ਸ਼ਸ਼ੀ ਪਾਲ ਜੈਨ
ਖਰੜ, 7 ਅਕਤੂਬਰ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੋਂ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਇੱਥੇ ਹੋ ਰਹੀ ਝੋਨੇ ਦੀ ਖਰੀਦ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਖੁਦ ਮੰਡੀ ਵਿੱਚ ਆਏ ਹੋਏ ਝੋਨੇ ਦੀ ਨਮੀ ਦੀ ਜਾਂਚ ਕੀਤੀ। ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਬਾਹਰਲੇ ਸੂਬਿਆਂ ਤੋਂ ਪੰਜਾਬ ਵਿੱਚ ਆ ਰਹੇ ਝੋਨੇ ਨੂੰ ਰੋਕਣ ਸਬੰਧੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਦਾ ਝੋਨਾ ਕਿਸੇ ਵੀ ਤਰ੍ਹਾਂ ਵਿਕਣ ਨਹੀਂ ਦਿੱਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਇਤਿਹਾਸ ਵਿੱਚ ਪਹਿਲੀ ਵਾਰੀ ਹੋਇਆ ਹੈ ਕਿ ਕਿਸਾਨਾਂ ਦੀ ਜਿਣਸ ਦੀ ਬੋਲੀ 12 ਵਜੇ ਹੋ ਜਾਂਦੀ ਹੈ ਅਤੇ 4 ਵਜੇ ਉਨ੍ਹਾਂ ਦੇ ਖਾਤਿਆਂ ਵਿੱਚ ਅਦਾਇਗੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਹਨ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਦੱਸਿਆਂ ਕਿ ਮੰਡੀਆਂ ਵਿੱਚ ਬੀਤੇ ਕੱਲ੍ਹ ਤੱਕ 3 ਲੱਖ 67 ਹਜ਼ਾਰ ਟਨ ਝੋਨਾ ਆ ਚੁੱਕਿਆ ਹੈ ਅਤੇ 3 ਲੱਖ ਟਨ ਝੋਨਾ ਚੁੱਕਿਆ ਗਿਆ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 143 ਕਰੋੜ ਰੁਪਏ ਪਾ ਦਿੱਤੇ ਗਏ ਹਨ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਮੇਹਰ ਸਿੰਘ ਥੇੜੀ ਨੇ ਵੀ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਕੀਤੀ। ਆੜ੍ਹਤੀਆਂ ਨੇ ਮੰਗ ਕੀਤੀ ਕਿ ਮਾਰਕੀਟ ਕਮੇਟੀ ਦੀ ਹਦਾਇਤਾ ਮੁਤਾਬਕ ਮਜ਼ਦੂਰੀ ਕਿਸਾਨ ਤੋਂ ਕੱਟ ਕੇ ਜੇ ਫਾਰਮ ਵਿੱਚ ਆਪਸ਼ਨ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਹੈ ਕੋਵਿਡ ਦੇ ਦੌਰਾਨ ਐੱਫ.ਸੀ.ਆਈ. ਪਾਸ ਕਿਸਾਨਾਂ ਦੀ ਅਦਾਇਗੀ ਬਕਾਇਆ ਹੈ, ਉਸ ਨੂੰ ਰਿਲੀਜ਼ ਕਰਵਾਇਆ ਜਾਵੇ।
ਚਮਕੌਰ ਸਾਹਿਬ (ਸੰਜੀਵ ਬੱਬੀ): ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਚਮਕੌਰ ਸਾਹਿਬ ਅਨਾਜ ਮੰਡੀ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨਾ ਸਾਫ ਸੁਥਰਾ ਅਤੇ ਸੁੱਕਾ ਕੇ ਲਿਆਉਣ। ਇਸ ਤੋਂ ਬਾਅਦ ਸ੍ਰੀ ਕਟਾਰੂਚੱਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ਮੈਨੇਜਰ ਬਾਈ ਨੱਥਾ ਸਿੰਘ ਵੱਲੋਂ ਸਿਰੋਪਾ ਭੇਟ ਕੀਤਾ ਗਿਆ।