ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 15 ਜੂਨ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ।
ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਰਵਿੰਦਰ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪੂਰਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਗਾ ਕੇ ਸੁਣਾਇਆ। ਭਾਈ ਸਤਿੰਦਰਪਾਲ ਸਿੰਘ ਲੁਧਿਆਣਾ ਵਾਲੇ ਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 26 ਜੂਨ ਨੂੰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 306ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।
ਮੋਰਿੰਡਾ (ਪੱਤਰ ਪ੍ਰੇਰਕ): ਮੋਰਿੰਡਾ ਅਤੇ ਆਸਪਾਸ ਦੇ ਪਿੰਡਾਂ ਵਿੱਚ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿੱਚ ਭਾਈ ਸਾਹਿਬ ਸਿੰਘ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਕੀਤਾ ਗਿਆ ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਮੰਜੀ ਸਾਹਿਬ (ਬਾਉਲੀ ਸਾਹਿਬ) ਅੰਬਾਲਾ ਸ਼ਹਿਰ ਵਿੱਚ ਨਤਮਸਤਕ ਹੋਈ। ਇਸ ਮੌਕੇ ਦੀਵਾਨ ਵਿੱਚ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਗੁਰੂ ਜੱਸ ਸਰਵਣ ਕਰਵਾਇਆ। ਹਰਪਾਲ ਸਿੰਘ ਮਛੌਂਡਾ ਨੇ ਵੀ ਗੁਰੂ ਹਰਿਗੋਬਿੰਦ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।