ਆਤਿਸ਼ ਗੁਪਤਾ
ਚੰਡੀਗੜ੍ਹ, 2 ਜੂਨ
ਸ਼ਹਿਰ ਵਿੱਚ ਕਰੋਨਾਵਾਇਰਸ ਦੀ ਰੋਕਥਾਮ ਲਈ ਯੂਟੀ ਪ੍ਰਸ਼ਾਸਨ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਦੇ ਵੈਕਸੀਨ ਯਕੀਨੀ ਲਗਾਈ ਜਾ ਰਹੀ ਹੈ। ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਵੀਪੀ ਸਿੰਘ ਬਦਨੌਰ ਨੇ ਸ਼ਹਿਰ ਵਿਚਲੀ ਮਾਰਕੀਟ ਐਸੋਸੀਏਸ਼ਨਾਂ ਤੇ ਦੁਕਾਨਾਂ ਨੂੰ ਹਦਾਇਤ ਕੀਤੀ ਕਿ ਉਹ ਦੁਕਾਨਾਂ ’ਤੇ ਕੰਮ ਕਰਨ ਵਾਲਿਆਂ ਦੇ ਵੈਕਸੀਨ ਯਕੀਨੀ ਲਗਵਾਉਣ। ਜਿਸ ਨਾਲ ਕਰੋਨਾਵਾਇਰਸ ਦੇ ਪਸਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵੈਂਡਰਾਂ, ਹਾਕਰਾਂ, ਟਰਾਂਸਪੋਰਟ ਮੁਲਾਜ਼ਮਾਂ ਸਣੇ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਦੇ ਵੈਕਸੀਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਪ੍ਰਸ਼ਾਸਨ ਨੇ ਕਿਹਾ ਕਿ ਦੁਕਾਨਦਾਰ ਵੱਡੀ ਗਿਣਤੀ ਵਿੱਚ ਲੋਕਾਂ ਦੇ ਸੰਪਰਕ ਵਿੱਚ ਆਉਂਦੇ ਹਨ। ਇਸ ਲਈ ਉਨ੍ਹਾਂ ਦੇ ਕਰੋਨਾ ਰੋਕੂ ਵੈਕਸੀਨ ਲੱਗਣਾ ਬਹੁਤ ਜ਼ਰੂਰੀ ਹੈ। ਡਾਇਕਰੈਕਟਰ ਸਿਹਤ ਸੇਵਾਵਾਂ ਡਾ. ਅਮਨਦੀਪ ਕੰਗ ਨੇ ਦੱਸਿਆ ਕਿ ਸ਼ਹਿਰ ਵਿੱਚ 45 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਦੇ ਬਿਨਾਂ ਕਿਸੇ ਰਜਿਸਟ੍ਰੇਸ਼ਨ ਤੋਂ ਵੈਕਸੀਨ ਲਗਾਈ ਜਾ ਰਹੀ ਹੈ। ਜਦੋਂਕਿ 18 ਸਾਲ ਤੋਂ 44 ਸਾਲ ਉਮਰ ਤੱਕ ਦੇ ਨੌਜਵਾਨਾਂ ਦੇ ਰਜਿਸਟਰੇਸ਼ਨ ਤੋਂ ਬਾਅਦ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੂਟੀ ਵਿੱਚ ਵੈਕਸੀਨ ਦੀ ਖਪਤ ਥੋੜ੍ਹੀ ਰਹਿ ਗਈ ਹੈ। ਜਿਸ ’ਤੇ ਪ੍ਰਸ਼ਾਸਕ ਨੇ ਦੱਸਿਆ ਕਿ ਇਸ ਹਫ਼ਤੇ ਵਿੱਚ 36 ਹਜ਼ਾਰ ਵੈਕਸੀਨ ਯੂਟੀ ਕੋਲ ਪਹੁੰਚ ਜਾਵੇਗੀ। ਇਸ ਮਹੀਨੇ ਇਕ ਲੱਖ ਤੋਂ ਵੱਧ ਵੈਕਸੀਨ ਪਹੁੰਚ ਜਾਵੇਗੀ।
ਪ੍ਰਸ਼ਾਸਕ ਨੇ ਸ਼ਹਿਰ ਵਿੱਚ ਫੌਜ ਦੇ ਹਸਪਤਾਲ, ਈਐੱਸਆਈ ਹਸਪਤਾਲ ਤੇ ਮਿਨੀ ਕੋਵਿਡ ਕੇਅਰ ਸੇਂਟਰਾਂ ਵਿੱਚ ਕਰੋਨਾ ਮਰੀਜ਼ਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮਾਹਿਰਾਂ ਅਨੁਸਾਰ ਤੀਜੀ ਲਹਿਰ ਬੱਚਿਆ ’ਤੇ ਵੱਧ ਅਸਰ ਕਰੇਗੀ। ਇਸ ਲਈ ਬੱਚਿਆ ਦੀ ਸਿਹਤ ਦਾ ਵਿਸ਼ੇਸ਼ ਤੌਰ ’ਤੇ ਧਿਆਨ ਦਿੱਤਾ ਜਾਵੇ। ਸ੍ਰੀ ਬਦਨੌਰ ਨੇ ਸ਼ਹਿਰ ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਣ ਯੋਜਨਾ ਅਧੀਨ ਵੰਡੇ ਜਾ ਰਹੇ ਰਾਸ਼ਨ ਦਾ ਵੀ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਹਰ ਲੋੜਵੰਦ ਤੱਕ ਯਕੀਨੀ ਰਾਸ਼ਨ ਪਹੁੰਚਾਇਆ ਜਾਵੇ। ਰਾਸ਼ਨ ਵੰਡਣ ਸਮੇਂ ਸਮਾਜਿਕ ਦੁਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਪ੍ਰਸ਼ਾਸਨਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਲੋਕਾਂ ਨੂੰ ਸਮਾਜਿਕ ਦੁਰੀ ਦੇ ਨਿਯਮਾਂ ਦੀ ਪਾਲਣਾ ਕਰਨ ਤੇ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰਨ ਲਈ ਪ੍ਰੇਰਿਆ ਗਿਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਕਰੋਨਾ ਕੇਸਾਂ ਦੀ ਗਿਣਤੀ ਨੂੰ ਵੇਖਦਿਆਂ ਅਗਾਮੀ ਦਿਨਾਂ ਵਿੱਚ ਹੋਰ ਫ਼ੈਸਲੇ ਲਏ ਜਾਣਗੇ।