ਆਤਿਸ਼ ਗੁਪਤਾ
ਚੰਡੀਗੜ੍ਹ, 4 ਮਈ
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸਵੇਰ ਸਮੇਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਅਤੇ ਕਈ ਥਾਵਾਂ ’ਤੇ ਹੋਈ ਗੜ੍ਹੇਮਾਰੀ ਕਾਰਨ ਮੌਸਮ ਖੁਸ਼ਗਵਾਰ ਹੋ ਗਿਆ ਹੈ। ਸਵੇਰ ਤੋਂ ਪੈ ਰਹੇ ਮੀਂਹ ਕਾਰਨ ਤਾਪਮਾਨ ਵੀ ਆਮ ਨਾਲੋਂ 4 ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ ਅਤੇ ਲੋਕਾਂ ਨੇ ਗਰਮੀ ਤੋਂ ਕਾਫੀ ਰਾਹਤ ਮਹਿਸੂਸ ਕੀਤੀ ਹੈ। ਬੁੱਧਵਾਰ ਨੂੰ ਸਵੇਰੇ 7 ਵਜੇ ਮੀਂਹ ਸ਼ੁਰੂ ਹੋ ਗਿਆ ਸੀ ਜੋ ਕਿ ਦਿਨ ਭਰ ਰੁਕ-ਰੁਕ ਕੇ ਪੈਂਦਾ ਰਿਹਾ ਹੈ। ਉੱਥੇ ਹੀ ਪੰਜਾਬ ਯੂਨੀਵਰਸਿਟੀ ਸਣੇ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਗੜ੍ਹੇਮਾਰੀ ਹੋਈ ਹੈ। ਇਸ ਦੇ ਨਾਲ ਹੀ ਸਾਰਾ ਦਿਨ ਸੰਘਣੇ ਬੱਦਲਾਂ ਦੇ ਨਾਲ ਤੇਜ਼ ਹਵਾਵਾਂ ਦਾ ਲੋਕ ਆਨੰਦ ਮਾਨਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹੇਗਾ ਅਤੇ ਮੁੜ ਤੋਂ ਗਰਮੀ ਵਧੇਗੀ। ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਵਿੱਚ 6.2 ਐੱਮਐੱਮ ਮੀਂਹ ਦਰਜ ਕੀਤਾ ਹੈ। ਇਸ ਦੇ ਨਾਲ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜੋ ਕਿ ਆਮ ਨਾਲੋਂ 4 ਡਿਗਰੀ ਸੈਲਸੀਅਸ ਘੱਟ ਸੀ। ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 26.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ ਮੁਹਾਲੀ ’ਚ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਉਹ ਵ ਆਮ ਨਾਲੋਂ 3 ਡਿਗਰੀ ਸੈਲਸੀਅਸ ਘੱਟ ਸੀ। ਮੁਹਾਲੀ ਵਿੱਚ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸ ਤੋਂ ਇਲਾਵਾ ਪੰਚਕੂਲਾ ਵਿੱਚ ਤਾਪਮਾਨ 34 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜੋ ਕਿ ਆਮ ਤੋਂ ਘੱਟ ਹੈ।
ਬੁੱਧਵਾਰ ਸਵੇਰ ਤੋਂ ਹੀ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਲੋਕ ਵੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਤੋਂ ਬਾਅਦ ਸ਼ਹਿਰ ਵਿਚਲੀ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ, ਬਰਡ ਪਾਰਕ ਸਣੇ ਹੋਰਨਾਂ ਪਾਰਕਾਂ ਵਿੱਚ ਲੋਕਾਂ ਦੀ ਭੀੜ ਲੱਗ ਗਈ। ਬੱਚੇ-ਬੁੱਢੇ ਅਤੇ ਹਰ ਵਰਗ ਦੇ ਲੋਕ ਮੌਸਮ ਦਾ ਆਨੰਦ ਮਾਨ ਰਹੇ ਸਨ। ਇਨ੍ਹਾਂ ਹੀ ਨਹੀਂ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਵੀ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ ਹੈ। ਸ਼ਹਿਰ ਦੀਆਂ ਸੜਕਾਂ ’ਤੇ ਵੀ ਚਹਿਲ-ਪਹਿਲ ਲੱਗੀ ਰਹੀ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹੇਗੀ, ਜਿਸ ਕਰਕੇ ਮੁੜ ਤੋਂ ਗਰਮੀ ਵੱਧ ਸਕਦੀ ਹੈ। ਦੱਸਣਯੋਗ ਹੈ ਕਿ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਨਾਲ ਲਗਦੇ ਪਹਾੜੀ ਇਲਾਕੇ ਵਿੱਚ ਵੀ ਦਿਨ ਭਰ ਮੀਂਹ ਪੈਂਦਾ ਰਿਹਾ। ਜਦੋਂਕਿ ਲੰਘੇ ਦਿਨ ਸ਼ਿਮਲਾ ਸਣੇ ਹੋਰਨਾਂ ਪਹਾੜੀ ਇਲਾਕਿਆਂ ਵਿੱਚ ਵੀ ਗੜੇਮਾਰੀ ਹੋ ਕੇ ਹਟੀ ਹੈ।
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ) ਅੱਜ ਸਵੇਰ ਤੋਂ ਲੈ ਕੇ ਸਾਰਾ ਦਿਨ, ਰਾਤ ਤੇਜ਼ ਹਵਾਵਾਂ ਚੱਲਣ ਮਗਰੋਂ ਰੁਕ-ਰੁਕ ਕੇ ਬਾਰਸ਼ ਹੁੰਦੀ ਰਹੀ। ਇੱਥੇ ਜ਼ਿਕਰਯੋਗ ਹੈ ਕਿ ਚੱਲ ਰਹੇ ਗਰਮੀ ਦੇ ਮੌਸਮ ਦੌਰਾਨ ਪਿਛਲੇ ਕਈ ਦਿਨਾਂ ਤੋਂ ਤੇਜ਼ ਹਵਾਵਾਂ ਚੱਲ ਰਹੀਆਂ ਸਨ ਅਤੇ ਅੱਜ ਬੱਦਲਾਂ ਦੀ ਗੜਗੜਾਹਟ ਨਾਲ ਬਾਰਸ਼ ਸ਼ੁਰੂ ਹੋਈ। ਪਿੰਡ ਮੁੱਲਾਂਪੁਰ ਗਰੀਬਦਾਸ, ਨਿਊ ਚੰਡੀਗੜ੍ਹ, ਨਵਾਂ ਗਾਉਂ ਇਲਾਕੇ ਵਿੱਚ ਅੱਜ ਬਾਅਦ ਦੁਪਹਿਰ ਤੱਕ ਬਿਜਲੀ ਦੀ ਸਪਲਾਈ ਠੱਪ ਰਹੀ।