ਪੱਤਰ ਪ੍ਰੇਰਕ
ਕੁਰਾਲੀ, 17 ਅਗਸਤ
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੁੱਤੀ ਪਈ ਪੰਜਾਬ ਸਰਕਾਰ ਨੂੰ ਜਗਾਉਣ ਤੇ ਰਾਜ ਦੇ ਭਲੇ ਲਈ ਅਜਿਹੀਆਂ ਮੀਟਿੰਗਾਂ ਜ਼ਰੂਰੀ ਹਨ।
ਸ੍ਰੀ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਵਿਕਾਸ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਕੇਂਦਰੀ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਵੀ ਢਿੱਲ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਅਸਰ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਉੱਤੇ ਪੈ ਰਿਹਾ ਹੈ। ਸ੍ਰੀ ਕੰਗ ਨੇ ਕਿਹਾ ਕਿ ਹੁਣ ਤੱਕ ਦੀ ਮਾੜੀ ਕਾਰਗੁਜ਼ਾਰੀ ਕਾਰਨ ਪੰਜਾਬ ਸਰਕਾਰ ਹਰ ਫਰੰਟ ਤੋਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ ਜਦੋਂਕਿ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਵੀ ਅਸਫ਼ਲ ਰਹੀ ਹੈ, ਇਸ ਕਾਰਨ ਪੰਜਾਬ ਦਾ ਹਰ ਵਰਗ ਦੁਖੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਤਾਂ ਵਿੱਚ ਰਾਜਪਾਲ ਵਲੋਂ ਲੋਕ ਹਿੱਤ ਤੇ ਰਾਜ ਦੇ ਭਲੇ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ।