ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਸਤੰਬਰ
ਚੰਡੀਗੜ੍ਹ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੇ ਇੰਚਾਰਜ ਅਸ਼ੋਕ ਪਰਨਾਮੀ ਤਿੰਨ ਦਿਨਾਂ ਦੌਰੇ ’ਤੇ ਚੰਡੀਗੜ੍ਹ ਪਹੁੰਚੇ ਹਨ। ਉਨ੍ਹਾਂ ਨੇ ਅੱਜ ਸੈਕਟਰ-37 ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕੀਤੀ। ਇਸ ਮੌਕੇ ਅਸ਼ੋਕ ਪਰਨਾਮੀ ਨੇ ਕਿਹਾ ਕਿ ਭਾਜਪਾ ਦੁਨੀਆਂ ਦੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਹੈ ਜਿਸ ਦੇ ਸਭ ਤੋਂ ਵੱਧ ਮੈਂਬਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਭਾਜਪਾ ਵੱਲੋਂ ਘਰ-ਘਰ ਪਹੁੰਚ ਕੇ ਹੋਰ ਲੋਕਾਂ ਨੂੰ ਵੀ ਪਾਰਟੀ ਦੇ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪਿਛਲੇ 10 ਸਾਲਾਂ ਦੌਰਾਨ ਦੇਸ਼ ਹਿੱਤ ਵਿੱਚ ਇਤਿਹਾਸਕ ਕੰਮ ਕੀਤੇ ਹਨ। ਇਸ ਕਰ ਕੇ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੂੰ ਦੁਨੀਆਂ ਦੀ ਤੀਜੀ ਸਭ ਤੋਂ ਮਜ਼ਬੂਤ ਅਰਥ-ਵਿਵਸਥਾ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ।
ਸ੍ਰੀ ਪਰਨਾਮੀ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਭਾਜਪਾ ਨਾਲ 35 ਹਜ਼ਾਰ ਦੇ ਕਰੀਬ ਮੈਂਬਰ ਜੁੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਚੰਡੀਗੜ੍ਹ ਦੇ ਹਰ ਬੂਥ 200 ਮੈਂਬਰ ਬਣਾਉਣ ਦਾ ਟੀਚਾ ਮਿਥਿਆ ਹੈ। ਇਸੇ ਲਈ ਭਾਜਪਾ ਆਗੂਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲੋਕਾਂ ਦੇ ਘਰ-ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸ ਦੌਰਾਨ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ, ਉੱਥੇ ਹੀ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਵੀ ਜਾ ਰਿਹਾ ਹੈ।
ਇਸ ਮੌਕੇ ਰਾਮਬੀਰ ਭੱਟੀ, ਸੰਜੀਵ ਰਾਣਾ, ਰਵੀ ਰਾਵਤ, ਸੰਜੈ ਅਗਰਵਾਲ, ਕ੍ਰਿਸ਼ਨ ਕਾਂਤ, ਸੰਜੈ ਬਜਾਜ, ਦਵਿੰਦਰ ਚੌਧਰੀ, ਸ਼ਸ਼ੀ ਕਾਲੀਆ ਸਣੇ ਵੱਡੀ ਗਿਣਤੀ ਭਾਜਪਾ ਆਗੂ ਮੌਜੂਦ ਰਹੇ।