ਬਨੂੜ: ਬੀਕੇਯੂ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਪੰਜਾਬ ਸਰਕਾਰ ਉੱਤੇ ਕਿਸਾਨਾਂ ਅਤੇ ਪਾਣੀਆਂ ਦੇ ਮਸਲਿਆਂ ਪ੍ਰਤੀ ਗੰਭੀਰ ਨਾ ਹੋਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸੰਵੇਦਨਸ਼ੀਲ ਮਾਮਲੇ ’ਤੇ ਗੰਭੀਰ ਹੋਣ ਦੀ ਲੋੜ ਹੈ। ਉਹ ਅੱਜ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਦੀ ਅਗਵਾਈ ਹੇਠ ਬਨੂੜ ਵਿੱਚ ਖੋਲ੍ਹੇ ਜ਼ਿਲ੍ਹਾ ਦਫ਼ਤਰ ਦੇ ਉਦਘਾਟਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਕਿਸਾਨ ਆਗੂ ਨੇ ਕਿਹਾ ਕਿ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੋਣਾ ਪੰਜਾਬ ਲਈ ਚਿੰਤਾਜਨਕ ਹੈ, ਉੱਥੇ ਹੀ ਕੁੱਝ ਜ਼ਿਲ੍ਹਿਆਂ ਵਿੱਚ ਪਾਣੀ ਪੀਣ ਯੋਗ ਨਾ ਰਹਿਣ ਕਾਰਨ ਲੋਕਾਂ ਨੂੰ ਬਿਮਾਰੀਆਂ ਲੱਗਣਾ ਬੇਹੱਤ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਾਣੀ ਬਚਾਉਣ ਲਈ ਠੋਸ ਨੀਤੀ ਦੀ ਲੋੜ ਹੈ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਗੁਰਪ੍ਰੀਤ ਸਿੰਘ ਸੇਖਣ ਮਾਜਰਾ, ਯਾਦਵਿੰਦਰ ਸ਼ਰਮਾ, ਸੁਰਿੰਦਰ ਸਿੰਘ ਛਿੰਦਾ ਬਨੂੜ, ਜਸਬੀਰ ਸਿੰਘ ਖਲੌਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ