ਸਰਬਜੀਤ ਸਿੰਘ ਭੱਟੀ
ਲਾਲੜੂ, 10 ਮਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਦੱਪਰ ਟੌਲ ਪਲਾਜ਼ਾ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਸੈਂਕੜੇ ਕਾਰਾਂ ਦੇ ਕਾਫਲੇ ਦਿੱਲੀ ਮੋਰਚੇ ਲਈ ਰਵਾਨਾ ਹੋਏ। ਜੱਥੇ ਨੂੰ ਰਵਾਨਾ ਕਰਨ ਸਮੇਂ ਹਰਿੰਦਰ ਸਿੰਘ ਲੱਖੋਵਾਲ, ਮਨਪ੍ਰੀਤ ਸਿੰਘ ਅਮਲਾਲਾ, ਕਰਮ ਸਿੰਘ ਬਰੌਲੀ, ਨਾਨੁ ਸਿੰਘ ਜਨੇਤਪੁਰ, ਨਿਰਮੈਲ ਸਿੰਘ ਜੌਲਾ, ਸੁਖਵੀਰ ਸਿੰਘ, ਬਲਬੀਰ ਸਿੰਘ, ਹਰਮੇਸ ਸਿੰਘ ਅਮਲਾਲਾ, ਬਲਜਿੰਦਰ ਸਿੰਘ ਸਰਪੰਚ ਚਡਿਆਲਾ, ਬਖਸੀਸ ਸਿੰਘ ਭੱਟੀ, ਕੁਲਦੀਪ ਸਿੰਘ ਸਰਸੀਣੀ, ਨਿੱਕਾ ਸਿੰਘ ਝਰਮੜੀ, ਨੰਬਰਦਾਰ ਜਸਵੰਤ ਸਿੰਘ ਆਲਮਗੀਰ, ਗੁਰਦੇਵ ਸਿੰਘ ਜਲਾਲਪੁਰ ਸਮੇਤ ਸੈਂਕੜੇ ਆਗੂ ਆਪੋ ਆਪਣੀਆਂ ਕਾਰਾਂ ਵਿੱਚ ਸਵਾਰ ਹੋ ਕੇ ਦੱਪਰ ਟੌਲ ਪਲਾਜ਼ਾ ਤੋਂ ਦਿੱਲੀ ਲਈ ਰਵਾਨਾ ਹੋਏ ਤਾਂ ਜੋ ਦਿੱਲੀ ਸੰਘਰਸ਼ ਨੂੰ ਹੋਰ ਮਜ਼ਬੂਤੀ ਮਿਲ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਪਿੱਛੇ ਨਹੀਂ ਮੁੜਨਗੇ।
ਮੋਰਿੰਡਾ (ਸੰਜੀਵ ਤੇਜਪਾਲ): ‘ਦਿੱਲੀ ਚੱਲੋ’ ਮੁਹਿੰਮ ਤਹਿਤ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਤੋਂ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਲਈ ਕਿਸਾਨਾਂ ਦਾ ਜਥਾ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਤੇ ਪਰਮਜੀਤ ਸਿੰਘ ਅਮਰਾਲੀ ਨੇ ਦੱਸਿਆ ਕਿ ਮੋਰਿੰਡਾ ਇਲਾਕੇ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਦਿੱਲੀ ਅੰਦੋਲਨ ਵਿੱਚ ਸ਼ਮੂਲੀਅਤ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਮੋਦੀ ਸਰਕਾਰ ਖਿਲਾਫ ਆਪਣੀ ਲੜਾਈ ਜਾਰੀ ਰੱਖਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਪਿੰਦਰ ਸਿੰਘ ਮਾਨ, ਦਰਸ਼ਨ ਸਿੰਘ ਮਾਨ, ਗੁਰਵਿੰਦਰ ਸਿੰਘ ਰੰਗੀ, ਹਰਬੰਸ ਸਿੰਘ ਦਤਾਰਪੁਰ, ਖਜਾਨ ਸਿੰਘ ਰੰਗੀਆਂ, ਬਹਾਦਰ ਸਿੰਘ ਖੈਰਪੁਰ, ਕੁਲਦੀਪ ਸਿੰਘ ਸੰਧੂ, ਜੁਝਾਰ ਸਿੰਘ ਮਾਵੀ, ਗੁਰਮੀਤ ਸਿੰਘ ਸਿੱਧੂ, ਬਲਜਿੰਦਰ ਸਿੰਘ ਢਿੱਲੋਂ, ਗੁਰਚਰਨ ਸਿੰਘ ਢੋਲਣਮਾਜਰਾ, ਸੰਤੋਖ ਸਿੰਘ ਕਲਹੇੜੀ ਆਦਿ ਮੌਜੂਦ ਸਨ।
ਕਿਸਾਨ ਸੰਘਰਸ਼ ਨੂੰ ਲਾਮਬੰਦ ਕਰਨ ਲਈ ਮੀਟਿੰਗ
ਕੁਰਾਲੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ( ਕਾਦੀਆ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਿੰਡ ਖੇੜਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ ਨੂੰ ਹੋਰ ਲਾਮਬੰਦ ਕਰਨ ਲਈ ਵਿਚਾਰ ਵਿਟਾਂਦਰਾ ਕੀਤਾ ਗਿਆ ਜਦਕਿ ਕਿਸਾਨ ਆਗੂ ਦਰਸ਼ਨ ਸਿੰਘ ਖੇੜਾ ਨੂੰ ਯੂਨੀਅਨ ਦਾ ਬਲਾਕ ਮਾਜਰੀ ਇਕਾਈ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਪਿੰਡ ਖੇੜਾ ਵਿਖੇ ਹੋਏ ਇਕੱਠ ਦੌਰਾਨ ਯੂਨੀਅਨ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਜੱਸੜਾਂ,ਗੁਰਵਿੰਦਰ ਸਿੰਘ ਭੰਗੂ ਰੁੜਕੀ ਹੀਰਾਂ ਅਤੇ ਹੋਰਨਾਂ ਆਗੂਆਂ ਨੇ ਜਿਥੇ ਕਿਸਾਨੀ ਸੰਘਰਸ਼ ਦੌਰਾਨ ਟੌਲ ਪਲਾਜ਼ਾ ਬੜੌਦੀ ਰਾਹੀਂ ਦਿੱਲੀ ਮੋਰਚੇ ਵਿੱਚ ਇਲਾਕਾ ਵਾਸੀਆਂ ਵੱਲੋਂ ਪਾਏ ਜਾ ਰਹੇ ਯੋਗਦਾਨ ਬਦਲੇ ਧੰਨਵਾਦ ਕਰਦਿਆਂ ਸੰਘਰਸ਼ ਨਾਲ ਲਗਾਤਾਰ ਜੁੜੇ ਰਹਿਣ ਦੀ ਅਪੀਲ ਕੀਤੀ, ਉਥੇ ਬਲਾਕ ਮਾਜਰੀ ਦੀ ਕਰਵਾਈ ਚੋਣ ਦੌਰਾਨ ਦਰਸਨ ਸਿੰਘ ਖੇੜਾ ਨੂੰ ਸਰਬਸੰਮਤੀ ਨਾਲ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।