ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 30 ਜੂਨ
ਪੰਜਾਬ ਸਰਕਾਰ ਦੀ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਦੀ ਯੋਜਨਾ ਤਹਿਤ 15 ਅਗਸਤ ਤੋਂ ਸੂਬੇ ਭਰ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸੇ ਯੋਜਨਾ ਤਹਿਤ ਮੁਹਾਲੀ ਜ਼ਿਲ੍ਹੇ ਵਿੱਚ 13 ਮੁਹੱਲਾ ਕਲੀਨਿਕ 15 ਅਗਸਤ ਤੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਬੁਨਿਆਦੀ ਢਾਂਚਾ, ਸਾਜੋ-ਸਾਮਾਨ, ਡਾਕਟਰਾਂ ਦੀ ਤਾਇਨਾਤੀ ਆਦਿ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ‘ਤੰਦਰੁਸਤ ਮਨ ਤੇ ਤੰਦਰੁਸਤ ਵਿਚਾਰ’ ਦੀ ਸੋਚ ਅਧੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਮੁਹਾਲੀ ਵਿੱਚ 13 ਮੁਹੱਲਾ ਕਲੀਨਿਕ 15 ਅਗਸਤ ਤੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਅਦਰਸ਼ਪਾਲ ਕੌਰ ਨੇ ਦੱਸਿਆ ਕਿ ਇਨ੍ਹਾਂ 13 ਮੁਹੱਲਾ ਕਲੀਨਿਕਾਂ ਲਈ ਡਾਕਟਰਾਂ ਦੀ ਤਾਇਨਾਤੀ, ਟੈਸਟ ਕਰਵਾਉਣ ਸਬੰਧੀ ਸਾਜੋ-ਸਮਾਨ ਅਤੇ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾ ਲਈ ਗਈ ਹੈ। ਮੀਟਿੰਗ ਵਿੱਚ ਸ਼ਾਮਲ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਹ ਯਕੀਨੀ ਬਣਾਇਆ ਗਿਆ ਕਿ 5 ਅਗਸਤ ਤੱਕ ਇਨ੍ਹਾਂ ਮੁਹੱਲਾ ਕਲੀਨਿਕਾਂ ਦੇ ਬੁਨਿਆਦੀ ਢਾਂਚੇ, ਮੁਰੰਮਤ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਹੱਲਾ ਕਲੀਨਿਕਾਂ ਲਈ ਟੈਂਡਰ ਅਲਾਟ ਕਰ ਦਿੱਤੇ ਗਏ ਹਨ। ਮੁਹਾਲੀ ਬਲਾਕ ਵਿੱਚ ਫੇਜ਼-5 ਸਥਿਤ ਸੇਵਾ ਕੇਂਦਰ ’ਚ ਮੁਹੱਲਾ ਕਲੀਨਿਕ ਸਥਾਪਤ ਕੀਤਾ ਜਾਵੇਗਾ ਜਦੋਂਕਿ ਬਲਾਕ ਘੜੂੰਆਂ ਬਲਾਕ ਵਿੱਚ ਪਿੰਡ ਜੰਡਪੁਰ (ਨੇੜੇ ਵੈਟਰਨਰੀ ਡਿਸਪੈਂਸਰੀ), ਕਮਿਊਨਿਟੀ ਸੈਂਟਰ ਕਾਂਸਲ, ਬਲਾਕ ਖਰੜ ਵਿੱਚ ਪਿੰਡ ਛੱਜੂਮਾਜਰਾ, ਬਲਾਕ ਡੇਰਾਬੱਸੀ ’ਚ ਪਿੰਡ ਸੈਦਪੁਰ, ਮੀਰਪੁਰ ਬਲਾਕ ਢਕੌਲੀ ਵਿੱਚ ਪੀਰ ਮੁਛੱਲਾ, ਬਲਾਕ ਬਨੂੜ ਵਿੱਚ ਹੁਲਕਾ ਰੋਡ ਜੇਕੇ ਪੈਲੇਸ, ਬਲਾਕ ਲਾਲੜੂ ’ਚ ਬਾਲਮੀਕ ਧਰਮਸ਼ਾਲਾ ਪਿੰਡ ਦੱਪਰ, ਪਿੰਡ ਡਹਿਰ, ਆਂਗਨਵਾੜੀ ਸੈਂਟਰ ਪਿੰਡ ਲਹਿਲੀ, ਕਾਲੀ ਮਾਤਾ ਮੰਦਰ ਲਾਲੜੂ, ਧਰਮਸ਼ਾਲਾ ਪ੍ਰੇਮ ਨਗਰ ਲਾਲੜੂ ਵਿੱਚ ਮੁਹੱਲਾ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ।
ਪਲਾਸਟਿਕ ਵਸਤਾਂ ’ਤੇ ਪਾਬੰਦੀ ਦੇ ਹੁਕਮ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ
ਐੱਸ.ਏ.ਐੱਸ. ਨਗਰ (ਮੁਹਾਲੀ): ਕੇਂਦਰ ਸਰਕਾਰ ਵੱਲੋਂ ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤਾਂ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁਹਾਲੀ ਜ਼ਿਲ੍ਹੇ ਵਿੱਚ ਜ਼ਮੀਨੀ ਪੱਧਰ ’ਤੇ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ’ਤੇ ਰੋਕ ਲਾਉਣ ਤੋਂ ਬਾਅਦ ਜੇਕਰ ਕੋਈ ਵਿਅਕਤੀ ਇਸ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਇੱਕ ਮੁਹਿੰਮ ਚਲਾਈ ਜਾਵੇਗੀ ਅਤੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਰੋਕੀ ਜਾਵੇਗੀ।