ਆਤਿਸ਼ ਗੁਪਤਾ
ਚੰਡੀਗੜ੍ਹ, 17 ਜੁਲਾਈ
ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਕੀਤੇ ਜਾ ਰਹੇ ਵਿਰੋਧ ਦਾ ਸੇਕ ਚੰਡੀਗੜ੍ਹ ਵੀ ਪਹੁੰਚ ਗਿਆ ਹੈ। ਚੰਡੀਗੜ੍ਹ ਦੇ ਸੈਕਟਰ-48 ਵਿੱਚ ਕਿਸਾਨਾਂ ਨੇ ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾਏ ਅਤੇ ਪਾਰਟੀ ਦੇ ਸੀਨੀਅਰ ਆਗੂ ਸੰਜੈ ਟੰਡਨ, ਚੰਡੀਗੜ੍ਹ ਦੇ ਮੇਅਰ ਰਵੀਕਾਂਤ ਸ਼ਰਮਾ ਅਤੇ ਹੋਰ ਆਗੂਆਂ ਦੀਆਂ ਗੱਡੀਆਂ ਦੇ ਸੀਸ਼ੇ ਭੰਨ ਦਿੱਤੇ। ਕਿਸਾਨਾਂ ਦੇ ਵਿਰੋਧ ਦੌਰਾਨ ਪੁਲੀਸ ਨੇ ਭਾਜਪਾ ਆਗੂਆਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ। ਇਸ ਦੌਰਾਨ ਪੁਲੀਸ ਨੇ 13 ਸਾਲ ਦੇ ਬੱਚੇ ਸਣੇ ਤਿੰਨ ਦਰਜਨ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਪਰ ਕਿਸਾਨਾਂ ਦੇ ਦਬਾਅ ਹੇਠ ਉਨ੍ਹਾਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਸੈਕਟਰ-48 ਦੀ ਮੋਟਰ ਮਾਰਕਿਟ ਵਿੱਚ ਸਮਾਗਮ ਰੱਖਿਆ ਗਿਆ ਸੀ ਜਿਸ ਵਿੱਚ ਸੰਜੈ ਟੰਡਨ, ਮੇਅਰ ਰਵੀਕਾਂਤ ਸ਼ਰਮਾ ਅਤੇ ਹੋਰ ਆਗੂ ਪਹੁੰਚੇ ਹੋਏ ਸਨ। ਭਾਜਪਾ ਦੇ ਸਮਾਗਮ ਦਾ ਕਿਸਾਨ ਆਗੂਆਂ ਨੇ ਪਹਿਲਾਂ ਹੀ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਸੀ। ਪੁਲੀਸ ਨੇ ਸਖਤ ਸੁਰੱਖਿਆ ਪ੍ਰਬੰਧ ਕਰਦਿਆਂ ਇਲਾਕੇ ਦੀ ਬੈਰੀਕੇਡਿੰਗ ਕੀਤੀ ਹੋਈ ਸੀ। ਭਾਜਪਾ ਆਗੂਆਂ ਦਾ ਵਿਰੋਧ ਕਰਨ ਲਈ ਸਵੇਰੇ ਤੋਂ ਹੀ ਕਿਸਾਨ ਉਥੇ ਪਹੁੰਚਣੇ ਸ਼ੁਰੂ ਹੋ ਗਏ ਸਨ। ਕਿਸਾਨਾਂ ਨੇ ਪਹਿਲਾਂ ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾਏ। ਸਮਾਗਮ ਦੇ ਖ਼ਤਮ ਹੋਣ ’ਤੇ ਕਿਸਾਨਾਂ ਨੇ ਪੁਲੀਸ ਦੇ ਬੈਰੀਕੇਡ ਤੋੜ ਕੇ ਭਾਜਪਾ ਆਗੂਆਂ ਦੀਆਂ ਗੱਡੀਆਂ ਦਾ ਘਿਰਾਓ ਕੀਤਾ। ਇਸ ਦੌਰਾਨ ਅਚਾਨਕ ਗੱਡੀਆਂ ’ਤੇ ਪਥਰਾਅ ਹੋ ਗਿਆ ਅਤੇ ਸੰਜੈ ਟੰਡਨ, ਮੇਅਰ ਰਵੀਕਾਂਤ ਸ਼ਰਮਾ ਅਤੇ ਹੋਰ ਆਗੂਆਂ ਦੀ ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ ਗਏ। ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ’ਤੇ ਲਾਠੀਚਾਰਜ ਕਰਕੇ 13 ਸਾਲ ਦੇ ਬੱਚੇ ਸਣੇ ਤਿੰਨ ਦਰਜਨ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਸੈਕਟਰ-49 ਅਤੇ 31 ਦੇ ਥਾਣੇ ਵਿੱਚ ਭੇਜਿਆ ਗਿਆ। ਪੁਲੀਸ ਦੀ ਕਾਰਵਾਈ ਤੋਂ ਗੁੱਸੇ ’ਚ ਆਏ ਕਿਸਾਨਾਂ ਨੇ ਥਾਣਾ ਸੈਕਟਰ-31 ਦਾ ਘਿਰਾਓ ਕੀਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਸਿੰਘ ਚਹਿਲ ਮੌਕੇ ’ਤੇ ਪਹੁੰਚੇ ਜਿਨ੍ਹਾਂ ਥਾਣੇ ਦੇ ਬਾਹਰੋਂ ਕਿਸਾਨਾਂ ਨੂੰ ਹਟਾਉਣ ਦੇ ਆਦੇਸ਼ ਦਿੱਤੇ। ਇਸ ਤੋਂ ਬਾਅਦ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਮੁੜ ਲਾਠੀਚਾਰਜ ਕਰਕੇ ਰਾਹ ਖਾਲੀ ਕਰਵਾਇਆ ਗਿਆ। ਕਿਸਾਨਾਂ ਨੇ ਦੇਰ ਸ਼ਾਮ ਸੈਕਟਰ-31 ਵਿੱਚ ਜਪਾਨੀ ਗਾਰਡਨ ਮੂਹਰੇ ਵੀ ਧਰਨਾ ਦਿੱਤਾ। ਪੁਲੀਸ ਨੇ ਭਾਜਪਾ ਆਗੂਆਂ ਦੀ ਸ਼ਿਕਾਇਤ ’ਤੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਭਾਜਪਾ ਦੇ ਸੀਨੀਅਰ ਆਗੂ ਸੰਜੈ ਟੰਡਨ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨ ਦਾ ਹਰ ਕਿਸੇ ਨੂੰ ਹੱਕ ਹੈ ਅਤੇ ਉਹ ਸ਼ਾਂਤਮਈ ਵਿਰੋਧ ਕਰ ਸਕਦੇ ਹਨ ਪਰ ਕਿਸਾਨਾਂ ਦੀ ਆੜ ਹੇਠ ਕੁਝ ਸ਼ਰਾਰਤੀ ਅਨਸਰ ਦੇਸ਼ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਉਨ੍ਹਾਂ ਪੁਲੀਸ ਤੋਂ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੀ ਆੜ ਵਿੱਚ ਸਮਾਜ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਭਾਜਪਾ ਆਗੂਆਂ ’ਤੇ ਹੋਏ ਹਮਲੇ ਨੂੰ ਭਾਜਪਾ ਦੀ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਵੱਲੋਂ ਕਿਸੇ ਵੀ ਥਾਂ ’ਤੇ ਹਿੰਸਕ ਘਟਨਾ ਨੂੰ ਅੰਜਾਮ ਨਹੀਂ ਦਿੱਤਾ ਜਾ ਰਿਹਾ ਹੈ। ਸ੍ਰੀ ਚੜੂਨੀ ਨੇ ਕਿਹਾ ਕਿ ਕਾਰ ’ਤੇ ਹਮਲਾ ਕਰਨ ਵਾਲੇ ਦੀ ਸ਼ਨਾਖਤ ਕਰਕੇ ਪੁਲੀਸ ਕਾਨੂੰਨੀ ਕਾਰਵਾਈ ਕਰੇ।