ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਨਵੰਬਰ
ਕੌਮੀ ਪ੍ਰੈੱਸ ਦਿਵਸ ਮੌਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ‘ਲੋਕਤੰਤਰ, ਪ੍ਰੈੱਸ ਦੀ ਆਜ਼ਾਦ ਅਤੇ ਕਰੋਨਾ ਸੰਕਟ’ ਵਿਸ਼ੇ ’ਤੇ ਚੰਡੀਗੜ੍ਹ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸ੍ਰੀ ਸਿੱਧੂ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਦੋ ਦਹਾਕਿਆਂ ਤੋਂ ਪੱਤਰਕਾਰਤਾ ਦੇ ਪੇਸ਼ੇ ਵਿੱਚ ਵੱਡੀ ਗਿਰਾਵਟ ਆਈ ਹੈ। ਪੱਤਰਕਾਰਤਾ ਇਕ ਮਿਸ਼ਨ ਸੀ ਅਤੇ ਅਖ਼ਬਾਰ ਵਿੱਚ ਛਪੀ ਖ਼ਬਰ ’ਤੇ ਲੋਕ ਵਿਸ਼ਵਾਸ਼ ਕਰਦੇ ਸਨ, ਪਰ ਪਿਛਲੇ ਕੁਝ ਦਹਾਕਿਆਂ ਤੋਂ ਪਹਿਲਾਂ ਪੇਡ ਨਿਊਜ਼ ਦਾ ਦੌਰ ਤੇ ਫਿਰ ਫੇਕ ਨਿਊਜ਼ ਦਾ ਦੌਰ ਸ਼ੁਰੂ ਹੋ ਗਿਆ। ਇਸ ਕਰ ਕੇ ਲੋਕਾਂ ਦਾ ਮੀਡੀਆ ਤੋਂ ਵਿਸ਼ਵਾਸ਼ ਉੱਠ ਗਿਆ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਮੀਡੀਆ ’ਤੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਦੌਰਾਨ ਪੱਤਰਕਾਰਾਂ ਨੇ ਜਾਲ ਤਲੀ ’ਤੇ ਧਰ ਕੇ ਕੰਮ ਕੀਤਾ ਪਰ ਪੱਤਰਕਾਰਾਂ ਨੂੰ ਕੋਈ ਸੁਰੱਖਿਆ ਨਹੀਂ ਮਿਲੀ। ਬੇਸ਼ੱਕ ਭਾਰਤ ਵਿੱਚ ਮੀਡੀਆ ਦੀ ਆਜ਼ਾਦੀ ਦੀ ਗੱਲ ਕਹੀ ਜਾ ਰਹੀ ਹੈ, ਪਰ ਕੌਮਾਂਤਰੀ ਪੱਧਰ ’ਤੇ ਚਰਚਾ ਕਰਦਿਆਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਭਾਰਤ ਦੇ ਮੁਕਾਬਲੇ ਪਾਕਿਸਤਾਨ ਦਾ ਮੀਡੀਆ ਕਾਫ਼ੀ ਬਿਹਤਰ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਪ੍ਰੈੱਸ ਕੌਂਸਲ ਦੇ ਮੈਂਬਰ ਬਲਵਿੰਦਰ ਸਿੰਘ ਜੰਮੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ਮੌਕੇ ਪੱਤਰਕਾਰਾਂ ਨੂੰ ਕਰੋਨਾ ਯੋਧੇ ਐਲਾਨਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਨੇ ਅਜਿਹਾ ਨਹੀਂ ਕੀਤਾ। ਇਸ ਕਰ ਕੇ ਜ਼ਿੰਦਗੀ ਤੋਂ ਰੁਖ਼ਸਤ ਹੋਣ ਵਾਲੇ ਪੱਤਰਕਾਰਾਂ ਦੇ ਪਰਿਵਾਰਾਂ ਨੂੰ ਕਰੋਨਾ ਯੋਧੇ ਨੂੰ ਮਿਲਣ ਵਾਲੀ ਸਕੀਮ ਤਹਿਤ ਲਾਭ ਨਹੀਂ ਮਿਲ ਸਕਿਆ। ਉਨ੍ਹਾਂ ਕੇਂਦਰ ਸਰਕਾਰ ਤੋਂ ਹੋਰ ਸਨਅਤਾਂ ਦੀ ਤਰ੍ਹਾਂ ਮੀਡੀਆ ਸਨਅਤ ਨੂੰ ਵਿਸ਼ੇਸ਼ ਪੈਕੇਜ ਦੇਣ, ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਬਲਬੀਰ ਸਿੰਘ ਜੰਡੂ, ਜਗਤਾਰ ਸਿੰਘ ਭੁੱਲਰ, ਬਲਵਿੰਦਰ ਸਿੰਘ ਸਿਪਰੇ, ਜੈ ਸਿੰਘ ਛਿੱਬਰ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਜਨਰਲ ਸਕੱਤਰ ਬਿੰਦੂ ਸਿੰਘ ਨੇ ਕੀਤਾ ਹੈ।