ ਨਿਗਮ ਦੀ ਸੈਨੀਟੇਸ਼ਨ ਕਮੇਟੀ ਚੇਅਰਮੈਨ ਰਾਜੇਸ਼ ਕਾਲੀਆ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਇਹ ਵਿਵਾਦ ਲਗਪਗ ਹੱਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਗਾਰਬੇਜ ਕੁਲੈਕਟਰਜ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਇਹ ਯੋਜਨਾ ਪੂਰੀ ਤਰ੍ਹਾਂ ਨਾਲ ਸਫਲ ਹੋਵੇਗੀ। ਦੂਜੇ ਪਾਸੇ ਜਾਣਕਾਰੀ ਅਨੁਸਾਰ ਸ਼ਹਿਰ ਦੇ ਗਾਰਬੇਜ ਕੁਲੈਕਟਰਜ ਨੇ ਇਸ ਯੋਜਨਾ ਦੇ ਵਿਰੋਧ ਵਿੱਚ ਚੰਡੀਗੜ੍ਹ ਪ੍ਰਸ਼ਾਸਕ ਨੂੰ ਆਪਣਾ ਮੰਗ ਪੱਤਰ ਸੌਂਪਿਆ ਹੈ। ਨਗਰ ਨਿਗਮ ਦੀ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਚੱਢਾ ਨੇ ਦੱਸਿਆ ਕਿ ਗਾਰਬੇਜ ਕੁਲੈਕਟਰਜ਼ ਵੱਲੋਂ ਪ੍ਰਸ਼ਾਸਕ ਨਾਲ ਮੁਲਾਕਤ ਕਰਕੇ ਇਸ ਯੋਜਨਾ ਨੂੰ ਰੱਦ ਕਰਵਾਇਆ ਜਾਵੇਗਾ। ਇਸ ਯੋਜਨਾ ਨੂੰ ਸ਼ੁਰੂ ਕਰਨ ਦੇ ਮੌਕੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ, ਨਗਰ ਨਿਗਮ ਦੇ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਜੁਆਇੰਟ ਕਮਿਸ਼ਨਰ ਸੌਰਭ ਅਰੋੜਾ ਸਮੇਤ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।