ਪੱਤਰ ਪ੍ਰੇਰਕ
ਘਨੌਲੀ, 15 ਦਸੰਬਰ
ਗੁਰੂ ਗੋਬਿੰਦ ਸਿੰਘ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਪਰਿਵਾਰ ਵਿਛੋੜੇ ਦੀ ਯਾਦ ਨਾਲ ਸਬੰਧਤ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸਰਸਾ ਨੰਗਲ ਦਾ ਸ਼ਹੀਦੀ ਜੋੜ ਮੇਲ ਅੱਜ ਬਾਅਦ ਦੁਪਹਿਰ ਸਮਾਪਤ ਹੋ ਗਿਆ।
ਸਮਾਗਮ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋ ਕੇ ਛੋਟੇ ਸਾਹਿਬਜ਼ਾਦਿਆਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਐਤਵਾਰ ਨੂੰ ਸ਼ੁਰੂ ਹੋਏ ਸ਼ਹੀਦੀ ਜੋੜ ਮੇਲ ਦੇ ਤਿੰਨੋਂ ਦਿਨ ਰਾਗੀ, ਢਾਡੀ, ਕੀਰਤਨੀ ਜਥਿਆਂ ਤੇ ਕਥਾ ਵਾਚਕਾਂ ਨੇ ਸੰਗਤ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਦੌਰਾਨ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਭਾਈ ਉਦੈ ਸਿੰਘ ਦੀਵਾਨ ਹਾਲ ਦੇ ਪੰਡਾਲ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਸਮਾਗਮ ਦੌਰਾਨ ਗਿਆਨੀ ਫੂਲਾ ਸਿੰਘ ਹੈੱਡ ਗਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਮੈਨੇਜਰ ਗੁਰਦੀਪ ਸਿੰਘ ਕੰਗ, ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਦੇ ਇੰਚਾਰਜ ਹਰਚੰਦ ਸਿੰਘ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ ਵੀ ਹਾਜ਼ਰ ਸਨ।
ਮੋਰਿੰਡਾ (ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਮੋਰਿੰਡਾ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਵਿੱਚ ਵੱਡੀ ਗਿਣਤੀ ’ਚ ਸੰਗਤ ਗੁਰੂ ਘਰ ਵਿੱਚ ਨਤਮਸਤਕ ਹੋਈ ਤੇ ਕੌਮ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਭਾਈ ਗੁਰਨਾਮ ਸਿੰਘ ਮੋਹੀ, ਮਲਕੀਤ ਸਿੰਘ ਪਪਰਾਲੀ, ਗਿਆਨੀ ਬਲਬੀਰ ਸਿੰਘ ਬੀਰ, ਭਾਈ ਜਸਪਾਲ ਸਿੰਘ ਤਾਨ ਦੇ ਢਾਡੀ ਜਥਿਆਂ ਤੋਂ ਇਲਾਵਾ ਹੋਰ ਵੀ ਲਗਪਗ 15 ਢਾਡੀ ਜਥਿਆਂ ਨੇ ਢਾਡੀ ਵਾਰਾਂ ਸੁਣਾ ਸ਼ਹੀਦਾਂ ਨੂੰ ਯਾਦ ਕੀਤਾ।
ਚਮਕੌਰ ਸਾਹਿਬ ਦਾ ਸ਼ਹੀਦੀ ਜੋੜ ਮੇਲ 20 ਤੋਂ ਸ਼ੁਰੂ
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਅਤੇ 40 ਸ਼ਹੀਦ ਸਿੰਘਾਂ ਦੀ ਯਾਦ ਵਿੱਚ ਗੁਰਦੁਆਰਾ ਕਤਲਗੜ੍ਹ ਸਾਹਿਬ ਵਿੱਚ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ 20 ਤੋਂ 22 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਨੇ ਦੱਸਿਆ ਕਿ 20 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 22 ਦਸੰਬਰ ਨੂੰ ਭੋਗ ਪਾਉਣ ਉਪਰੰਤ ਨਗਰ ਕੀਰਤਨ ਸਜਾਏ ਜਾਣਗੇ।