ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਨਵੰਬਰ
ਚੰਡੀਗੜ੍ਹ ਪੁਲੀਸ ਵੱਲੋਂ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਕੀਤੇ ਜਾਂਦੇ ਹਨ। ਇਸ ਦੇ ਬਾਵਜੂਦ ਸੈਕਟਰ-48 ਵਿੱਚ ਸਥਿਤ ਪੰਜਾਬ ਪੁਲੀਸ ਪਬਲਿਕ ਸਕੂਲ ਵਿੱਚ ਚੋਰੀ ਹੋ ਗਈ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-49 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਏਐੱਸਆਈ ਮਨਜੀਤ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕੋਈ ਸਕੂਲ ਵਿੱਚ ਦਾਖ਼ਲ ਹੋ ਕੇ 24 ਟੂਟੀਆਂ, 5 ਘੜੀਆਂ, 16 ਫਾਇਰ ਸੇਫਟੀ ਵਾਟਰ ਪੰਪ, 5 ਪਾਈਪਾਂ ਤੇ ਹੋਰ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਗਿਆ। ਇਸ ਦੇ ਨਾਲ ਹੀ ਸਕੂਲ ਵਿੱਚ ਹਜ਼ਾਰਾਂ ਰੁਪਏ ਦੇ ਸਾਮਾਨ ਦਾ ਨੁਕਸਾਨ ਕਰ ਦਿੱਤਾ ਹੈ। ਥਾਣਾ ਸੈਕਟਰ-49 ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ।