ਆਤਿਸ਼ ਗੁਪਤਾ
ਚੰਡੀਗੜ੍ਹ, 8 ਨਵੰਬਰ
ਕੇਂਦਰੀ ਬਿਜਲੀ ਤੇ ਘਰੇਲੂ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਖੱਟਰ ਨੇ ਹਿਮਾਚਲ ਪ੍ਰਦੇਸ਼, ਪੰਜਾਬ ਤੇ ਹਰਿਆਣਾ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਸ਼ਹਿਰੀ ਵਿਕਾਸ ਤੇ ਊਰਜਾ ਨਾਲ ਸਬੰਧਤ ਮਾਮਲਿਆਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਸਣੇ ਹੋਰਨਾਂ ਅਧਿਕਾਰੀਆਂ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦੀ ਰਿਪੋਰਟ ਪੇਸ਼ ਕੀਤੀ ਗਈ। ਇਸ ਦੌਰਾਨ ਅਧਿਕਾਰੀਆਂ ਨੇ ਕੇਂਦਰੀ ਮੰਤਰੀ ਨਾਲ ਸ਼ਹਿਰ ਵਿੱਚ ਮੈਟਰੋ ਲਿਆਉਣ ਬਾਰੇ ਗੱਲਬਾਤ ਕੀਤੀ। ਕੇਂਦਰੀ ਮੰਤਰੀ ਨੇ ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੈਟਰੋ ਰੇਲ ਪ੍ਰਾਜੈਕਟ ਨਾਲ ਸਬੰਧਤ ਵਿਸਥਾਰਤ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੈਟਰੋ ਪ੍ਰਾਜੈਕਟ ਦੇ ਨਾਲ-ਨਾਲ ਸਵਾਰੀਆਂ ਦੀ ਗਿਣਤੀ ਵੱਲ ਵੀ ਧਿਆਨ ਕੇਂਦਰਿਤ ਕੀਤਾ ਜਾਵੇ। ਜੇ ਸ਼ਹਿਰ ਵਿੱਚ ਸਵਾਰੀਆਂ ਦੀ ਗਿਣਤੀ ਘਟਦੀ ਹੈ ਤਾਂ ਚੰਡੀਗੜ੍ਹ ਵਿੱਚ ਛੋਟੇ ਪਿੱਲਰਾਂ ’ਤੇ ਚੱਲਣ ਵਾਲੀ ‘ਪੌਡ ਟੈਕਸੀ’ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਇਸ ਵਿੱਚ ਇਕ ਸਮੇਂ ਦੌਰਾਨ 8-10 ਸਵਾਰੀਆਂ ਸਫ਼ਰ ਕਰ ਸਕਦੀਆਂ ਹਨ।
ਸ੍ਰੀ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਆਵਾਜਾਈ ਸਮੱਸਿਆ ਦੇ ਹੱਲ ਦੇ ਨਾਲ-ਨਾਲ ਸ਼ਹਿਰ ਦੀ ਵਿਰਾਸਤੀ ਦਿੱਖ ਨੂੰ ਸੁਰੱਖਿਅਤ ਰੱਖਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜ਼ਮੀਨਦੋਜ, ਐਲੀਵੇਟਿਡ ਜਾਂ ਮਿਕਸਡ ਮੈਟਰੋ ਸਿਸਟਮ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ, ਪਰ ਇਸ ਦੇ ਨਾਲ-ਨਾਲ ‘ਪੌਡ ਟੈਕਸੀ’ ਬਾਰੇ ਵੀ ਚਰਚਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ-ਅਨੁਕੂਲ ਆਵਾਜਾਈ ਨੂੰ ਮਜ਼ਬੂਤ ਕਰਨ ਲਈ ਪੰਜਾਬ ਵੱਲੋਂ ਪ੍ਰਸਤਾਵਿਤ ‘ਪ੍ਰਧਾਨ ਮੰਤਰੀ ਈ-ਬੱਸ ਸੇਵਾ’ ਦਾ ਦਾਇਰਾ ਚੰਡੀਗੜ੍ਹ ਤੋਂ ਵਧਾ ਕੇ ਟ੍ਰਾਈਸਿਟੀ ਤੱਕ ਕੀਤਾ ਜਾਵੇਗਾ।
ਕੇਂਦਰੀ ਮੰਤਰੀ ਨੇ ਮੀਟਿੰਗ ਵਿੱਚ ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੇ 4 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਲਈ ਅਲਾਟਮੈਂਟ ਦੇ ਮੁੱਦੇ ’ਤੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਵੱਲੋਂ ਜਲਦ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਸੈਕਟਰ-39 ਵਾਂਗ ਸੁਖਨਾ ਝੀਲ ’ਤੇ ਡੈਮੋ ਫਲੋਟਿੰਗ ਸੋਲਰ ਪਾਵਰ ਪਲਾਂਟ ਲਗਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸ਼ਹਿਰ ਵਿੱਚ ਕੂੜਾ ਪ੍ਰਬੰਧਨ ਲਈ ਪ੍ਰਾਸੈਸਿੰਗ ਤੇ ਰੀਸਾਈਕਲਿੰਗ ’ਤੇ ਜ਼ੋਰ ਦੇਣ ਦੀ ਅਪੀਲ ਕੀਤੀ।
ਲਾਲ ਡੋਰਾ ਹਟਾਉਣ ’ਤੇ ਦਿੱਤਾ ਜ਼ੋਰ
ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਹਿਰ ਦੇ ਵਿਕਾਸ ਲਈ ‘ਲਾਲ ਡੋਰਾ’ ਦੀਆਂ ਪਾਬੰਦੀਆਂ ਵਧਾਉਣ ਦੀ ਥਾਂ ‘ਲਾਲ ਡੋਰਾ’ ਹਟਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ‘ਲਾਲ ਡੋਰਾ’ ਨੂੰ ਹਟਾਉਣ ਜਾਂ ਪਾਬੰਦੀਆਂ ਵਿੱਚ ਢਿੱਲ ਦੇਣ ਲਈ ਨਿਯਮਾਂ ਵਿੱਚ ਸੋਧ ਕੀਤੀ ਜਾਣੀ ਵਧੇਰੇ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਲਾਲ ਡੋਰੇ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਜਾ ਰਹੀ ਹੈ।