ਮੁਕੇਸ਼ ਕੁਮਾਰ
ਚੰਡੀਗੜ੍ਹ, 13 ਸਤੰਬਰ
ਚੰਡੀਗੜ੍ਹ ਨਗਰ ਨਿਗਮ ਵਿੱਚ ਐਨਫੋਰਸਮੈਂਟ ਵਿੰਗ ਹੋਣ ਦੇ ਬਾਵਜੂਦ ਕਈ ਖੇਤਰ ਅਣਅਧਿਕਾਰਤ ਕਬਜ਼ਿਆਂ ਦੀ ਮਾਰ ਹੇਠ ਹੈ। ਦੂਜੇ ਪਾਸੇ ਨਗਰ ਨਿਗਮ ਦੇ ਅਧਿਕਾਰੀ ਇਨ੍ਹਾਂ ਕਬਜ਼ਿਆਂ ਤੋਂ ਅਣਜਾਣ ਹੋਣ ਦੀ ਗੱਲ ਦੱਸ ਰਹੇ ਹਨ। ਵੇਰਵਿਆਂ ਅਨੁਸਾਰ ਮਨੀਮਾਜਰਾ ਵਿੱਚ ਕਬਾੜ ਖਰੀਦਣ ਵਾਲੇ ਦੁਕਾਨਦਾਰਾਂ ਵਲੋਂ ਕੀਤੇ ਕਬਜ਼ੇ ਰਾਹਗੀਰਾਂ ਲਈ ਮੁਸੀਬਤ ਬਣੇ ਹੋਏ ਹਨ। ਇਨ੍ਹਾਂ ਦੁਕਾਨਦਾਰਾਂ ਵੱਲੋਂ ਕਬਾੜ ਲੋਡ ਕਰਨ ਲਈ ਵਾਹਨਾਂ ਨੂੰ ਕਈ ਕਈ ਘੰਟੇ ਸੜਕ ’ਤੇ ਖੜ੍ਹਾ ਕੀਤਾ ਜਾਂਦਾ ਹੈ ਅਤੇ ਇਸ ਦੌਰਾਨ ਸੜਕ ਤੋਂ ਲੰਘਣ ਵਾਲੇ ਵਾਹਨ ਚਲਾਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਦੁਕਾਨਦਾਰਾਂ ਨੇ ਸੜਕ ਕੰਢੇ ਫੁਟਪਾਥ ’ਤੇ ਸਾਮਾਨ ਰੱਖਿਆ ਹੋਇਆ ਹੈ, ਜਿਸ ਕਾਰਨ ਪੈਦਲ ਲੰਘਣ ਲਈ ਥਾਂ ਹੀ ਨਹੀਂ ਬਚਦੀ। ਮਨੀਮਾਜਰਾ ਮੋਟਰ ਮਾਰਕੀਟ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮਾਰਕੀਟ ਵਿੱਚ ਸੜਕ ’ਤੇ ਖੜ੍ਹੇ ਕਿਸੇ ਵੀ ਵਾਹਨ ਦਾ ਟ੍ਰੈਫਿਕ ਪੁਲੀਸ ਵਲੋਂ ਚਲਾਨ ਕੱਟ ਦਿੱਤਾ ਜਾਂਦਾ ਹੈ ਪਰ ਚੰਡੀਗੜ੍ਹ ਨਗਰ ਨਿਗਮ ਵਲੋਂ ਊਪਰੋਕਤ ਦੁਕਾਨਦਾਰਾਂ ਖ਼ਿਲਾਫ਼ ਕਥਿਤ ਤੌਰ ’ਤੇ ਕਾਰਵਾਈ ਨਹੀਂ ਕੀਤੀ ਜਾਂਦੀ ਹੈ। ਇਸੇ ਦੌਰਾਨ ਮਨੀਮਾਜਰਾ ਦੇ ਵਸਨੀਕਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਕਸਬੇ ਵਿੱਚੋਂ ਨਾਜਾਇਜ਼ ਕਬਜ਼ਿਆਂ ਨੂੰ ਜਲਦ ਹਟਾਇਆ ਜਾਵੇ।
ਜੁਆਇੰਟ ਕਮਿਸ਼ਨਰ ਨੇ ਮਾਮਲੇ ਤੋਂ ਅਣਜਾਣਤਾ ਪ੍ਰਗਟਾਈ
ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਅਤੇ ਐਨਫੋਰਸਮੈਂਟ ਵਿੰਗ ਦੇ ਮੁਖੀ ਸੌਰਭ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਕਬਜ਼ਿਆਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਗੈਰਕਾਨੂੰਨੀ ਕਬਜ਼ਿਆਂ ਖ਼ਿਲਾਫ਼ ਇੰਸਪੈਕਟਰ ਦੀ ਨਿਗਰਾਨੀ ਹੇਠ ਬਣਾਈਆਂ ਗਈਆਂ ਟੀਮਾਂ ਨਜ਼ਰ ਰੱਖਦੀਆਂ ਹਨ। ਊਨ੍ਹਾਂ ਕਿਹਾ ਕਿ ਗੈਰਕਾਨੂੰਨੀ ਕਬਜ਼ਿਆਂ ਨੂੰ ਚੈੱਕ ਕਰਵਾ ਕੇ ਕਾਰਵਾਈ ਕੀਤੀ ਜਾਵੇਗਾ। ਅਧਿਕਾਰੀ ਨੇ ਕਿਹਾ ਕਿ ਸ਼ਹਿਰ ਵਿੱਚ ਗੈਰਕਾਨੂੰਨੀ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ।