ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 21 ਮਈ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰੂਘਰ ਦੇ ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 37ਵੀਂ ਸਾਲਾਨਾ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਵਿੱਚ ਭਾਈ ਗੁਰਸੇਵਕ ਸਿੰਘ ਚਮਕਾਰਾ ਦੇ ਪੰਥਕ ਢਾਡੀ ਜਥੇ ਨੇ ਗਿਆਨੀ ਬਲਵੰਤ ਸਿੰਘ ਦਾ ਜੀਵਨ ਬਿਰਤਾਂਤ ਅਤੇ ਉਨ੍ਹਾਂ ਵੱਲੋਂ ਲਗਾਤਾਰ 40 ਸਾਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਕੀਤੀ ਅਣਥੱਕ ਸੇਵਾ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਅਵਤਾਰ ਸਿੰਘ ਆਲਮ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਭਾਈ ਹਿਰਦੇਜੀਤ ਸਿੰਘ, ਬੀਬੀ ਹਰਜਿੰਦਰ ਕੌਰ, ਮਾਤਾ ਸੁੰਦਰ ਕੌਰ ਸਰਬ ਸਾਂਝੀ ਸੁਸਾਇਟੀ, ਭਾਈ ਜੋਗਿੰਦਰ ਸਿੰਘ ਜੋਗੀ, ਹਰਜੱਸ ਕੀਰਤਨੀ ਜਥਾ, ਭਾਈ ਮਹਿੰਦਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਪ੍ਰਤਾਪ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਬਹਾਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਤਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।