ਦਰਸ਼ਨ ਸਿੰਘ ਸੋਢੀ/ਸ਼ਸ਼ੀ ਪਾਲ ਜੈਨ
ਐਸ.ਏ.ਐਸ. ਨਗਰ (ਮੁਹਾਲੀ)/ਖਰੜ, 23 ਮਈ
ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਇੱਥੇ ਅੰਤਰਰਾਜੀ ਲੁਟੇਰਾ ਗਰੋਹ ਦਾ ਪਰਦਾਫਾਸ਼ ਕਰ ਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਮੋਹਿਤ ਸ਼ਰਮਾ ਵਾਸੀ ਪਿੰਡ ਅਲੀਗੜ੍ਹ (ਯੂਪੀ) ਅਤੇ ਅਜੈ ਕੁਮਾਰ ਵਾਸੀ ਪਿੰਡ ਕਰਸ਼ਿੰਦੋ (ਹਰਿਆਣਾ) ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਬੀਤੀ 4 ਮਈ ਦੀ ਦਰਮਿਆਨੀ ਰਾਤ ਨੂੰ ਸੈਂਟਰਲ ਕੋਆਪਰੇਟਿਵ ਬੈਂਕ ਘੜੂੰਆਂ ਦੀ ਕੰਧ ਨੂੰ ਪਾੜ ਲਾ ਕੇ 18,00,000 ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਹੱਲ ਕਰਨ ਦਾ ਦਾਅਵਾ ਕੀਤਾ ਹੈ।
ਐੱਸਐੱਸਪੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਦੋਵੇਂ ਮੁਲਜ਼ਮਾਂ ਨੂੰ ਰੰਧਾਵਾ ਰੋਡ ਟੀ-ਪੁਆਇੰਟ ਪੀਰ ਸੋਹਾਣਾ ਤੋਂ ਕਾਬੂ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਦੇ ਤਿੰਨ ਹੋਰ ਸਾਥੀ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪੁਲੀਸ ਨੇ ਮੁਲਜ਼ਮਾਂ ਕੋਲੋਂ ਸਪਲੈਂਡਰ ਮੋਟਰਸਾਈਕਲ, ਇੱਕ ਕਟਰ ਅਤੇ ਗਰੈਂਡਰ ਮਸ਼ੀਨ ਵੀ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਸੋਨੀ ਨੇ ਦੱਸਿਆ ਕਿ ਇਸ ਗਰੋਹ ਦੇ ਤਿੰਨ ਹੋਰ ਮੈਂਬਰ ਬੈਂਕ ਡਕੈਤੀ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਪਛਾਣ ਕਰ ਲਈ ਗਈ ਜਿਨ੍ਹਾਂ ਦੇ ਨਾਮ ਅਮਿਤ ਉਰਫ਼ ਟੋਕਨ, ਅਨਿਲ ਅਤੇ ਮੀਚੀ ਹਨ ਜੋ ਜ਼ਿਲ੍ਹਾ ਜੀਂਦ (ਹਰਿਆਣਾ) ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਪਹਿਲਾਂ ਵੀ ਵੱਖ-ਵੱਖ ਸੂਬਿਆਂ ਵਿੱਚ ਬੈਂਕ ਡਕੈਤੀਆਂ ਦੀਆਂ ਕਈ ਵਾਰਦਾਤਾ ਨੂੰ ਅੰਜਾਮ ਦੇ ਚੁੱਕੇ ਹਨ ਅਤੇ ਉਨ੍ਹਾਂ ਖ਼ਿਲਾਫ਼ ਥਾਣਿਆਂ ਵਿੱਚ ਦਰਜਨ ਤੋਂ ਵੱਧ ਅਪਰਾਧਿਕ ਕੇਸ ਦਰਜ ਹਨ।