ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 12 ਅਗਸਤ
ਮੁਹਾਲੀ ਨੇੜਲੇ ਪਿੰਡਾਂ ਵਿੱਚ ਵਾਹੀਯੋਗ ਜ਼ਮੀਨ ਵਿੱਚ ਨਾਜਾਇਜ਼ ਕਲੋਨੀਆਂ ਦੀ ਉਸਾਰੀ ਲਗਾਤਾਰ ਜਾਰੀ ਹੈ। ਹਾਲਾਂਕਿ ਕੁੱਝ ਦਿਨ ਪਹਿਲਾਂ ਹੀ ਗਮਾਡਾ ਦੀ ਸ਼ਿਕਾਇਤ ’ਤੇ ਚਾਰ ਦਰਜਨ ਤੋਂ ਵੱਧ ਬਿਲਡਰਾਂ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ, ਪਰ ਹਾਲੇ ਵੀ ਪਿੰਡ ਬੜਮਾਜਰਾ ਦੇ ਬਾਹਰਵਾਰ ਖੇਤਾਂ ਵਿੱਚ ਕੱਟੀ ਜਾ ਰਹੀ ਨਾਜਾਇਜ਼ ਕਲੋਨੀ ਵਿੱਚ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ। ਬੜਮਾਜਰਾ ਵਿੱਚ ਵੱਖ-ਵੱਖ ਥਾਵਾਂ ’ਤੇ ਦੋ ਤੋਂ ਤਿੰਨ ਏਕੜ ਰਕਬੇ ਵਿੱਚ ਪਲਾਟ ਕੱਟੇ ਜਾ ਰਹੇ ਹਨ ਤੇ ਮਕਾਨ ਬਣਾ ਕੇ ਵੇਚੇ ਜਾ ਰਹੇ ਹਨ। ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਦਾ ਕਹਿਣਾ ਹੈ ਕਿ ਬਲੌਂਗੀ ਪੁਲੀਸ ਨੇ ਇਕ ਤਾਂ ਬਿਲਡਰਾਂ ਦੀ ਥਾਂ ਉਨ੍ਹਾਂ ਦੇ ਕਰਿੰਦਿਆਂ ’ਤੇ ਕੇਸ ਦਰਜ ਕੀਤਾ ਹੈ, ਦੂਜਾ ਧਾਰਾਵਾਂ ਵੀ ਬਹੁਤ ਨਰਮ ਲਗਾਈਆਂ ਗਈਆਂ ਹਨ। ਕਲੋਨੀਆਂ ਦੇ ਮਾਲਕਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਨਾਜਾਇਜ਼ ਤਰੀਕੇ ਨਾਲ ਰੀਅਲ ਅਸਟੇਟ ਦਾ ਕੰਮ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਧਰਾਵਾਂ ਤਹਿਤ ਕੇਸ ਦਰਜ ਕਰਕੇ ਜੇਲ੍ਹ ਵਿੱਚ ਡੱਕਿਆ ਜਾਵੇ। ਸਬੰਧਤ ਜ਼ਮੀਨ ਨੂੰ ਜ਼ਬਤ ਕੀਤਾ ਜਾਵੇ। ਗਮਾਡਾ ਦੇ ਐਸਡੀਓ (ਰੈਗੂਲੇਟਰੀ) ਹਰਪ੍ਰੀਤ ਸਿੰਘ ਅਤੇ ਜੇਈ ਵਰੁਣ ਕੁਮਾਰ ਦਾ ਕਹਿਣਾ ਹੈ ਕਿ ਬੜਮਾਜਰਾ ਦੇ ਖੇਤਾਂ ਵਿੱਚ ਨਾਜਾਇਜ਼ ਕਲੋਨੀ ਕੱਟ ਕੇ ਪਲਾਟ ਤੇ ਮਕਾਨ ਵੇਚਣ ਵਾਲੇ ਵਿਅਕਤੀ ਖ਼ਿਲਾਫ਼ ਪਹਿਲਾਂ ਵੀ ਬਲੌਂਗੀ ਥਾਣੇ ਵਿੱਚ ਐਫ਼ਆਈਆਰ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਨੇਮਾਂ ਦੀ ਉਲੰਘਣਾ ਕਰਕੇ ਨਾਜਾਇਜ਼ ਉਸਾਰੀ ਕਰਦਾ ਹੈ ਤਾਂ ਸਬੰਧਤ ਉਸਾਰੀਆਂ ਮੁੜ ਢਾਹੀਆਂ ਜਾਣਗੀਆਂ।