ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 25 ਜੁਲਾਈ
ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਕਾਰਨ ਪਿਛਲੇ ਕਾਫ਼ੀ ਸਮੇਂ ਤੋਂ ਬੰਦ ਪਏ ਪੰਜਾਬ ਦੇ ਸਕੂਲ ਪੜਾਅਵਾਰ 26 ਜੁਲਾਈ ਤੋਂ ਖੁੱਲ੍ਹਣਗੇ। ਜਿਸ ਤਹਿਤ ਦਸਵੀਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਵਿਦਿਆਰਥੀਆਂ ਨੂੰ ਕਰੋਨਾ ਨਿਯਮਾਂ ਦੇ ਦਾਇਰੇ ਵਿੱਚ ਰਹਿੰਦਿਆਂ ਪੰਜਾਬ ਸਰਕਾਰ ਨੇ ਸਕੂਲ ਆਉਣ ਦੀ ਆਗਿਆ ਦਿੱਤੀ ਹੈ। ਇਸ ਸਬੰਧੀ ਮੁਹਾਲੀ ਜ਼ਿਲ੍ਹੇ ਦੇ ਹਾਈ ਤੇ ਸੈਕੰਡਰੀ ਸਕੂਲਾਂ ’ਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਅੱਜ ਇੱਥੇ ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਜਰਨੈਲ ਸਿੰਘ ਕਾਲੇ ਕੇ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਵਿੰਦਰ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਪਾਲਣ ਸਬੰਧੀ ਸਕੂਲ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਸਭ ਨੂੰ ਕੋਵਿਡ-19 ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੇ ਆਦੇਸ਼ ਜਾਰ ਕਰ ਦਿੱਤੇ ਗਏ ਹਨ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ ਹੈ ਤੇ ਸਕੂਲਾਂ ਦੀ ਵਿਸ਼ੇਸ਼ ਸਫਾਈ ਕੀਤੀ ਗਈ ਹੈ। ਇਸ ਸਬੰਧੀ ਪ੍ਰਿੰਸੀਪਲ ਪੁਸ਼ਪਿੰਦਰ ਕੌਰ, ਚਰਨਜੀਤ ਕੌਰ, ਹਰਭੁਪਿੰਦਰ ਕੌਰ, ਇਕਬਾਲ ਕੌਰ ਅਤੇ ਬੰਦਨਾ ਪੁਰੀ ਨੇ ਦੱਸਿਆ ਕਿ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਕੂਲ ’ਚ ਪ੍ਰਵੇਸ਼ ਕਰਨ ਮੌਕੇ ਮਾਸਕ ਪਹਿਨਣ, ਸੈਨੇਟਾਈਜ਼ ਹੋਣ ਤੇ ਲੋੜੀਂਦੀ ਦੂਰੀ ਬਣਾ ਕੇ ਰੱਖਣ ਲਈ, ਜਮਾਤ ਇੰਚਾਰਜਾਂ ਵੱਲੋਂ ਕੀਤੀਆਂ ਜ਼ੂਮ ਬੈਠਕਾਂ ਰਾਹੀਂ ਸੁਚੇਤ ਕਰ ਦਿੱਤਾ ਗਿਆ। ਸਰਕਾਰੀ ਹਾਈ ਸਕੂਲ ਮਾਣਕਪੁਰ ਸ਼ਰੀਫ਼ ਦੇ ਮੁੱਖ ਅਧਿਆਪਕ ਵਿਸ਼ਾਲ ਕੁਮਾਰ ਨੇ ਕਿਹਾ ਕਿ ਅਧਿਆਪਕ ਤੇ ਵਿਦਿਆਰਥੀਆਂ ਕੱਲ੍ਹ ਦੇ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ‘ਚ ਕੋਵਿਡ-19 ਨਿਯਮਾਂ ਦੀ ਪਾਲਣਾ ਸਬੰਧੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਵਿਦਿਆਰਥਣ ਦੇ ਪਿਤਾ ਹਰਪਾਲ ਸਿੰਘ, ਸੁਖਦੇਵ ਸਿੰਘ ਤੇ ਜਸਪਾਲ ਸਿੰਘ ਨੇ ਕਿਹਾ ਕਿ ਭਾਵੇਂ ਸਿੱਖਿਆ ਵਿਭਾਗ ਨੇ ਕਰੋਨਾ ਸੰਕਟ ਦੌਰਾਨ ਟੀਵੀ ਤੇ ਆਨਲਾਈਨ ਪੜ੍ਹਾਈ ਕਰਵਾਉਣ ਲਈ ਬਹੁਤ ਉੱਦਮ ਕੀਤੇ ਪਰ ਬੱਚਿਆਂ ਨੂੰ ਸਕੂਲ ’ਚ ਜਾ ਕੇ ਪੜ੍ਹਨ ਦਾ ਵਧੇਰੇ ਚਾਅ ਹੁੰਦਾ ਹੈ। ਜੋ ਕੱਲ੍ਹ ਨੂੰ ਪੂਰਾ ਹੋ ਜਾਵੇਗਾ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨਰਿੰਦਰ ਕੌਰ, ਹਰਜਿੰਦਰ ਕੌਰ, ਰਕੇਸ਼ ਕੁਮਾਰ, ਮਨਿੰਦਰ ਕੌਰ ਅਤੇ ਹੋਰਨਾਂ ਦਾ ਕਹਿਣਾ ਹੈ ਕਿ ਉਹ ਲੰਮੇ ਅਰਸੇ ਤੋਂ ਸਕੂਲ ਲੱਗਣ ਦੀ ਉਡੀਕ ਵਿੱਚ ਸਨ ਕਿਉਂਕਿ ਵਿਦਿਆਰਥੀ ਜੋ ਕੁਝ ਸਕੂਲ ’ਚ ਜਾ ਕੇ ਸਿੱਖਦੇ ਹਨ, ਉਹ ਆਨਲਾਈਨ ਪੜ੍ਹਾਈ ਦੌਰਾਨ ਨਹੀਂ ਸਿੱਖ ਸਕਦੇ।