ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਦਸੰਬਰ
ਪਿੰਡ ਦੜੂਆ ਵਿੱਚ ਪਤਨੀ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੇ ਇਰਾਦੇ ਨਾਲ ਘੁੰਮ ਰਹੇ ਪਤੀ ਨੂੰ ਪੁਲੀਸ ਨੇ ਕਮਾਨੀਦਾਰ ਚਾਕੂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਤਾਲਬਿ ਵਾਸੀ ਨਿਊ ਇੰਦਰਾ ਕਲੋਨੀ ਚੰਡੀਗੜ੍ਹ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਮੁਲਜ਼ਮ ਦੀ ਪਤਨੀ ਦੀ ਸ਼ਿਕਾਇਤ ’ਤੇ ਕੀਤੀ ਹੈ। ਪੁਲੀਸ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਸ ਦਾ ਆਪਣੇ ਪਤੀ ਨਾਲ ਝਗੜਾ ਰਹਿੰਦਾ ਹੈ। ਇਸ ਕਰਕੇ ਉਹ ਪਿੰਡ ਦੜੂਆ ਵਿੱਚ ਆਪਣੀ ਭੈਣ ਕੋਲ ਰਹਿੰਦੀ ਹੈ। ਪਤਨੀ ਨੇ ਦੋਸ਼ ਲਗਾਇਆ ਕਿ ਉਸ ਨੂੰ ਜਾਨੋ ਮਾਰਨ ਦੇ ਇਰਾਦੇ ਨਾਲ ਉਸ ਦਾ ਪਤੀ ਕਮਾਨੀਦਾਰ ਚਾਕੂ ਲੈ ਕੇ ਪਿੰਡ ਵਿੱਚ ਘੁੰਮ ਰਿਹਾ ਹੈ। ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਇਸ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲੀਸ ਨੇ ਉਸ ਦੇ ਖ਼ਿਲਾਫ਼ ਧਾਰਾ 506 ਆਈਪੀਸੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਆਸ ਜਤਾਈ ਕਿ ਮੁਲਜ਼ਮ ਤੋਂ ਪੁੱਛ-ਪੜਤਾਲ ਦੌਰਾਨ ਵੱਡੇ ਖੁਲਾਸੇ ਵੀ ਹੋ ਸਕਦੇ ਹਨ।