ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 4 ਮਈ
ਕਰੋਨਾ ਤੋਂ ਬਚਾਅ ਤੋਂ ਲਾਏ ਲੌਕਡਾਊਨ ਦੌਰਾਨ ਬਿਨਾਂ ਕਿਸੇ ਕੰਮ ਤੋਂ ਸੜਕਾਂ ’ਤੇ ਘੁੰਮਣ ਵਾਲਿਆਂ ਖ਼ਿਲਾਫ਼ ਪੁਲੀਸ ਸਖ਼ਤ ਹੋ ਗਈ ਹੈ। ਪੁਲੀਸ ਨੇ ਅੱਜ 12 ਦੇ ਕਰੀਬ ਦੋਪਹੀਆ ਵਾਹਨਾਂ ਦੇ ਚਲਾਨ ਕੀਤੇ ਜਿਨ੍ਹਾਂ ਵਿੱਚੋਂ ਪੰਜ ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਇਸ ਦੌਰਾਨ ਪੁਲੀਸ ਨੇ ਬੁਲੇਟ ਮੋਟਰਸਾਈਕਲ ’ਤੇ ਪਟਾਕੇ ਮਾਰਨ ਵਾਲੇ ਨੌਜਵਾਨ ਦਾ ਪੰਜ ਹਜ਼ਾਰ ਰੁਪਏ ਦਾ ਚਲਾਨ ਕੱਟਿਆ ਗਿਆ। ਇਸ ਬਾਰੇ ਟਰੈਫਿਕ ਪੁਲੀਸ ਦੇ ਇੰਚਾਰਜ ਏ.ਐਸ.ਆਈ. ਜਗਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਨਾਕਾਬੰਦੀ ਕਰ ਵਾਹਨਾਂ ਦੇ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾਕਾਬੰਦੀ ਦੌਰਾਨ ਇਕ ਨੌਜਵਾਨ ਬੁਲੇਟ ਮੋਟਰਸਾਈਕਲ ’ਤੇ ਪਟਾਕੇ ਮਾਰ ਰਿਹਾ ਸੀ ਜਿਸ ਨਾਲ ਦਹਿਸ਼ਤ ਫੈਲ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਬੁਲੇਟ ਮੋਟਰਸਾਈਕਲ ਦਾ ਪੰਜ ਹਜ਼ਾਰ ਰੁਪਏ ਦਾ ਚਲਾਨ ਕੀਤਾ ਗਿਆ।