ਮੁਕੇਸ਼ ਕੁਮਾਰ
ਚੰਡੀਗੜ੍ਹ, 16 ਨਵੰਬਰ
ਚੰਡੀਗੜ੍ਹ ਨਗਰ ਨਿਗਮ ਨੇ ਆਪਣੇ ਗਰੁੱਪ ‘ਡੀ’ ਦੇ ਸਾਰੇ ਕਰਮਚਾਰੀਆਂ ਨੂੰ ‘ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ’ (ਪੀਐੱਮਜੇਜੇਬੀਵਾਈ) ਅਤੇ ‘ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ’ (ਪੀਐੱਮਐੱਮਐੱਸਬੀਵਾਈ) ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਸ਼ਾਮਲ ਕੀਤਾ ਹੈ। ਇਸ ਸਬੰਧੀ ਅੱਜ ਇਥੇ ਸੈਕਟਰ 38 ਸਥਿਤ ਰਾਣੀ ਲਕਸ਼ਮੀ ਬਾਈ ਮਹਿਲਾ ਭਵਨ ਦੇ ਆਡੀਟੋਰੀਅਮ ਵਿੱਚ ਕਰਵਾਏ ਸਮਾਗਮ ਦੌਰਾਨ ਸ਼ਹਿਰ ਦੇ ਮੇਅਰ ਰਵੀ ਕਾਂਤ ਸ਼ਰਮਾ ਨੇ ਨਿਗਮ ਦੇ ਸੈਨੀਟੇਸ਼ਨ ਵਿੰਗ, ਪਬਲਿਕ ਹੈਲਥ ਵਿੰਗ ਅਤੇ ਬਾਗ਼ਬਾਨੀ ਵਿੰਗ ਦੇ ਲਾਭਪਾਤਰੀਆਂ ਨੂੰ ਨਾਮਜ਼ਦਗੀ ਪੱਤਰ ਵੰਡੇ। ਉਨ੍ਹਾਂ ਦੱਸਿਆ ਕਿ ਸਮੂਹ ‘ਡੀ’ ਗਰੁੱਪ ਦੇ ਕਰਮਚਾਰੀਆਂ, ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਵਾਲਿਆਂ ਅਤੇ ਆਊਟਸੋਰਸ ਗਰੁੱਪ ‘ਡੀ’ ਦੇ ਕਰਮਚਾਰੀਆਂ ਦਾ ਸਾਲਾਨਾ ਪ੍ਰੀਮੀਅਮ ਨਗਰ ਨਿਗਮ ਚੰਡੀਗੜ੍ਹ ਵੱਲੋਂ ਸਹਿਣ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕੌਂਸਲਰ ਅਰੁਣ ਸੂਦ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ, ਚੰਡੀਗੜ੍ਹ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਡਾਇਰੈਕਟਰ ਨੈਸ਼ਨਲ ਮਿਨਰਲ ਡਿਵੈਲਪਮੈਂਟ ਕਾਰਪੋਰੇਸ਼ਨ (ਐੱਨਡੀਐੱਮਸੀ) ਸੰਜੇ ਟੰਡਨ, ਹੋਰ ਕੌਂਸਲਰ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਜੂਦ ਸਨ।