ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 10 ਦਸੰਬਰ
ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਵਿੱਚ ਅਧਿਆਪਕਾਂ ਵੱਲੋਂ ਸੱਤਵੇਂ ਪੇਅ ਕਮਿਸ਼ਨ ਅਨੁਸਾਰ ਤਨਖਾਹਾਂ ਨਾ ਦੇਣ ਦੇ ਰੋਸ ਵਜੋਂ ਅੱਜ ਭੁੱਖ ਹੜਤਾਲ ਕੀਤੀ ਗਈ। ਉਨ੍ਹਾਂ ਪੰਜਾਬ ਸਰਕਾਰ ਦੇ ਯੂਜੀਸੀ ਸਕੇਲਾਂ ਨੂੰ ਡੀਲਿੰਕ ਕਰਨ ਦਾ ਵੀ ਵਿਰੋਧ ਕੀਤਾ। ਕਾਲਜ ਦੇ ਅਧਿਆਪਕਾਂ ਨੇ ਵੀ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਡਾ. ਇੰਦਰਪਾਲ ਸਿੰਘ ਸਿੱਧੂ, ਡਾ. ਸੰਦੀਪ ਕੌਰ ਤੇ ਡਾ. ਕਮਲਜੀਤ ਕੌਰ ਭੁੱਖ ਹੜਤਾਲ ’ਤੇ ਬੈਠੇ।
ਡਾ. ਸਿੱਧੂ ਨੇ ਦੱਸਿਆ ਕਿ ਪੰਜਾਬ ਤੇ ਚੰਡੀਗੜ੍ਹ ਦੇ ਏਡਿਡ ਕਾਲਜਾਂ ਦੇ ਅਧਿਆਪਕ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਲੜੀਵਾਰ ਹੜਤਾਲ ਕਰ ਰਹੇ ਹਨ ਪਰ ਪੰਜਾਬ ਸਰਕਾਰ ਇਸ ਮਾਮਲੇ ’ਤੇ ਕਾਰਵਾਈ ਕਰਨ ਦੀ ਥਾਂ ਚੁੱਪ ਬੈਠੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ ਕਾਲਜ ਅਧਿਆਪਕਾਂ ਦੇ ਨਵੇਂ ਸਕੇਲ ਲਾਗੂ ਕੀਤੇ ਗਏ ਹਨ ਪਰ ਪੰਜਾਬ ਸਰਕਾਰ ਨੇ ਇਹ ਹੁਕਮ ਲਾਗੂ ਨਹੀਂ ਕੀਤੇ। ਚੰਡੀਗੜ੍ਹ ਵਿੱਚ ਪੰਜਾਬ ਦੇ ਨਿਯਮ ਲਾਗੂ ਹੁੰਦੇ ਹਨ ਜਿਸ ਕਰ ਕੇ ਚੰਡੀਗੜ੍ਹ ਵਿਚ ਵੀ ਇਹ ਹੁਕਮ ਲਾਗੂ ਨਹੀਂ ਹੋ ਰਹੇ। ਸੈਨੇਟਰ ਇੰਦਰਪਾਲ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੂਜੀਸੀ ਸਕੇਲਾਂ ਅਨੁਸਾਰ ਤਨਖਾਹਾਂ ਨਾ ਦੇਣ ਕਾਰਨ ਪੰਜਾਬ ਤੇ ਚੰਡੀਗੜ੍ਹ ਦੇ 20 ਹਜ਼ਾਰ ਦੇ ਕਰੀਬ ਕਾਲਜ ਅਧਿਆਪਕ ਪ੍ਰਭਾਵਿਤ ਹੋਣਗੇ।
ਉਨ੍ਹਾਂ ਕਿਹਾ ਕਿ ਯੂਜੀਸੀ ਨਾਲੋਂ ਡੀਲਿੰਕ ਕਰਨ ਨਾਲ ਸੂਬੇ ਨੂੰ ਨਾ ਹੀ ਗਰਾਂਟਾਂ ਮਿਲਣਗੀਆਂ ਤੇ ਨਾ ਹੀ ਵਿਦਿਆਰਥੀਆਂ ਨੂੰ ਵਜ਼ੀਫੇ ਮਿਲਣਗੇ।
ਟੀਚਰਜ਼ ਐਸੋਸੀਏਸ਼ਨ ਵੱਲੋਂ ਰੋਸ ਮਾਰਚ
ਚੰਡੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਯੂਨੀਵਰਸਿਟੀ ਵਿੱਚ ਟੀਚਰਜ਼ ਐਸੋਸੀਏਸ਼ਨ ਵੱਲੋਂ ਅੱਜ ਦੁਪਹਿਰ ਸਮੇਂ ਪੈਦਲ ਰੋਸ ਮਾਰਚ ਕੀਤਾ ਗਿਆ। ਇਸ ਤੋਂ ਇਲਾਵਾ ਅਧਿਅਪਾਕਾਂ ਦੀ ਹੜਤਾਲ ਕਰਕੇ ਯੂਨੀਵਰਸਿਟੀ ਵਿੱਚ ਪੜ੍ਹਾਈ ਅੱਜ ਵੀ ਠੱਪ ਰਹੀ। ਰੋਸ ਮਾਰਚ ਵਿੱਚ ਸ਼ਾਮਿਲ ਅਧਿਆਪਕਾਂ ਨੇ ‘ਪੰਜਾਬ ਸਰਕਾਰ ਮੁਰਦਾਬਾਦ’, ‘ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਰਦਾਬਾਦ’, ‘ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕਰੋ’ ਅਤੇ ‘ਅਧਿਆਪਕ ਏਕਤਾ’ ਜ਼ਿੰਦਾਬਾਦ ਦੇ ਨਾਅਰੇ ਲਗਾਏ। ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਪ੍ਰਧਾਨ ਡਾ. ਮ੍ਰਿਤੁੰਜਯ ਕੁਮਾਰ, ਜਨਰਲ ਸਕੱਤਰ ਪ੍ਰੋ. ਅਮਰਜੀਤ ਸਿੰਘ ਨੌਰਾ, ਵਾਈਸ ਪ੍ਰਧਾਨ ਪ੍ਰੋ. ਸੁਪਿੰਦਰ ਕੌਰ, ਜੁਆਇੰਟ ਸਕੱਤਰ ਸਰਵਨਰਿੰਦਰ ਕੌਰ, ਕੈਸ਼ੀਅਰ ਨਿਤਿਨ ਅਰੋੜਾ ਆਦਿ ਨੇ ਸੂਬਾ ਸਰਕਾਰ ਦੀ ਨਿੰਦਾ ਕੀਤੀ।