ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 7 ਸਤੰਬਰ
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਮੁਹਾਲੀ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਏਡੀਸੀ ਦਮਨਜੀਤ ਮਾਨ ਨੇ ਵੱਖ-ਵੱਖ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਮੁਹਾਲੀ ਨਗਰ ਨਿਗਮ ਸਮੇਤ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਆਪੋ-ਆਪਣੇ ਇਲਾਕੇ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੱਲ ਉਚੇਚਾ ਧਿਆਨ ਦੇਣ ਅਤੇ ਪਾਣੀ ਦੀ ਸਪਲਾਈ ਲਈ ਵੱਖੋ-ਵੱਖ ਟਿਊਬਵੈੱਲ ਪ੍ਰਾਜੈਕਟ ਛੇਤੀ ਨੇਪਰੇ ਚੜ੍ਹਾਉਣ ਲਈ ਆਖਿਆ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਵਿਕਾਸ ਕੰਮਾਂ ਵਿੱਚ ਲੇਟ-ਲਤੀਫ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਏਡੀਸੀ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਸੀਵਰੇਜ ਟਰੀਟਮੈਂਟ ਪਲਾਂਟ (ਐੱਸਟੀਪੀ) ਲਗਾਉਣ ਦੀ ਪ੍ਰਕਿਰਿਆ ਜਾਰੀ ਹੈ। ਤੈਅ ਪ੍ਰਾਜੈਕਟਾਂ ਦੀ ਪੂਰਤੀ ਨਾਲ ਨਾ ਕੇਵਲ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧਨ ਹੋਵੇਗਾ ਸਗੋਂ ਹੜ੍ਹਾਂ ਵਰਗੀ ਸਥਿਤੀ ਨੂੰ ਨਜਿੱਠਣ ਵਿੱਚ ਵੀ ਮਦਦ ਮਿਲੇਗੀ। ਸੋਧਿਆ ਹੋਇਆ ਪਾਣੀ ਸਿੰਜਾਈ ਤੇ ਹੋਰਨਾਂ ਕਾਰਜਾਂ ਲਈ ਵਰਤਿਆ ਜਾਵੇਗਾ।