ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਗਸਤ
ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਦੇ 22 ਪਿੰਡਾਂ ਦੇ ਲੋਕਾਂ ਨੂੰ ਇਕ ਹੋਰ ਵੱਡਾ ਝਟਕਾ ਦਿੰਦਿਆਂ ਲਾਲ ਡੋਰੇ ਤੋਂ ਬਾਹਰ ਦੀਆਂ ਉਸਾਰੀਆਂ ਨੂੰ ਨਿਯਮਤ ਕਰਨ ਤੋਂ ਹੱਥ ਖਿੱਚ ਲਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਇਸ ਫ਼ੈਸਲੇ ਦੇ ਨਾਲ ਹੀ ਚੰਡੀਗੜ੍ਹ ਦੇ 22 ਪਿੰਡਾਂ ਵਿੱਚ ਰਹਿੰਦੇ ਲੱਖਾਂ ਲੋਕਾਂ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਦੇ ਵਿੱਚ ਪ੍ਰਸ਼ਨ ਕੀਤਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀ ਚੰਡੀਗੜ੍ਹ ਦੇ ਪਿੰਡਾਂ ਵਿੱਚ ਲਾਲ ਡੋਰੇ ਤੋਂ ਬਾਹਰ ਦੀਆਂ ਉਸਾਰੀਆਂ ਨੂੰ ਨਿਯਮਤ ਕਰਨ ਦੀ ਕੋਈ ਯੋਜਨਾ ਹੈ। ਇਸ ਦੇ ਜਵਾਬ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਚੰਡੀਗੜ੍ਹ ਦੇ ਵਿਕਾਸ ਲਈ ਮਾਸਟਰ ਪਲਾਨ ਅਨੁਸਾਰ ਕੰਮ ਕੀਤਾ ਜਾਂਦਾ ਹੈ। ਇਹ ਮਾਸਟਰ ਪਲਾਨ ਸਾਲ 2031 ਤੱਕ ਲਈ ਪਹਿਲਾਂ ਹੀ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਾਲ ਡੋਰੇ ਤੋਂ ਬਾਹਰ ਦੀਆਂ ਉਸਾਰੀਆਂ ਨੂੰ ਰੈਗੂਲਰ ਕਰਨ ਲਈ ਉਨ੍ਹਾਂ ਕੋਲ ਕੋਈ ਵੀ ਪਲੈਨ ਨਹੀਂ ਹਨ। ਡਿਪਟੀ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਉਸਾਰੀ ਨਹੀਂ ਕੀਤੀ ਜਾ ਸਕਦੀ ਹੈ। ਸ੍ਰੀ ਤਿਵਾੜੀ ਨੇ ਪੁੱਛਿਆ ਕਿ ਲਾਲ ਡੋਰੇ ਤੋਂ ਬਾਹਰ ਲੋਕਾਂ ਦੇ ਪਾਣੀ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ। ਇਸ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਕਿਹਾ ਕਿ ਨਗਰ ਨਿਗਮ ਲਾਲ ਡੋਰੇ ਦੇ ਵਿੱਚ ਹੀ ਪਾਣੀ ਦੇ ਕੁਨੈਕਸ਼ਨ ਜਾਰੀ ਕਰ ਸਕਦਾ ਹੈ। ਤੇ ਨਿਗਮ ਵੱਲੋਂ ਨਾਜਾਇਜ਼ ਕੁਨੈਕਸ਼ਨਾਂ ਨੂੰ ਕੱਟਿਆ ਜਾਂਦਾ ਹੈ।