ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 16 ਮਈ
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪਿੰਡ ਮੁਹਾਲੀ ਅਤੇ ਫੇਜ਼-1 ਵਿੱਚ ਸੈਂਕੜੇ ਖੋਖੇ ਅਤੇ ਦੁਕਾਨਾਂ ਤਹਿਸ ਨਹਿਸ ਕਰ ਦਿੱਤੀਆਂ। ਗਮਾਡਾ ਨੇ ਹਾਈ ਕੋਰਟ ਦੇ ਪੁਰਾਣੇ ਆਦੇਸ਼ਾਂ ਦਾ ਹਵਾਲਾ ਦਿੰਦਿਆਂ ਪੁਲੀਸ ਫੋਰਸ ਦੀ ਮਦਦ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹਾਲਾਂਕਿ ਪੀੜਤਾਂ ਨੇ ਤਿੱਖਾ ਵਿਰੋਧ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਵੱਡੀ ਗਿਣਤੀ ਵਿੱਚ ਤਾਇਨਾਤ ਪੁਲੀਸ ਜਵਾਨਾਂ ਕਾਰਨ ਉਨ੍ਹਾਂ ਦੀ ਕੋਈ ਵਾਹ ਨਹੀਂ ਚੱਲੀ ਅਤੇ ਦੇਖਦੇ ਹੀ ਦੇਖਦੇ ਗਮਾਡਾ ਦੇ ਬੁਲਡੋਜ਼ਰਾਂ ਨੇ ਸਾਰਾ ਕੁੱਝ ਮਿੱਟੀ ਵਿੱਚ ਮਿਲਾ ਦਿੱਤਾ।
ਇਸ ਮੌਕੇ ਜੁੱਲਣ ਕੁਮਾਰ, ਮਿਥੁਨ ਝਾਅ, ਸੇਵਾ ਸਿੰਘ, ਬਲਜੀਤ ਸਿੰਘ, ਗੋਲੂ ਰਾਮ, ਤੋਤਾ ਰਾਮ, ਲੱਡੂ ਅਤੇ ਹੋਰਨਾਂ ਪੀੜਤ ਵਿਅਕਤੀਆਂ ਨੇ ਆਪਬੀਤੀ ਦੱਸਦਿਆਂ ਕਿਹਾ ਕਿ ਗਮਾਡਾ ਨੇ ਤਿੰਨ ਦਿਨ ਪਹਿਲਾਂ ਹੀ ਨੋਟਿਸ ਜਾਰੀ ਕਰਕੇ ਦੁਕਾਨਾਂ ਖਾਲੀ ਕਰਨ ਦੇ ਹੁਕਮ ਚਾੜ੍ਹੇ ਸਨ ਪਰ ਐਨੇ ਘੱਟ ਸਮੇਂ ਵਿੱਚ ਹੋਰ ਕਿਸੇ ਢੁਕਵੀਂ ਥਾਂ ਦਾ ਪ੍ਰਬੰਧ ਕਰਨਾ ਕਾਫ਼ੀ ਮੁਸ਼ਕਲ ਸੀ। ਪੀੜਤਾਂ ਨੇ ਦੱਸਿਆ ਕਿ ਪਹਿਲਾਂ ਗਮਾਡਾ ਨੇ ਇਹ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਇੱਥੋਂ ਉਜਾੜਨ ਤੋਂ ਪਹਿਲਾਂ ਕਿਸੇ ਹੋਰ ਥਾਂ ਪੱਕੀਆਂ ਦੁਕਾਨਾਂ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਜਾਵੇਗੀ ਪਰ ਅਜਿਹਾ ਨਹੀਂ ਹੋਇਆ। ਪੀੜਤਾਂ ਨੇ ਦੱਸਿਆ ਕਿ ਗਮਾਡਾ ਦਾ ਨੋਟਿਸ ਮਿਲਣ ਤੋਂ ਬਾਅਦ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਨ੍ਹਾਂ ਨੇ ਗੱਲ ਤੱਕ ਨਹੀਂ ਸੁਣੀ। ਪੀੜਤਾਂ ਨੇ ਦੱਸਿਆ ਕਿ ਉਹ ਪਿਛਲੇ ਕਰੀਬ ਚਾਰ ਦਹਾਕਿਆਂ ਤੋਂ ਇੱਥੇ ਛੋਟਾ ਮੋਟਾ ਕੰਮ ਕਰਕੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਰਹੇ ਸਨ ਪਰ ਅੱਜ ਗਮਾਡਾ ਨੇ ਸਾਰਾ ਕੁੱਝ ਮਿੱਟੀ ਕਰ ਦਿੱਤਾ।
ਹਾਈ ਕੋਰਟ ਦੇ ਹੁਕਮਾਂ ’ਤੇ ਕੀਤੀ ਕਾਰਵਾਈ: ਐੱਸਡੀਓ
ਗਮਾਡਾ ਦੇ ਐੱਸਡੀਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਹਾਈ ਕੋਰਟ ਦੇ ਹੁਕਮਾਂ ’ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫੇਜ਼-1 ਅਤੇ ਮੁਹਾਲੀ ਪਿੰਡ ਦੇ ਬਾਹਰਵਾਰ ਸੜਕ ਕਿਨਾਰੇ ਬਹੁਤ ਸਾਰੇ ਲੋਕ ਗਮਾਡਾ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰ ਕੇ ਬੈਠੇ ਸਨ। ਇਹ ਥਾਂ ਖਾਲੀ ਕਰਨ ਲਈ ਸਬੰਧਤ ਵਿਅਕਤੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਸਨ ਪਰ ਉਨ੍ਹਾਂ ਨੇ ਥਾਂ ਖਾਲੀ ਨਹੀਂ ਕੀਤੀ। ਇੱਥੇ 150 ਤੋਂ ਵੱਧ ਖੋਖੇ ਅਤੇ ਕੁੱਝ ਮਕਾਨ ਬਣੇ ਹੋਏ ਸਨ। ਗਮਾਡਾ ਨੇ ਅੱਜ ਆਪਣੀ 5 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਛੁਡਾ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨਾਲ ਕੋਈ ਧੱਕੇਸ਼ਾਹੀ ਨਹੀਂ ਕੀਤੀ ਗਈ ਅਤੇ ਸਾਰੀ ਕਾਰਵਾਈ ਸਰਕਾਰੀ ਨੇਮਾਂ ਅਨੁਸਾਰ ਅਮਲ ਵਿੱਚ ਲਿਆਂਦੀ ਗਈ ਹੈ।