ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 27 ਸਤੰਬਰ
ਇੱਥੋਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿੱਚ ਵੱਡੀ ਮਾਤਰਾ ਵਿੱਚ ਡੇਂਗੂ ਦਾ ਲਾਰਵਾ ਦੇਖ ਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਹੈਹਾਨ ਰਹਿ ਗਏ। ਉਹ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਵਿਦਿਆਰਥੀਆਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਪ੍ਰਾਰਥਨਾ ਸਭਾ ਵਿੱਚ ਸਕੂਲ ਪਹੁੰਚੇ ਸਨ।
ਮੰਤਰੀ ਨੇ ਖ਼ੁਦ ਡੇਂਗੂ ਲਾਰਵੇ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ ਇਸ ਵਾਰ ਡੇਂਗੂ ਪੀੜਤਾਂ ਦੀ ਗਿਣਤੀ ਵੱਧ ਕੇ 264 ਤੱਕ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਸੋਹਾਣਾ ਸਕੂਲ ਵਿੱਚ ਬਹੁਤ ਸਾਰੀਆਂ ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਹੈਰਾਨੀ ਵੀ ਹੋਈ ਹੈ। ਮੰਤਰੀ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਡੇਂਗੂ ਦੇ ਲਾਰਵੇ ਦੀ ਪਛਾਣ ਬਾਰੇ ਦੱਸਦਿਆਂ ਸਾਵਧਾਨ ਰਹਿਣ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਸਿਹਤ ਮੰਤਰੀ ਅਤੇ ਵਿਭਾਗ ਦੀਆਂ ਟੀਮਾਂ ਨੇ ਸਕੂਲ ਨੇੜਲੇ ਗੰਦੇ ਪਾਣੀ ਦੇ ਟੋਭੇ ਅਤੇ ਆਸ-ਪਾਸ ਇਲਾਕੇ ਵਿੱਚ ਡੇਂਗੂ ਦਾ ਲਾਰਵਾ ਚੈੱਕ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਘਰਾਂ ਵਿੱਚ ਡੇਂਗੂ ਲਾਰਵੇ ਨੂੰ ਨਸ਼ਟ ਕਰਨ ਵਿੱਚ ਮਾਪਿਆਂ ਦੀ ਮਦਦ ਕਰਨ ਅਤੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਫੁੱਲਾਂ ਦੇ ਗਮਲਿਆਂ ਅਤੇ ਹੋਰ ਬਰਤਨਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਕੇ ਡੇਂਗੂ ਦੇ ਲਾਰਵੇ ਨੂੰ ਨਸ਼ਟ ਕੀਤਾ ਜਾਵੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਸਕੂਲਾਂ ਵਿੱਚ ਜਾ ਕੇ ਅੱਠਵੀਂ ਤੋਂ ਉੱਪਰਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਿਹਤ ਸਿੱਖਿਆ, ਫਸਟ ਏਡ, ਲਾਈਫ਼ ਸਕਿੱਲਜ਼, ਨਿੱਜੀ ਸਫ਼ਾਈ ਅਤੇ ਨੱਕ ਤੋਂ ਖੂਨ ਵਗਣ ਸਬੰਧੀ ਸਮੱਸਿਆਵਾਂ ਬਾਰੇ ਜਾਗਰੂਕ ਕਰਨਾ ਸ਼ੁਰੂ ਕਰੇਗਾ ਤਾਂ ਜੋ ਉਹ ਦੂਜਿਆਂ ਦੀ ਸਹਾਇਤਾ ਕਰਨ ਦੇ ਨਾਲ-ਨਾਲ ਸਿਹਤ ਸਬੰਧੀ ਇਨ੍ਹਾਂ ਮੁਸ਼ਕਲਾਂ ਨੂੰ ਆਪਣੇ ਤੌਰ ’ਤੇ ਹੱਲ ਕਰ ਸਕਣ। ਉਨ੍ਹਾਂ ਕਿਹਾ ਕਿ ਡੇਂਗੂ ਮਰੀਜ਼ਾਂ ਦੀ ਦੇਖਭਾਲ ਲਈ ਬਲੱਡ ਬੈਂਕ, ਬਲੱਡ ਕੰਪੋਨੈਂਟ ਅਤੇ ਬੈੱਡਾਂ ਦੇ ਸਾਰੇ ਪ੍ਰਬੰਧ ਹਨ ਪਰ ਇਸ ਤੋਂ ਬਚਾਅ ਹੀ ਸਭ ਤੋਂ ਵਧੀਆ ਇਲਾਜ ਹੈ। ਉਨ੍ਹਾਂ ਕਿਹਾ ਕਿ ਗੰਭੀਰ ਡੇਂਗੂ ਬੁਖਾਰ ਘਾਤਕ ਬਣ ਸਕਦਾ ਹੈ। ਮੰਤਰੀ ਨੇ ਮੌਕੇ ’ਤੇ ਹੀ ਏਡੀਸੀ ਦਮਨਜੀਤ ਮਾਨ ਨੂੰ ਕਿਹਾ ਕਿ ਪਿੰਡ ਦੇ ਛੱਪੜ ਦਾ ਨਵੀਨੀਕਰਨ ਕਰਕੇ ਇਸ ਨੂੰ ਫਿਟਨੈੱਸ ਸੈਂਟਰ ਵਜੋਂ ਵਿਕਸਤ ਕੀਤਾ ਜਾਵੇ ਅਤੇ ਆਲੇ-ਦੁਆਲੇ ਵਾਕਿੰਗ ਟਰੈਕ ਬਣਾਇਆ ਜਾਵੇ।